ਕਰਨਾਲ: ਖੇਤੀ ਕਾਨੂੰਨਾਂ ਦੇ ਵਿਰੋਧ ਤੋਂ ਬਾਅਦ ਹਰਿਆਣਾ ਸਰਕਾਰ ਨੂੰ ਮੰਡੀਆਂ 'ਚ ਝੋਨੇ ਦੀ ਖਰੀਦ ਨਾ ਹੋਣ ਤੇ ਕਿਸਾਨਾਂ ਦੇ ਗੁੱਸੇ ਦਾ ਸ਼ਿਕਾਰ ਹੋਣਾ ਪੈ ਰਿਹਾ ਹੈ। ਮੰਡੀਆਂ 'ਚ ਝੋਨੇ ਦੀ ਖਰੀਦ ਨਾ ਹੋਣ ਕਾਰਨ ਪਿਛਲੇ ਦੋ ਦਿਨਾਂ ਤੋਂ ਕਿਸਾਨ ਸਰਕਾਰ ਖਿਲਾਫ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਖੇਤੀ ਕਾਨੂੰਨਾਂ ਦੇ ਬਾਅਦ ਸਰਕਾਰ ਨੇ ਜੱਲਦਬਾਜ਼ੀ 'ਚ ਹਰਿਆਣਾ ਦੀਆਂ ਮੰਡੀਆਂ 'ਚ ਝੋਨੇ ਦੀ ਖਰੀਦ ਨੂੰ ਸ਼ੁਰੂ ਕਰਨ ਦਾ ਫੈਸਲਾ ਲਿਆ ਹੈ।


ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਤਿਆਰੀ ਤੋਂ ਬਿਨ੍ਹਾਂ ਕਿਸਾਨਾਂ ਦੀ ਝੋਨੇ ਦੀ ਫਸਲ ਖਰੀਦਣ ਦਾ ਫੈਸਲਾ ਹੁਣ ਸਰਕਾਰ ਦੇ ਲਈ ਮੁਸੀਬਤ ਬਣ ਗਿਆ ਹੈ। ਇਸ ਵਕਤ ਕਿਸਾਨਾਂ ਦੀ ਝੋਨੇ ਦੀ ਫਸਲ ਨੂੰ ਖਰੀਦਣ ਲਈ ਮੰਡੀਆਂ 'ਚ ਕੋਈ ਨਹੀਂ ਜਾ ਰਿਹਾ।

ਕਰਨਾਲ ਵਿੱਚ ਝੋਨੇ ਦੀ ਫਸਲ ਦੀ ਖਰੀਦਣ ਨਾ ਹੋਣ ਕਾਰਨ ਨਾਰਾਜ਼ ਕਿਸਾਨ ਤੇ ਆੜ੍ਹਤੀਆਂ ਨੇ ਅੱਜ ਗੁਰੂ ਬ੍ਰਾਹਮਾਨੰਦ ਚੌਕ ਨੂੰ ਤਕਰੀਬਨ 1 ਘੰਟੇ ਤੱਕ ਜਾਮ ਕੀਤਾ ਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਤੇ ਹਰਿਆਣਾ ਦੇ ਮੁੱਖ ਮੰਤਰੀ ਤੇ ਉਪ ਮੁੱਖ ਮੰਤਰੀ ਦਾ ਪੁਤਲਾ ਵੀ ਫੂਕਿਆ।