ਇਸ ਅੰਦੋਲਨ ਵਿੱਚ ਸ਼ਿਰਕਤ ਕਰ ਰਹੇ ਕਿਸਾਨਾਂ ਦੀਆਂ ਮੁੱਖ ਮੰਗਾਂ ਵਿੱਚੋਂ ਇੱਕ ਹੈ ਕਿ ਕਿਸਾਨੀ ਮਸਲੇ ਵੀਚਾਰਨ ਲਈ ਸੰਸਦ ਦਾ ਵਿਸ਼ੇਸ਼ ਇਜਲਾਸ ਸੱਦਿਆ ਜਾਵੇ। ਕਿਸਾਨ ਮੰਗ ਕਰ ਰਹੇ ਹਨ ਕਿ ਉਨ੍ਹਾਂ ਦੀਆਂ ਜਥੇਬੰਦੀਆਂ ਵੱਲੋਂ ਤਿਆਰ ਕੀਤੇ ਦੋ ਬਿਲਾਂ ਨੂੰ ਵੀ ਸੰਸਦ ਪਾਸ ਕਰੇ। ਪਹਿਲਾ ਬਿਲ ਕਿਸਾਨਾਂ ਦੀ ਕਰਜ਼ ਮੁਕਤੀ ਨਾਲ ਸਬੰਧਤ ਹੈ ਤੇ ਦੂਜਾ ਖੇਤੀ ਉਤਪਾਦ ਤੇ ਜਿਣਸਾਂ ਦਾ ਘੱਟੋ-ਘੱਟ ਸਮਰਥਨ ਮੁੱਲ ਮੁਹੱਈਆ ਕਰਨਾ ਯਕੀਨੀ ਬਣਾਉਣ ਨਾਲ ਸਬੰਧਤ ਹੈ। ਕਿਸਾਨਾਂ ਦਾ ਦਾਅਵਾ ਹੈ ਕਿ ਇਨ੍ਹਾਂ ਬਿਲਾਂ ਨੂੰ ਕਾਨੂੰਨ ਬਣਾ ਕੇ ਹੀ ਕਿਸਾਨਾਂ ਨੂੰ ਖੇਤੀ ਕਰਜ਼ਿਆਂ ਤੋਂ ਮੁਕਤੀ ਦਿਵਾਈ ਜਾ ਸਕਦੀ ਹੈ।
ਤਕਰੀਬਨ 200 ਕਿਸਾਨ ਜਥੇਬੰਦੀਆਂ ਤੇ 21 ਛੋਟੀਆਂ ਵੱਡੀਆਂ ਸਿਆਸੀ ਪਾਰਟੀਆਂ ਦੇ ਸਮਰਥਨ ਵੀ ਇਨ੍ਹਾਂ ਕਿਸਾਨਾਂ ਨੂੰ ਹਾਸਲ ਹੈ, ਜਿਨ੍ਹਾਂ ਵਿੱਚ ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਅਤੇ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਚੰਦਰ ਬਾਬੂ ਨਾਇਡੂ ਵੀ ਸ਼ਾਮਲ ਹਨ। ਕਮੇਟੀ ਦੇ ਕਨਵੀਨਰ ਹੰਨਾਨ ਮੋਲਾਹ ਨੇ ਦੱਸਿਆ ਕਿ ਇਹ ਅੰਦੋਲਨ ਹੁਣ ਤਕ ਦਾ ਸਭ ਤੋਂ ਵੱਡਾ ਕਿਸਾਨ ਅੰਦੋਲਨ ਹੋਵੇਗਾ।
ਖੇਤੀ ਤੇ ਕਿਸਾਨੀ ਮੁੱਦਿਆਂ ਦੇ ਮਾਹਰ ਅਤੇ ਸਵਰਾਜ ਇੰਡੀਆ ਦੇ ਮੁਖੀ ਯੋਗੇਂਦਰ ਯਾਦਵ ਦੇ ਨਾਲ-ਨਾਲ ਕਈ ਹੋਰ ਵੱਡੇ ਸਿਆਸੀ ਚਿਹਰੇ ਵੀ ਸ਼ਾਮਲ ਹੋ ਸਕਦੇ ਹਨ। ਉਨ੍ਹਾਂ ਦੇ ਸਾਥੀ ਪ੍ਰਸ਼ਾਂਤ ਭੂਸ਼ਣ ਨੇ ਦਾਅਵਾ ਕੀਤਾ ਹੈ ਕਿ ਤਕਰੀਬਨ ਇੱਕ ਲੱਖ ਕਿਸਾਨ ਇਸ ਮੁਕਤੀ ਮਾਰਚ ਵਿੱਚ ਸ਼ਾਮਲ ਹੋਣਗੇ।