Farmers Protest: ਕਿਸਾਨਾਂ ਦੀ ਇੱਕ ਹੋਰ ਜਿੱਤ, ਖੇਤੀਬਾੜੀ ਮੰਤਰੀ ਤੋਮਰ ਦਾ ਵੱਡਾ ਐਲਾਨ
Narendra Singh Tomar: ਤੋਮਰ ਨੇ ਕਿਹਾ ਕਿ ਕਿਸਾਨਾਂ ਦੀ ਦੂਜੀ ਮੰਗ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਤੇ ਫਸਲੀ ਵਿਭਿੰਨਤਾ ’ਤੇ ਚਰਚਾ ਕੀਤੀ ਗਈ ਹੈ।
ਨਵੀਂ ਦਿੱਲੀ: ਖੇਤੀ ਕਾਨੂੰਨ ਵਾਪਸ ਲੈਣ ਤੋਂ ਮਗਰੋਂ ਮੋਦੀ ਸਰਕਾਰ ਨੇ ਕਿਸਾਨਾਂ ਦੀ ਇੱਕ ਹੋਰ ਮੰਗ ਮੰਨ ਲਈ ਹੈ। ਖੇਤੀਬਾੜੀ ਮੰਤਰੀ ਨਰੇਂਦਰ ਤੋਮਰ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਨੇ ਪਰਾਲੀ ਸਾੜਨ ਨੂੰ ਅਪਰਾਧ ਦੀ ਸ਼੍ਰੇਣੀ ਤੋਂ ਬਾਹਰ ਕਰਨ ਬਾਰੇ ਕਿਸਾਨਾਂ ਦੀ ਮੰਗ ’ਤੇ ਸਹਿਮਤੀ ਪ੍ਰਗਟਾਈ ਹੈ। ਇਸ ਦੇ ਨਾਲ ਹੀ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਬਾਰੇ ਕੇਂਦਰ ਸਰਕਾਰ ਚਰਚਾ ਕਰ ਰਹੀ ਹੈ। ਕਿਸਾਨਾਂ ਦੇ ਦਬਾਅ ਕਰਕੇ ਮੋਦੀ ਸਰਕਾਰ ਕਾਫੀ ਨਰਮ ਪੈ ਗਈ ਹੈ।
ਤੋਮਰ ਨੇ ਕਿਹਾ ਕਿ ਕਿਸਾਨਾਂ ਦੀ ਦੂਜੀ ਮੰਗ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਤੇ ਫਸਲੀ ਵਿਭਿੰਨਤਾ ’ਤੇ ਚਰਚਾ ਕੀਤੀ ਗਈ ਹੈ। 19 ਨਵੰਬਰ ਨੂੰ ਗੁਰਪੁਰਬ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਐਲਾਨੀ ਗਈ ਕਮੇਟੀ ਦੇ ਗਠਨ ਦੇ ਨਾਲ ਇਹ ਮੰਗ ਵੀ ਪੂਰੀ ਹੋਵੇਗੀ। ਮੰਤਰੀ ਨੇ ਕਿਹਾ, ‘‘ਕਿਸਾਨਾਂ ਦੀ ਮੰਗ ਪਰਾਲੀ ਸਾੜਨ ਨੂੰ ਅਪਰਾਧ ਤੋਂ ਮੁਕਤ ਕਰਨ ਦੀ ਸੀ। ਸਰਕਾਰ ਇਸ ਮੰਗ ’ਤੇ ਸਹਿਮਤ ਹੋ ਗਈ ਹੈ।’’
ਅੰਦੋਲਨ ਦੌਰਾਨ ਕਿਸਾਨਾਂ ਖ਼ਿਲਾਫ਼ ਮਾਮਲੇ ਵਾਪਸ ਲੈਣ ਦੇ ਸਬੰਧ ਵਿੱਚ ਤੋਮਰ ਨੇ ਕਿਹਾ ਕਿ ਇਹ ਸੂਬਾ ਸਰਕਾਰਾਂ ਦੇ ਅਧਿਕਾਰ ਖੇਤਰ ਵਿੱਚ ਹੈ। ਉਨ੍ਹਾਂ ਕਿਹਾ, ‘‘ਮਾਮਲਿਆਂ ਦੀ ਗੰਭੀਰਤਾ ਨੂੰ ਦੇਖਦੇ ਹੋਏ ਸੂਬਾ ਸਰਕਾਰਾਂ ਨੂੰ ਫ਼ੈਸਲਾ ਲੈਣਾ ਹੋਵੇਗਾ ਤੇ ਮੁਆਵਜ਼ੇ ਦਾ ਮੁੱਦਾ ਵੀ ਉਨ੍ਹਾਂ ਨੂੰ ਹੀ ਤੈਅ ਕਰਨਾ ਹੋਵੇਗਾ।’’ ਕੇਂਦਰੀ ਮੰਤਰੀ ਨੇ ਕਿਹਾ ਕਿ ਹਰ ਸੂਬਾ ਆਪੋ-ਆਪਣੇ ਰਾਜ ਦੇ ਕਾਨੂੰਨ ਅਨੁਸਾਰ ਫ਼ੈਸਲਾ ਲਵੇਗਾ।
ਤੋਮਰ ਨੇ ਕਿਹਾ ਕਿ ਵਿਰੋਧ ਕਰਨ ਵਾਲੇ ਕਿਸਾਨਾਂ ਨੇ ਸ਼ੁਰੂ ਵਿੱਚ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਸੀ, ਜਿਸ ਨੂੰ ਸਰਕਾਰ ਨੇ ਉਨ੍ਹਾਂ ਦੇ ਹਿੱਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਸਵੀਕਾਰ ਕੀਤਾ। ਉਨ੍ਹਾਂ ਕਿਹਾ ਕਿ ਮੰਤਰੀ ਮੰਡਲ ਨੇ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ, ਜਿਸ ਨੂੰ 29 ਨਵੰਬਰ ਨੂੰ ਸ਼ੁਰੂ ਹੋਣ ਵਾਲੇ ਸੰਸਦ ਦੇ ਆਗਾਮੀ ਸੈਸ਼ਨ ਦੀ ਸ਼ੁਰੂਆਤ ਵਿਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਕਿਸਾਨ ਹੁਣ ਅੰਦੋਲਨ ਖਤਮ ਕਰ ਦੇਣ।
ਇਹ ਵੀ ਪੜ੍ਹੋ: 'ਜੱਜਾਂ ਦੀ ਨਿਯੁਕਤ ਪ੍ਰਣਾਲੀ 'ਚ ਸੁਧਾਰ ਦੀ ਲੋੜ: ਰਾਸ਼ਟਰਪਤੀ ਕੋਵਿੰਦ
ਪੰਜਾਬੀ ‘ਚ ਤਾਜ਼ਾ ਖ਼ਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: