Stubble burning in Punjab: ਕਿਸਾਨਾਂ ਵੱਲੋਂ ਪਾਰਲੀ ਸਾੜਨਾ ਪੰਜਾਬ ਸਰਕਾਰ ਲਈ ਵੱਡੀ ਸਮੱਸਿਆ ਬਣੀ ਹੋਈ ਹੈ। ਸਰਕਾਰ ਨੇ ਐਲਾਨ ਕੀਤਾ ਹੈ ਕਿ ਕਿਸਾਨਾਂ ਖਿਲਾਫ ਕੋਈ ਸਖਤੀ ਨਹੀਂ ਕੀਤੀ ਜਾਵੇਗੀ ਪਰ ਉਨ੍ਹਾਂ ਨੂੰ ਜਾਗਰੂਕ ਕਰਕੇ ਪਰਾਲੀ ਨਾ ਸਾੜਨ ਲਈ ਪ੍ਰੇਰਿਆ ਜਾਵੇਗਾ। ਹੁਣ ਇਸ ਕੰਮ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੀ ਅੱਗੇ ਆਉਣਗੇ। ਯੂਨੀਵਰਸਿਟੀ ਦੇ ਵਿਦਿਆਰਥੀ ਪਰਾਲੀ ਨਾ ਸਾੜਨ ਦੇ ਸੁਨੇਹੇ ਨੂੰ ਪਿੰਡਾਂ ਵਿੱਚ ਲੈ ਕੇ ਜਾਣਗੇ ਤੇ ਆਮ ਲੋਕਾਂ ਖਾਸ ਕਰਕੇ ਕਿਸਾਨਾਂ ਨੂੰ ਜਾਗਰੂਕ ਕਰਨਗੇ ਕਿ ਪਰਾਲੀ ਨੂੰ ਸਾੜਨ ਨਾਲ ਪੰਜਾਬ ਦੇ ਵਾਤਾਵਰਨ ਦਾ ਖਤਰਨਾਕ ਹੱਦ ਤਕ ਨੁਕਸਾਨ ਹੋ ਰਿਹਾ ਹੈ।


ਦਰਅਸਲ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਪ੍ਰਦੂਸ਼ਣ ਮੁਕਤ ਕਰਨ ਦੇ ਉਪਰਾਲਿਆਂ ਤਹਿਤ ਵੀਰਵਾਰ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਪਰਾਲੀ ਨਾ ਸਾੜਨ ਦਾ ਸੁਨੇਹਾ ਦਿੱਤਾ ਗਿਆ। ਇਸ ਸਬੰਧੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਹਿਬ ਭਵਨ ਵਿੱਚ ਸਮਾਗਮ ਹੋਇਆ। ਇਸ ਮੌਕੇ ਫੈਸਲਾ ਹੋਇਆ ਕਿ ਯੂਨੀਵਰਸਿਟੀ ਦੇ ਵਿਦਿਆਰਥੀ ਪਰਾਲੀ ਨਾ ਸਾੜਨ ਦੇ ਸੁਨੇਹੇ ਨੂੰ ਪਿੰਡਾਂ ਵਿਚ ਲੈ ਕੇ ਜਾਣਗੇ।


ਇਸ ਦੌਰਾਨ ਬੁਲਾਰਿਆਂ ਨੇ ਪਰਾਲੀ ਸਾੜਨ ਨਾਲ ਪੰਜਾਬ ਦੇ ਵਾਤਾਵਰਨ ਦੇ ਹੋ ਰਹੇ ਨੁਕਸਾਨ ਤੋਂ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਜੇ ਪਰਾਲੀ ਨਾ ਸਾੜੀ ਜਾਵੇ ਤਾਂ ਇਸ ਨਾਲ ਜਿੱਥੇ ਪੰਜਾਬ ਪ੍ਰਦੂਸ਼ਣ ਮੁਕਤ ਹੋ ਜਾਵੇਗਾ ਤੇ ਕਿਸਾਨਾਂ ਲਈ ਕਮਾਈ ਦਾ ਇੱਕ ਹੋਰ ਸਾਧਨ ਵੀ ਬਣ ਜਾਵੇਗਾ। ਵਾਈਸ ਚਾਂਸਲਰ ਪ੍ਰੋ. ਜਸਪਾਲ ਸਿੰਘ ਦੀ ਅਗਵਾਈ ਵਿਚ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਡੀਨ ਅਕਾਦਮਿਕ ਮਾਮਲੇ ਪ੍ਰੋ. ਸਰਬਜੋਤ ਸਿੰਘ ਬਹਿਲ ਨੇ ਕਿਹਾ ਕਿ ਪਰਾਲੀ ਸਾੜਨ ਕਾਰਨ ਅੱਜ ਪੰਜਾਬ ਦੇ ਵਾਤਾਵਰਨ ਲਈ ਗੰਭੀਰ ਸੰਕਟ ਖੜ੍ਹਾ ਹੋ ਗਿਆ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਪੰਜਾਬ ਸਰਕਾਰ ਦਾ ਪਰਾਲੀ ਨਾ ਸਾੜਨ ਦਾ ਸੰਦੇਸ਼ ਘਰ-ਘਰ ਲੈ ਕੇ ਜਾਣ ਅਤੇ ਪੰਜਾਬ ਦੇ ਵਾਤਾਵਰਨ ਬਚਾਉਣ ਵਿੱਚ ਅਹਿਮ ਰੋਲ ਅਦਾ ਕਰਨ।

ਵਾਈਸ ਚਾਂਸਲਰ ਦੇ ਓਐਸਡੀ ਡਾ. ਹਰਦੀਪ ਸਿੰਘ ਨੇ ਕਿਹਾ ਕਿ ਖੇਤਾਂ ਵਿੱਚ ਪਰਾਲੀ ਨੂੰ ਸਾੜਨ ਦੀ ਥਾਂ ਜੇ ਉਸ ਨੂੰ ਸਹੀ ਤਰੀਕੇ ਨਾਲ ਸੰਭਾਲਿਆ ਜਾਵੇ ਤਾਂ ਸਨਅਤੀ ਬਾਲਣ, ਖਾਦ, ਚਾਰਾ ਜ਼ਰੀਏ ਤਬਦੀਲੀ ਲਿਆਈ ਜਾ ਸਕਦੀ ਹੈ। ਇਸ ਨਾਲ ਪੰਜਾਬ ਦਾ ਵਾਤਾਵਰਨ ਸਵੱਛ ਹੋ ਸਕਦਾ ਹੈ ਤੇ ਇਸ ਨਾਲ ਕਿਸਾਨਾਂ ਨੂੰ ਵਿੱਤੀ ਲਾਭ ਵੀ ਹੋਵੇਗਾ। ਉਨ੍ਹਾਂ ਕਿਹਾ ਕਿ ਵਾਤਾਵਰਨ ’ਚ ਫੈਲਦਾ ਜ਼ਹਿਰੀਲਾ ਪ੍ਰਦੂਸ਼ਣ ਗੰਭੀਰ ਬਿਮਾਰੀਆਂ ਫੈਲਾ ਰਿਹਾ ਹੈ। ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਡਾ. ਆਦਰਸ਼ ਪਾਲ ਵਿਗ ਨੇ ਕਿਹਾ ਕਿ ਹੁਣ ਵਿਦਿਆਰਥੀਆਂ ਦੀ ਜ਼ਿੰਮੇਵਾਰੀ ਹੈ ਕਿ ਉਹ ਇਸ ਸੰਦੇਸ਼ ਨੂੰ ਪੰਜਾਬ ਦੇ ਕੋਨੇ ਕੋਨੇ ਵਿੱਚ ਲੈ ਕੇ ਜਾਣ ਤੇ ਪੰਜਾਬ ਨੂੰ ਪ੍ਰਦੂਸ਼ਣ ਮੁਕਤ ਕਰਨ ਵਿੱਚ ਆਪਣਾ ਅਹਿਮ ਰੋਲ ਅਦਾ ਕਰਨ।