ਚੰਡੀਗੜ੍ਹ: ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਪੰਜਾਬ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 18 ਅਕਤੂਬਰ ਨੂੰ ਲੁਧਿਆਣਾ ਫੇਰੀ ਦੌਰਾਨ ਕਾਲੀਆਂ ਝੰਡੀਆਂ ਦਿਖਾਈਆਂ ਜਾਣਗੀਆਂ ਅਤੇ ਪ੍ਰਧਾਨ ਮੰਤਰੀ ਦੇ ਪੁਤਲੇ ਫੂਕ ਕੇ ਪ੍ਰਦਰਸ਼ਨ ਕੀਤਾ ਜਾਵੇਗਾ।


ਜਥੇਬੰਦੀ ਦੇ ਪ੍ਰਧਾਨ ਪਿਸ਼ੌਰਾ ਸਿੰਘ ਸਿੱਧੂਪੁਰ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਨੇ 2014 ਦੀਆਂ ਲੋਕ ਸਭਾ ਚੋਣਾਂ ਦੌਰਾਨ ਸਵਾਮੀਨਾਥਨ ਦੀਆਂ ਸਿਫਾਰਿਸ਼ਾਂ ਲਾਗੂ ਕਰਕੇ ਕਿਸਾਨਾਂ ਨੂੰ ਜਿਣਸਾਂ ਦੇ ਲਾਹੇਵੰਦ ਭਾਅ ਦੇਣ ਦਾ ਐਲਾਨ ਕੀਤਾ ਸੀ ਪ੍ਰੰਤੂ ਪ੍ਰਧਾਨ ਮੰਤਰੀ ਦੀ ਕੁਰਸੀ ’ਤੇ ਬੈਠਦਿਆਂ ਹੀ ਨਰਿੰਦਰ ਮੋਦੀ ਕਿਸਾਨਾਂ ਨਾਲ ਕੀਤੇ ਵਾਅਦੇ ਤੋਂ ਮੁੱਕਰ ਗਏ ਹਨ। ਉਨ੍ਹਾਂ ਕਿਹਾ ਕਿ ਨਰਿੰਦਰ ਮੋਦੀ ਨੇ ਦੇਸ਼ ਦੇ ਕਿਸਾਨਾਂ ਨਾਲ ਵੱਡਾ ਧੋਖਾ ਕੀਤਾ ਹੈ।

ਕਿਸਾਨ ਆਗੂ ਨੇ ਪੰਜਾਬ ਦੀਆਂ ਮੰਡੀਆਂ ਵਿੱਚ ਕਿਸਾਨਾਂ ਦੀ ਖੱਜਲ-ਖੁਆਰੀ ਦਾ ਨੋਟਿਸ ਲੈਂਦਿਆਂ ਕਿਹਾ ਕਿ ਝੋਨੇ ਦੀ ਨਮੀ ਦੀ ਪ੍ਰਤੀਸ਼ਤਤਾ ਵਧਾਈ ਜਾਵੇ ਤੇ ਲਿਫਟਿੰਗ ਤੁਰੰਤ ਕਰਾਈ ਜਾਵੇ। ਸ੍ਰੀ ਸਿੱਧੂਪੁਰ ਨੇ ਚੇਤਾਵਨੀ ਦਿੱਤੀ ਕਿ ਜੇਕਰ ਝੋਨੇ ਦੀ ਖ਼ਰੀਦ ਸਬੰਧੀ ਸਮੱਸਿਆਵਾਂ ਹੱਲ ਨਾ ਹੋਈਆਂ ਤਾਂ ਸੰਘਰਸ਼ ਕੀਤਾ ਜਾਵੇਗਾ।