Sangrur News: ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਨੇ ਬੈਂਕ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਖੇਤੀਬਾੜੀ ਤੇ ਇਸ ਨਾਲ ਸਬੰਧਤ ਸਹਾਇਕ ਧੰਦਿਆਂ ਨੂੰ ਪ੍ਰਫ਼ੁੱਲਿਤ ਕਰਨ ਲਈ ਵੰਡੇ ਜਾਣ ਵਾਲੇ ਰਿਆਇਤੀ ਕਰਜ਼ੇ ਤਰਜੀਹ ਦੇ ਆਧਾਰ ’ਤੇ ਵੰਡੇ ਜਾਣ ਤੇ ਹਰ ਬੈਂਕ ਇਸ ਖੇਤਰ ’ਚ ਸੰਜੀਦਗੀ ਨਾਲ ਆਪਣੀ ਜ਼ਿੰਮੇਵਾਰੀ ਨਿਭਾਏ। ਡਿਪਟੀ ਕਮਿਸ਼ਨਰ ਨੇ ਇਹ ਹਦਾਇਤ ਸਥਾਨਕ ਜ਼ਿਲਾ ਪਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ’ਚ ਜ਼ਿਲ੍ਹਾ ਲੀਡ ਬੈਂਕ ਕਮੇਟੀ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਵਿੱਚ ਸਾਲ 2022-23 ਦੀ ਕਰਜ਼ਾ ਯੋਜਨਾ ਅਧੀਨ ਬੈਂਕਾਂ ਦੁਆਰਾ ਕਰਜ਼ਿਆਂ ਦੀ ਵੰਡ ਦੀ ਸਮੀਖਿਆ ਦੌਰਾਨ ਕੀਤੀ। 



ਇਸ ਮੌਕੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਕਿਹਾ ਕਿ ਸੰਗਰੂਰ ਜ਼ਿਲੇ ’ਚ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਵੀ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨਾਂ ਕਿਹਾ ਕਿ ਇਸਦੇ ਨਾਲ ਹੀ ਨਸ਼ਿਆਂ ਦੇ ਆਦੀ ਨੌਜਵਾਨਾਂ ਨੂੰ ਇਸ ਭੈੜੀ ਦਲਦਲ ’ਚੋਂ ਬਾਹਰ ਕੱਢਣ ਦੇ ਨਾਲ-ਨਾਲ ਉਨਾਂ ਨੂੰ ਵੀ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਢੁੱਕਵੀ ਕਿੱਤਾਮੁਖੀ ਸਿਖਲਾਈ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨਾਂ ਕਿਹਾ ਕਿ ਨਸ਼ੇ ਦੇ ਆਦੀ ਨੌਜਵਾਨਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਅਤੇ ਉਨਾਂ ਨੂੰ ਮੁੜ ਨਸ਼ਿਆਂ ਵੱਲ ਪਰਤਣ ਤੋਂ ਰੋਕਣ ਲਈ ਉਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣਾ ਬਹੁਤ ਜ਼ਰੂਰੀ ਹੈ ਜਿਸ ਲਈ ਜ਼ਿਲਾ ਪ੍ਰਸ਼ਾਸਨ ਵੱਲੋਂ ਉਨਾਂ ਨੂੰ ਢੁੱਕਵੀਂ ਸਿਖਲਾਈ ਦਿੱਤੀ ਜਾ ਰਹੀ ਹੈ।



ਜਤਿੰਦਰ ਜੋਰਵਾਲ ਨੇ ਕਿਹਾ ਕਿ ਸਵੈ-ਰੁਜ਼ਗਾਰ ਸ਼ੁਰੂ ਕਰਨ ਲਈ ਨੌਜਵਾਨਾਂ ਨੂੰ ਦਰਪੇਸ਼ ਮੁਸ਼ਕਲਾਂ ਦੇ ਢੁੱਕਵੇਂ ਹੱਲ ਲਈ ਵਿਭਾਗੀ ਅਧਿਕਾਰੀਆਂ ਅਤੇ ਬੈਂਕਾਂ ਦੇ ਨੁਮਾਇੰਦਿਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ। ਉਨਾਂ ਆਰਸੇਟੀ, ਰੁਜ਼ਗਾਰ ਮਿਸ਼ਨ ਆਦਿ ਦੇ ਜ਼ਿਲਾ ਮੁਖੀਆਂ ਨੂੰ ਹਦਾਇਤ ਕੀਤੀ ਕਿ ਸਵੈ-ਰੁਜ਼ਗਾਰ ਮੁਹੱਈਆ ਕਰਵਾਉਣ ਲਈ ਵੱਧ ਤੋਂ ਵੱਧ ਲੋੜਵੰਦ ਤੇ ਯੋਗ ਨੌਜਵਾਨਾਂ ਦੀ ਪਛਾਣ ਕੀਤੀ ਜਾਵੇ। 


ਉਨਾਂ ਕਿਹਾ ਕਿ ਇਨਾਂ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਦੇ ਧੰਦੇ ਸ਼ੁਰੂ ਕਰਨ ਲਈ ਸਿਖਲਾਈ ਦੇਣ ਦੇ ਨਾਲ-ਨਾਲ ਉਨਾਂ ਨੂੰ ਆਪਣਾ ਕੰਮ ਸ਼ੁਰੂ ਕਰਨ ਲਈ ਕਰਜ਼ਾ ਦਵਾਉਣਾ ਵੀ ਯਕੀਨੀ ਬਣਾਇਆ ਜਾਵੇ। ਉਨਾਂ ਕਿਹਾ ਕਿ ਸਿਖਲਾਈ ਪ੍ਰਾਪਤ ਨੌਜਵਾਨ ਵੱਲੋਂ ਆਪਣਾ ਕੰਮ ਸ਼ੁਰੂ ਕਰਨ ਤੋਂ ਬਾਅਦ ਵੀ ਉਸ ਵਿਅਕਤੀ ਨਾਲ ਤਾਲਮੇਲ ਰੱਖਿਆ ਜਾਵੇ ਅਤੇ ਲੋੜ ਪੈਣ ’ਤੇ ਉਸਦੀ ਹਰ ਸੰਭਵ ਮਦਦ ਕਰਨੀ ਵੀ ਯਕੀਨੀ ਬਣਾਈ ਜਾਵੇ।


ਇਸ ਵੱਖ-ਵੱਖ ਬੈਂਕਾਂ ਦੇ ਨੁਮਾਇੰਦਿਆਂ ਤੋਂ ਇਲਾਵਾ ਮੁੱਖ ਮੰਤਰੀ ਫੀਲਡ ਅਫ਼ਸਰ ਨਿਤੇਸ਼ ਜੈਨ, ਲੀਡ ਬੈਂਕ ਮੈਨੇਜਰ ਸੰਜੀਵ ਅਗਰਵਾਲ, ਡੀ.ਡੀ.ਐਮ. ਨਾਬਾਰਡ ਮਨੀਸ਼ ਗੁਪਤਾ, ਭਾਰਤੀ ਰਿਜ਼ਰਵ ਬੈਂਕ ਦੇ ਐਲ.ਡੀ.ਓ. ਗਰਿਮਾ ਬਸੀ, ਜੀ.ਐਮ. ਡੀ.ਆਈ.ਸੀ. ਸੁਬੋਧ ਜਿੰਦਲ, ਡਾਇਰੈਕਟਰ ਆਰਸੇਟੀ ਦਿਲੀਪ ਕੁਮਾਰ, ਐਸ.ਬੀ.ਆਈ. ਦੇ ਮੈਨੇਜਰ ਅਜੈ ਗੁਪਤਾ ਵੀ ਹਾਜ਼ਰ ਸਨ।