Farmer Protest: ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਕੇਂਦਰ ਸਰਕਾਰਾਂ ’ਤੇ ਸਾਜ਼ਿਸ਼ ਅਧੀਨ ਖੇਤੀ ਕਾਨੂੰਨਾਂ ਨੂੰ ਮੁੜ ਲਾਗੂ ਕਰਨ ਦਾ ਦੋਸ਼ ਲਾਇਆ ਹੈ। ਉਨ੍ਹਾਂ ਕਿਹਾ ਹੈ ਕਿ ਕੇਂਦਰ ਤੇ ਪੰਜਾਬ ਸਰਕਾਰ ਵੱਲੋਂ ਸਾਜ਼ਿਸ਼ ਤਹਿਤ ਰੱਦ ਕੀਤੇ ਖੇਤੀ ਕਾਨੂੰਨ ਮੁੜ ਲਾਗੂ ਕਰਨ ਦੀਆਂ ਕੋਝੀਆਂ ਚਾਲਾਂ ਚੱਲੀਆਂ ਜਾ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਇਸ ਤਹਿਤ ਹੀ ਐਫਸੀਆਈ ਵੱਲੋਂ ਕਣਕ ਦੀ ਖ਼ਰੀਦ ਲਈ ਤੈਅ ਕੀਤੇ ਗਏ ਮਾਪਦੰਡਾਂ ਨੂੰ ਸਖ਼ਤ ਕਰਕੇ ਕਿਸਾਨਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ, ਤਾਂ ਜੋ ਉਹ ਆਪਣੀ ਫ਼ਸਲ ਅਡਾਨੀ ਦੇ ਸਾਇਲੋ ਸਟੋਰ ਵਿੱਚ ਵੇਚਣ ਲਈ ਮਜਬੂਰ ਹੋ ਸਕਣ। ਉਨ੍ਹਾਂ ਕਿਹਾ ਕਿ ਸਾਜ਼ਿਸ਼ ਨਾਲ ਹੀ ਮੋਗਾ ਦੇ ਸਾਇਲੋ ਸਟੋਰ ਨੂੰ ਮੰਡੀ ਵਜੋਂ ਨੋਟੀਫਾਈਡ ਕੀਤਾ ਗਿਆ ਹੈ, ਜਿਸ ਦਾ ਮੂੰਹ ਤੋੜ ਜਵਾਬ ਦੇਣ ਲਈ ਲੋਕਾਂ ਦਾ ਜਥੇਬੰਦ ਹੋਣਾ ਬਹੁਤ ਜ਼ਰੂਰੀ ਹੈ ਕਿਉਂਕਿ ਲੋਕ ਸੰਘਰਸ਼ਾਂ ਨਾਲ ਹੀ ਹੱਕਾਂ ਦੀ ਰਾਖੀ ਕੀਤੀ ਜਾ ਸਕਦੀ ਹੈ।

ਉਨ੍ਹਾਂ ਕਿਹਾ ਕਿ ਕਿਹਾ ਕਿ ਮੋਦੀ ਸਰਕਾਰ ਬਹੁਤ ਵੱਡਾ ਭੁਲੇਖਾ ਪਾਲੀ ਬੈਠੀ ਹੈ ਕਿ ਪੰਜਾਬ ਦੀਆਂ ਕੁਝ ਜਥੇਬੰਦੀਆਂ ਦੇ ਚੋਣਾਂ ਵਾਲੇ ਪਾਸੇ ਚਲੇ ਜਾਣ ਕਾਰਨ ਅੰਦੋਲਨ ਮੱਧਮ ਪੈ ਗਿਆ ਹੈ, ਜਦਕਿ ਸੰਘਰਸ਼ ਲਈ ਡਟੀਆਂ ਕਿਸਾਨ ਜਥੇਬੰਦੀਆਂ ਨੂੰ ਅਜਿਹੀਆਂ ਗੱਲਾਂ ਨਾਲ ਕੋਈ ਫ਼ਰਕ ਨਹੀਂ ਪਵੇਗਾ। ਉਨ੍ਹਾਂ ਕਿਹਾ ਕਿ ਕਣਕ ਦੀ ਖ਼ਰੀਦ ਲਈ ਸਰਕਾਰ ਨੂੰ ਅੱਜ ਤੱਕ ਦਾ ਨੋਟਿਸ ਦਿੱਤਾ ਗਿਆ ਹੈ, ਜਿਸ ਮਗਰੋਂ ਸੰਘਰਸ਼ ਵਿੱਢਿਆ ਜਾਵੇਗਾ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਪੰਜਾਬ ਦੀਆਂ ਸਾਰੀਆਂ ਮੰਡੀਆਂ ਵਿੱਚ 15 ਅਪਰੈਲ ਤੱਕ ਕਣਕ ਦੀ ਖ਼ਰੀਦ ਸ਼ੁਰੂ ਨਾ ਕੀਤੀ ਗਈ ਤਾਂ ਸੰਘਰਸ਼ ਵਿੱਢਿਆ ਜਾਵੇਗਾ। 


ਓਧਰ ਕੇਂਦਰੀ ਖ਼ੁਰਾਕ ਮੰਤਰਾਲੇ ਦੀਆਂ ਟੀਮਾਂ ਨੇ ਪੰਜਾਬ ਦੇ ਦਰਜਨਾਂ ਖ਼ਰੀਦ ਕੇਂਦਰਾਂ ਦਾ ਦੌਰਾ ਕਰਕੇ ਕਣਕ ਦੇ ਨਮੂਨੇ ਲੈਣ ਦਾ ਕੰਮ ਨਿਬੇੜ ਲਿਆ ਹੈ। ਅੱਜ ਸਾਂਝੀ ਟੀਮ ਕਣਕ ਦੀ ਗੁਣਵੱਤਾ ਦੀ ਜਾਂਚ ਕਰੇਗੀ। ਇਸ ਸਾਂਝੀ ਟੀਮ ਵਿੱਚ ਕੇਂਦਰੀ ਖ਼ੁਰਾਕ ਮੰਤਰਾਲੇ, ਐਫਸੀਆਈ ਤੇ ਪੰਜਾਬ ਸਰਕਾਰ ਦੇ ਨੁਮਾਇੰਦੇ ਹਨ। ਸੂਤਰਾਂ ਮੁਤਾਬਕ ਕੇਂਦਰੀ ਟੀਮਾਂ ਸ਼ਨਿੱਚਰਵਾਰ ਨੂੰ ਭਾਰਤ ਸਰਕਾਰ ਨੂੰ ਆਪਣੀ ਰਿਪੋਰਟ ਦੇ ਸਕਦੀਆਂ ਹਨ ਜਿਸ ਮਗਰੋਂ ਕਣਕ ਦੀ ਵਿਕਰੀ ਲਈ ਸੁੰਗੜੇ ਦਾਣੇ ਵਿੱਚ ਛੋਟ ਦਿੱਤੀ ਜਾ ਸਕਦੀ ਹੈ।