Barnala News - ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਮਹਿਲ ਕਲਾਂ ਵੱਲੋਂ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਮੁੱਖ ਖੇਤੀਬਾੜੀ ਅਫ਼ਸਰ ਬਰਨਾਲਾ ਡਾ. ਜਗਦੀਸ਼ ਸਿੰਘ ਦੀ ਯੋਗ ਅਗਵਾਈ ਤਹਿਤ ਪਿੰਡ ਚੰਨਣਵਾਲ ਦੇ ਕਿਸਾਨਾਂ ਨੂੰ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਜਾਗਰੂਕ ਕੀਤਾ ਗਿਆ।
ਇਸ ਸਮੇਂ ਡਾ. ਜਗਦੀਸ਼ ਸਿੰਘ ਮੁੱਖ ਖੇਤੀਬਾੜੀ ਅਫ਼ਸਰ, ਬਰਨਾਲਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਜਿੱਥੇ ਅਸੀਂ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾ ਕੇ ਵਾਤਾਵਰਨ ਨੂੰ ਪ੍ਰਦੂਸ਼ਿਤ ਕਰ ਰਹੇ ਹਾਂ, ਉੱਥੇ ਧਰਤੀ ਦੀ ਉਪਜਾਊ ਸ਼ਕਤੀ ਅਤੇ ਮਿੱਤਰ ਕੀੜੇ ਵੀ ਮਾਰ ਰਹੇ ਹਾਂ।
ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਹੀ ਵਾਹ ਕੇ ਨਵੀਆਂ ਤਕਨੀਕਾਂ (ਹੈਪੀਸੀਡਰ, ਸੁਪਰਸੀਡਰ, ਸਰਫੇਸ ਸੀਡਰ ਆਦਿ) ਨਾਲ ਹੀ ਕਣਕ ਦੀ ਬਿਜਾਈ ਕੀਤੀ ਜਾਵੇ ਤਾਂ ਜੋ ਆਉਣ ਵਾਲੀਆਂ ਨਸਲਾਂ ਲਈ ਸ਼ੁੱਧ ਵਾਤਾਵਰਨ ਪ੍ਰਦਾਨ ਕੀਤਾ ਜਾ ਸਕੇ। ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸਾਨ ਖੇਤ ਦੀ ਪਰਾਲੀ ਨੂੰ ਬੇਲਰ ਰਾਹੀਂ ਗੰਢਾਂ ਬਣਾਕੇ ਜਾਂ ਤੂੜੀ ਬਣਾ ਕੇ ਵਪਾਰੀਆਂ ਨੂੰ ਵੇਚ ਸਕਦੇ ਹਨ।
ਇਸ ਦੌਰਾਨ ਖੇਤੀਬਾੜੀ ਵਿਕਾਸ ਅਫਸਰ ਡਾ. ਜਸਮੀਨ ਸਿੰਘ ਸਿੱਧੂ ਨੇ ਹਾੜ੍ਹੀ ਦੀਆਂ ਫ਼ਸਲਾਂ ਦੀ ਕਾਸ਼ਤ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਖੇਤੀਬਾੜੀ ਯੂਨੀਵਰਿਸਟੀ ਵਲੋਂ ਸਿਫਾਰਸ਼ ਕੀਤੀਆਂ ਗਈਆਂ ਕਣਕ ਦੀਆਂ ਕਿਸਮਾਂ, ਖੁਰਾਕੀ ਤੱਤ, ਕੀੜੇ- ਮਕੌੜੇ ਅਤੇ ਬਿਮਾਰੀਆਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।
ਉਨ੍ਹਾਂ ਕਿਹਾ ਕਿ ਜੇਕਰ ਕਿਸਾਨ ਇੱਕ ਏਕੜ ਵਿੱਚੋਂ ਪੈਦਾ ਹੋਈ ਪਰਾਲੀ ਨੂੰ ਆਪਣੇ ਖੇਤ ਵਿੱਚ ਹੀ ਵਾਹੁੰਦਾ ਹੈ ਤਾਂ ਕਿਸਾਨ ਦਾ ਪ੍ਰਤੀ ਏਕੜ 4000 ਤੋਂ 5000 ਖਰਚਾ ਵੀ ਘਟੇਗਾ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਵੀ ਹੋਵੇਗਾ। ਉਨ੍ਹਾਂ ਕਣਕ ਦੇ ਮੁੱਖ ਦੁਸ਼ਮਣ ਗੁੱਲੀ ਡੰਡੇ ਅਤੇ ਉਸਦੀ ਰੋਕਥਾਮ ਲਈ ਸਿਫਾਰਸ਼ ਕੀਤੇ ਗਏ ਨਦੀਨ-ਨਾਸ਼ਕਾਂ ਬਾਰੇ ਜਾਣਕਾਰੀ ਮੁਹੱਈਆ ਕਰਵਾਈ।
ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਸੀ.ਆਰ. ਐੱਮ. ਸਕੀਮ ਅਧੀਨ ਕਿਸਾਨਾਂ ਨੂੰ ਸਬਸਿਡੀ ਉੱਪਰ ਪਰਾਲੀ ਸਾਂਭਣ ਵਾਲੀਆਂ ਵੱਖ- ਵੱਖ ਮਸ਼ੀਨਾਂ ਦਿੱਤੀਆਂ ਜਾਂਦੀਆਂ ਹਨ, ਜਿਨ੍ਹਾਂ ਦਾ ਕਿਸਾਨ ਭਰਪੂਰ ਲਾਭ ਲੈ ਸਕਦੇ ਹਨ।
ਇਸ ਸਮੇਂ ਡਾ. ਪਰਮਿੰਦਰ ਸਿੰਘ ਭੂਮੀ ਰੱਖਿਆ ਅਫ਼ਸਰ, ਮਹਿਲ ਕਲਾਂ ਨੇ ਪਾਣੀ ਦੀ ਬੱਚਤ ਕਰਨ ਲਈ ਖੇਤਾਂ ਵਿੱਚ ਫੁਹਾਰਾ ਅਤੇ ਤੁਪਕਾ ਸਿੰਚਾਈ ਰਾਹੀਂ ਪਾਣੀ ਲਾਉਣ ਦੀ ਅਪੀਲ ਕੀਤੀ ਅਤੇ ਭੂਮੀ ਰੱਖਿਆ ਵਿਭਾਗ ਦੀਆਂ ਸਕੀਮਾਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਧਰਤੀ ਹੇਠਲੇ ਪਾਣੀ ਦੇ ਘੱਟ ਰਹੇ ਪੱਧਰ ਬਾਰੇ ਕਿਸਾਨਾਂ ਨੂੰ ਜਾਗਰੂਕ ਕੀਤਾ।