ਚੰਡੀਗੜ੍ਹ : ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਵੱਲੋਂ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਆਦਰਸ਼ ਸਕੂਲ ਹਰਦਾਸਾ ਨੂੰ ਪ੍ਰਾਈਵੇਟ ਹੱਥਾਂ ਵਿੱਚ ਜਾਣ ਤੋਂ ਬਚਾਉਣ ਲਈ ਸਕੂਲ ਦੇ ਗੇਟ ਅੱਗੇ ਧਰਨਾ ਦਿੱਤਾ ਗਿਆ। ਇਸ ਤੋਂ ਬਾਅਦ ਕਸਬਾ ਖੋਸਾ ਦਲ ਸਿੰਘ ਵਾਲਾ ਵਿੱਚ ਜ਼ੀਰਾ-ਫਿਰੋਜ਼ਪੁਰ ਮੁੱਖ ਸੜਕ ਜਾਮ ਕਰ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਕਿਸਾਨ ਯੂਨੀਅਨ ਦੇ ਸੂਬਾ ਸਕੱਤਰ ਦਲਵਿੰਦਰ ਸਿੰਘ ਸ਼ੇਰਖਾਂ , ਜ਼ੀਰਾ ਦੇ ਸੀਨੀਅਰ ਕਾਂਗਰਸੀ ਆਗੂ ਹਰਪ੍ਰੀਤ ਸਿੰਘ ਹੀਰੋ ਅਤੇ ਸਕੂਲ ਵਿੱਚ ਪੜ੍ਹਨ ਵਾਲੇ ਬੱਚਿਆਂ ਦੇ ਮਾਪਿਆਂ ਨੇ ਸਕੂਲ ਹਰਦਾਸਾ ਨੂੰ ਪ੍ਰਾਈਵੇਟ ਹੱਥਾਂ ਵਿੱਚ ਸੌਂਪਣ ਦੇ ਫ਼ੈਸਲੇ ਦੀ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਪਣੇ ਚਹੇਤਿਆਂ ਨੂੰ ਖੁਸ਼ ਕਰਨ ਲਈ ਸਕੂਲ ਵਿੱਚ ਪੜ੍ਹਦੇ 2000 ਬੱਚਿਆਂ ਦਾ ਭਵਿੱਖ ਦਾਅ ’ਤੇ ਲਾ ਰਹੀ ਹੈ। ਆਗੂਆਂ ਕਿਹਾ ਕਿ ਕਿਸੇ ਵੀ ਕੀਮਤ ’ਤੇ ਆਦਰਸ਼ ਸਕੂਲ ਹਰਦਾਸਾ ਨੂੰ ਪ੍ਰਾਈਵੇਟ ਮੈਨੇਜਮੈਂਟ ਦੇ ਹੱਥਾਂ ਵਿੱਚ ਨਹੀਂ ਜਾਣ ਦੇਣਗੇ।