ਮਾਨਸਾ: ਪੰਜਾਬ ਸਰਕਾਰ ਦੇ ਕਾਨੂੰਨ ਪਕੋਕਾ ਖਿਲਾਫ 16 ਫਰਵਰੀ ਨੂੰ ਬਰਨਾਲਾ ਵਿੱਚ ਮਹਾਂਰੈਲੀ ਕੀਤੀ ਜਾਣੀ ਹੈ। ਇਸ ਸਬੰਧੀ ਭਾਰਤੀ ਕਿਸਾਨ ਯੂਨੀਅਨ (ਏਕਤਾ) ਡਕੌਂਦਾ ਨੇ ਮਾਨਸਾ ਬਲਾਕ ਦੇ ਪਿੰਡ ਭੈਣੀ ਬਾਘਾ ਬੁਰਜਰਾਠੀ, ਬੁਰਜ ਢਿਲਵਾ ਉੱਭਾ ਮਲਕਪੁਰ ਖਿਆਲਾ, ਖਿਆਲਾ ਕਲਾਂ, ਖਿਆਲਾ ਖੁਰਦ, ਕੋਟਲੱਲੂ ਤੇ ਨੰਗਲ ਕਲਾਂ ਪਿੰਡਾਂ ਵਿੱਚ ਰੈਲੀਆਂ ਕੀਤੀਆਂ ਗਈਆਂ।


ਰੈਲੀਆਂ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾ ਪ੍ਰੈੱਸ ਸਕੱਤਰ ਗੋਰਾ ਸਿੰਘ ਭੈਣੀਬਾਘਾ ਤੇ ਜ਼ਿਲ੍ਹਾ ਸਕੱਤਰ ਮਹਿੰਦਰ ਸਿੰਘ ਨੇ ਕਿਹਾ ਕਿ ਸਰਕਾਰ ਤੋਂ ਹੱਕ ਮੰਗਦੇ ਕਿਸਾਨਾਂ ਮਜ਼ਦੂਰਾਂ ਨੂੰ ਦਬਾਉਣ ਲਈ ਕਾਲੇ ਕਾਨੂੰਨ ਲਿਆਏ ਜਾ ਰਹੇ ਹਨ। ਪੰਜਾਬ ਦੀਆਂ ਸੰਘਰਸ਼ਸ਼ੀਲ ਜਥੇਬੰਦੀਆਂ ਸਰਕਾਰ ਦੇ ਲੋਕ ਵਿਰੋਧੀ ਫੈਸਲਿਆਂ ਨੂੰ ਕਦੇ ਸਿਰੇ ਨਹੀਂ ਚੜ੍ਹਨ ਦੇਣਗੀਆਂ। ਸਰਕਾਰ ਦੀਆਂ ਨੀਤੀਆਂ ਕਾਰਨ ਦੇਸ਼ ਦੇ ਵੱਡੇ ਸਰਮਾਏਦਾਰਾਂ ਦੀ ਦੌਲਤ ਵਿੱਚ ਅਥਾਹ ਵਾਧਾ ਹੋਇਆ ਹੈ ਤੇ ਕਿਸਾਨ, ਮਜ਼ਦੂਰ ਹਰ ਰੋਜ਼ ਖੁਦਕੁਸ਼ੀਆਂ ਕਰ ਰਹੇ ਹਨ।

ਮਾਨਸਾ ਬਲਾਕ ਦੇ ਪ੍ਰਧਾਨ ਬਲਵਿੰਦਰ ਖਿਆਲਾਂ ਨੇ ਕਿਹਾ ਕਿ ਪੰਜਾਬ ਪੁਲਿਸ ਕੋਲ ਪਹਿਲਾਂ ਹੀ ਪੂਰੇ ਅਧਿਕਾਰ ਹੋਣ ਦੇ ਬਾਵਜੂਦ ਸਰਕਾਰ ਕਾਲੇ ਕਾਨੂੰਨਾਂ ਨੂੰ ਜਬਰੀ ਲਾਗੂ ਕਰਨਾ ਚਾਹੁੰਦੀ ਹੈ। ਕਿਸਾਨ ਜਥੇਬੰਦੀਆਂ ਲੰਮੇ ਸਮੇਂ ਤੋਂ ਸ਼ਾਂਤਮਈ ਤਰੀਕੇ ਨਾਲ ਆਪਣੀਆਂ ਹੱਕੀ ਮੰਗਾਂ ਖ਼ਾਤਰ ਧਰਨੇ ਪ੍ਰਦਰਸ਼ਨ ਕਰ ਰਹੀਆਂ ਹਨ ਪਰ ਸਰਕਾਰ ਵੱਲੋਂ ਕਿਸਾਨਾਂ ਮਜ਼ਦੂਰਾਂ ਸੰਘਰਸ਼ਾਂ ਨੂੰ ਪੰਚਕੂਲਾ ਹਿੰਸਾ ਨਾਲ ਜੋੜਿਆ ਜਾ ਰਿਹਾ ਹੈ।

ਆਗੂਆਂ ਨੇ ਕਿਸਾਨਾਂ ਮਜ਼ਦੂਰਾਂ ਨੂੰ ਅਪੀਲ ਕੀਤੀ ਕਿ ਸਰਕਾਰ ਦੀ ਅਜਿਹੀ ਵਾਅਦਾ ਖਿਲਾਫੀ ਤੇ ਲੋਕ ਮਾਰੂ ਫੈਸਲਿਆਂ ਖਿਲਾਫ 16 ਫਰਵਰੀ ਨੂੰ ਪਰਿਵਾਰਾਂ ਸਮੇਤ ਕਾਫ਼ਲੇ ਬੰਨ੍ਹ ਕੇ ਬਰਨਾਲਾ ਦੀ ਅਨਾਜ ਮੰਡੀ ਵਿੱਚ ਪਹੁੰਚਣ।