Agriculture News: ਪੰਜਾਬ ਦੇ ਕਿਸਾਨ ਕੱਲ੍ਹ ਤੱਕ ਮੰਡੀਆਂ ਵਿੱਚ ਕਣਕ ਵੇਚ ਸਕਦੇ ਹਨ। ਸੂਬੇ ਵਿੱਚ 25 ਮਈ ਤੋਂ ਕਣਕ ਦੀ ਖ਼ਰੀਦ ਬੰਦ ਹੋ ਰਹੀ ਹੈ। ਇਹ ਐਲਾਨ ਪੰਜਾਬ ਦੇ ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸੂਬੇ ਭਰ ਦੀਆਂ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦਾ ਕੰਮ 25 ਮਈ ਤੋਂ ਬੰਦ ਹੋ ਜਾਏਗਾ। 



ਕਟਾਰੂਚੱਕ ਨੇ ਇਹ ਐਲਾਨ ਸੂਬੇ ਦੀਆਂ ਮੰਡੀਆਂ ਵਿੱਚ ਖ਼ਰੀਦ ਸਬੰਧੀ ਕਾਰਜਾਂ ਦੇ ਸਮਾਪਤੀ ਦਾ ਨਿਰੀਖਣ ਕਰਨ ਉਪਰੰਤ ਕੀਤਾ। ਉਨ੍ਹਾਂ ਨੇ ਦੱਸਿਆ ਕਿ 1 ਅਪਰੈਲ ਤੋਂ ਸ਼ੁਰੂ ਹੋਏ ਮੌਜੂਦਾ ਹਾੜ੍ਹੀ ਸੀਜ਼ਨ ਦੌਰਾਨ ਸੂਬੇ ਦੀਆਂ ਮੰਡੀਆਂ ਵਿੱਚ 125.57 ਲੱਖ ਮੀਟਰਿਕ ਟਨ ਤੋਂ ਵੱਧ ਕਣਕ ਦੀ ਆਮਦ ਹੋਈ ਹੈ। ਇਸ ’ਚੋਂ ਲਗਪਗ 121.07 ਲੱਖ ਮੀਟਰਿਕ ਟਨ ਸਰਕਾਰੀ ਖ਼ਰੀਦ ਏਜੰਸੀਆਂ ਵੱਲੋਂ ਜਦਕਿ ਲਗਭਗ 4.5 ਲੱਖ ਮੀਟਰਿਕ ਟਨ ਨਿੱਜੀ ਵਪਾਰੀਆਂ ਵੱਲੋਂ ਖ਼ਰੀਦ ਕੀਤੀ ਗਈ ਹੈ। 


ਇਸ ਦੇ ਨਾਲ ਹੀ ਸੂਬੇ ਦੇ 8,09,149 ਕਿਸਾਨਾਂ ਨੂੰ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੇ 24,693 ਕਰੋੜ ਰੁਪਏ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਵਜੋਂ ਅਦਾ ਕੀਤੇ ਗਏ ਹਨ। ਕਟਾਰੂਚੱਕ ਨੇ ਕਿਹਾ ਕਿ ਸੂਬਾ ਸਰਕਾਰ ਨੇ ਮੌਜੂਦਾ ਹਾੜ੍ਹੀ ਦੇ ਸੀਜ਼ਨ ਦੌਰਾਨ ਸੂਬੇ ਵਿੱਚ 2780 ਮੰਡੀਆਂ ਨੂੰ ਕਾਰਜਸ਼ੀਲ ਕੀਤਾ ਸੀ ਪਰ 10 ਮਈ ਤੋਂ ਸੂਬੇ ਦੇ ਕੁਝ ਹਿੱਸਿਆਂ ਵਿੱਚ ਕਣਕ ਦੀ ਆਮਦ ਵਿੱਚ ਕਮੀ ਆਉਣ ਉਪਰੰਤ ਕੁਝ ਦਿਨ ਪਹਿਲਾਂ 2628 ਮੰਡੀਆਂ ਨੂੰ ਯੋਜਨਾਬੱਧ ਤਰੀਕੇ ਨਾਲ ਬੰਦ ਕਰ ਦਿੱਤਾ ਗਿਆ। 



ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਦੌਰਾਨ ਸੂਬੇ ਦੇ ਸਾਰੇ ਜ਼ਿਲ੍ਹਿਆਂ ਦੇ 152 ਮੁੱਖ ਮੰਡੀ ਯਾਰਡਾਂ ਵਿੱਚ ਕਣਕ ਦੀ ਖ਼ਰੀਦ ਕੀਤੀ ਜਾ ਰਹੀ ਹੈ। ਮੰਤਰੀ ਨੇ ਕਿਹਾ ਕਿ ਭਾਵੇਂ ਖ਼ਰੀਦ ਬੰਦ ਕਰਨ ਦੀ ਸਮਾਂ ਸੀਮਾ ਪਹਿਲਾਂ 31 ਮਈ ਰੱਖੀ ਗਈ ਸੀ। ਉਨ੍ਹਾਂ ਕਿਸਾਨਾਂ ਨੂੰ 25 ਮਈ ਤੱਕ ਸਾਰੀ ਫ਼ਸਲ ਮੰਡੀਆਂ ਵਿੱਚ ਲਿਆਉਣ ਲਈ ਵੀ ਕਿਹਾ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।