ਜਲੰਧਰ- ਆਮ ਆਦਮੀ ਪਾਰਟੀ ਦੇ ਭੁਲੱਥ ਹਲਕੇ ਦੇ ਵਿਧਾਇਕ ਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਉਨ੍ਹਾਂ ਨੇ ਪਰਾਲੀ ਸਾੜ ਕੇ ਜਿਹੜਾ ਰੋਸ ਪ੍ਰਦਰਸ਼ਨ ਕੀਤਾ ਸੀ, ਉਹ ਬਿਲਕੁਲ ਸਹੀ ਸੀ। ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨੇ 2 ਸਾਲ ਪਹਿਲਾਂ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਬਾਰੇ ਇਕ ਕੇਸ ਵਿੱਚ ਰਾਜ ਸਰਕਾਰਾਂ ਨੂੰ ਹੁਕਮ ਦਿੱਤੇ ਸਨ ਕਿ ਕਿਸਾਨ ਪਰਾਲੀ ਨਾ ਸਾੜਨ, ਇਸ ਕੰਮ ਲਈ ਕਿਸਾਨਾਂ ਦੀ ਪਰਾਲੀ ਦੇ ਸਹੀ ਨਿਪਟਾਰੇ ਲਈ ਉਚਿਤ ਵਿਵਸਥਾ ਕੀਤੀ ਜਾਵੇ। ਕੋਰਟ ਨੇ ਵੀ ਇਸ ਬਾਰੇ ਕਿਹਾ ਸੀ ਕਿ ਕਿਸਾਨਾਂ ਨੂੰ ਇਸ ਦੀ ਉਚਿੱਤ ਟ੍ਰੈਨਿੰਗ, ਫੰਡ ਅਤੇ ਹੋਰ ਮਦਦ ਦਿੱਤੀ ਜਾਵੇ, ਪਰ ਪੰਜਾਬ ਸਰਕਾਰ ਨੇ ਅਜਿਹਾ ਕੁਝ ਨਹੀਂ ਕੀਤਾ, ਇਸ ਲਈ ਕਿਸਾਨ ਮਜਬੂਰਨ ਪਰਾਲੀ ਸਾੜ ਰਹੇ ਹਨ। ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉੱਤੇ ਹਮਲਾ ਬੋਲਦਿਆਂ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਉਨ੍ਹਾਂ ਨੇ ਪ੍ਰਾਈਵੇਟ ਸ਼ੂਗਰ ਮਿਲਾਂ ਦੇ ਮਾਲਕਾਂ ਨੂੰ ਲਾਭ ਪਹੁੰਚਾਉਣ ਲਈ ਗੰਨੇ ਦੇ ਐੱਸ ਏ ਪੀ (ਸਟੇਟ ਅਸ਼ੋਰਡ ਪਰਾਈਸ) ਨਹੀਂ ਵਧਾਇਆ। ਖਹਿਰਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਗੰਨੇ ਦੇ ਐੱਸ ਏ ਪੀ ਵਿੱਚ ਇਕ ਪੈਸੇ ਦਾ ਵੀ ਵਾਧਾ ਨਹੀਂ ਕੀਤਾ ਅਤੇ ਇਸ ਤਰ੍ਹਾਂ ਕਿਸਾਨਾਂ ਦੇ ਜ਼ਖਮਾਂ ਉੱਤੇ ਨਮਕ ਛਿੜਕਿਆ ਹੈ। ਉਨ੍ਹਾਂ ਕਿਹਾ ਕਿ ਕੈਪਟਨ ਨੇ ਨਿੱਜੀ ਸ਼ੂਗਰ ਮਿੱਲਾਂ ਦੇ ਮਾਲਕਾਂ ਨੂੰ ਖੁਸ਼ ਕਰਨ ਲਈ ਕਿਸਾਨਾਂ ਦੀਆਂ ਖੁਦਕੁਸ਼ੀਆਂ ਨੂੰ ਅੱਖੋਂ ਪਰੋਖੇ ਕੀਤਾ ਹੈ। ਉਨ੍ਹਾ ਕਿਹਾ ਕਿ ਖੰਡ ਦਾ ਭਾਅ 4,100 ਰੁਪਏ ਪ੍ਰਤੀ ਕੁਇੰਟਲ ਹੈ, ਪਰ ਗੰਨੇ ਦੇ ਭਾਅ ਵਿੱਚ ਵਾਧੇ ਲਈ ਸਰਕਾਰ ਕੁਝ ਨਹੀਂ ਕਰ ਰਹੀ, ਇਹ ਲਗਾਤਾਰ ਚੌਥਾ ਸਾਲ ਹੈ, ਜਦ ਗੰਨੇ ਦੇ ਐੱਸ ਏ ਪੀ ਵਿੱਚ ਕੋਈ ਵਾਧਾ ਨਹੀਂ ਹੋਇਆ। ਖਹਿਰਾ ਨੇ ਕਿਹਾ ਕਿ ਪ੍ਰਾਈਵੇਟ ਮਿਲਾਂ ਦੇ ਲਾਭ ਲਈ ਸਰਕਾਰੀ ਮਿਲਾਂ 150 ਕਰੋੜ ਰੁਪਏ ਦੇ ਘਾਟੇ ਵਿੱਚ ਜਾ ਰਹੀਆਂ ਹਨ।