ਗਗਨਦੀਪ ਸ਼ਰਮਾ
ਅੰਮ੍ਰਿਤਸਰ: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਅੱਜ ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਐਸਐਸਪੀ ਦਫ਼ਤਰ ਬਾਹਰ ਆਪਣੀਆਂ ਮੰਗਾਂ ਸਬੰਧੀ ਧਰਨਾ ਦਿੱਤਾ ਗਿਆ। ਇਸ ਵਿੱਚ ਅੰਮ੍ਰਿਤਸਰ ਜ਼ਿਲ੍ਹੇ ਦੇ ਵੱਖ-ਵੱਖ ਜ਼ੋਨਾਂ ਵਿੱਚੋਂ ਵੱਡੀ ਗਿਣਤੀ ਕਿਸਾਨ ਤੇ ਮਜ਼ਦੂਰ ਆਗੂ ਪੁੱਜੇ। ਕਿਸਾਨਾਂ ਤੇ ਮਜ਼ਦੂਰਾਂ ਵੱਲੋਂ ਕਿਸਾਨ ਆਗੂਆਂ ਉੱਪਰ ਪਿਛਲੇ ਸਮੇਂ ਵਿੱਚ ਹੋਏ ਪਰਚੇ ਰੱਦ ਕਰਵਾਉਣ ਦੀ ਮੰਗ ਰੱਖੀ ਗਈ।


ਕਿਸਾਨ ਆਗੂਆਂ ਨੇ 'ਏਬੀਪੀ ਸਾਂਝਾ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੁਲਿਸ ਵੱਲੋਂ ਝੂਠੇ ਪਰਚੇ ਕਰਕੇ ਸਰਕਾਰ ਦੇ ਇਸ਼ਾਰੇ 'ਤੇ ਕਿਸਾਨਾਂ ਨੂੰ ਡਰਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਆਪਣੇ ਹੱਕਾਂ ਲਈ ਲੜਦੀ ਰਹੇਗੀ। ਇਸ ਦੇ ਨਾਲ ਹੀ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਤੇ ਕਿਹਾ ਕਿ ਕਿਸਾਨਾਂ ਤੇ ਮਜ਼ਦੂਰਾਂ ਨੂੰ ਸਰਕਾਰਾਂ ਵੱਲੋਂ ਹਮੇਸ਼ਾਂ ਹੀ ਦਬਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਰਹੀ ਹੈ।

ਪੈਟਰੋਲ ਡੀਜ਼ਲ ਦੀਆਂ ਕੀਮਤਾਂ ਬਾਰੇ ਬੋਲਦਿਆਂ ਕਿਸਾਨ ਆਗੂ ਸਰਵਨ ਸਿੰਘ ਪੰਧੇਰ ਨੇ ਕਿਹਾ ਕਿ ਕਿਸਾਨਾਂ ਦਾ ਪਹਿਲਾਂ ਹੀ ਬੁਰਾ ਹਾਲ ਹੈ। ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਦੇ ਵਾਧੇ ਨਾਲ ਕਿਸਾਨਾਂ ਦੀ ਆਰਥਿਕਤਾ ਬੁਰੀ ਤਰ੍ਹਾਂ ਪ੍ਰਭਾਵਿਤ ਹੋਵੇਗੀ। ਕੱਚੇ ਤੇਲ ਦੀਆਂ ਕੀਮਤਾਂ ਜਿੱਥੇ ਘੱਟ ਰਹੀਆਂ ਹਨ, ਗੁਆਂਢੀ ਮੁਲਕਾਂ ਵਿੱਚ ਤੇਲ ਦੇ ਰੇਟ ਦੀਆਂ ਕੀਮਤਾਂ ਲਗਾਤਾਰ ਘੱਟ ਰਹੀਆਂ ਹਨ। ਅੰਤਰਰਾਸ਼ਟਰੀ ਮਾਰਕੀਟ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਘੱਟ ਹਨ ਪਰ ਭਾਰਤ ਸਰਕਾਰ ਵੱਲੋਂ ਕਿਸਾਨਾਂ ਨੂੰ ਜਾਣਬੁੱਝ ਕੇ ਬੋਝ ਹੇਠ ਦੱਬਿਆ ਜਾ ਰਿਹਾ ਹੈ।

ਮੰਡੀ ਬੋਰਡ ਤੇ ਹੋਰ ਸਰਕਾਰੀ ਅਦਾਰਿਆਂ ਦੇ ਕੀਤੇ ਜਾ ਰਹੇ ਨਿੱਜੀਕਰਨ ਤੇ ਸਰਵਣ ਸਿੰਘ ਪੰਧੇਰ ਨੇ ਆਖਿਆ ਕਿ ਕਿਸਾਨ ਸ਼ੁਰੂ ਤੋਂ ਹੀ ਇਸ ਦਾ ਵਿਰੋਧ ਕਰਦੇ ਰਹੇ ਹਨ। ਬਿਹਾਰ ਵਰਗੇ ਸੂਬੇ ਨੇ ਮੰਡੀ ਬੋਰਡ ਦਾ ਨਿੱਜੀਕਰਨ ਕੀਤਾ ਤਾਂ ਇਸ ਨਾਲ ਕਿਸਾਨਾਂ ਦਾ ਸਿੱਧੇ ਤੌਰ ਤੇ ਨੁਕਸਾਨ ਹੋਇਆ। ਹੁਣ ਕੇਂਦਰ ਤੇ ਪੰਜਾਬ ਸਰਕਾਰ ਵੱਲੋਂ ਪੰਜਾਬ ਮੰਡੀ ਬੋਰਡ ਦਾ ਨਿੱਜੀਕਰਨ ਕੀਤਾ ਜਾ ਰਿਹਾ ਹੈ। ਇਸ ਨਾਲ ਪੰਜਾਬ ਦੇ ਕਿਸਾਨਾਂ ਦਾ ਬਹੁਤ ਨੁਕਸਾਨ ਹੋਵੇਗਾ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਸੂਬਾ ਪੱਧਰ ਤੇ ਸੰਘਰਸ਼ ਵਿੱਢਿਆ ਜਾਵੇਗਾ। ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਤੇ ਪੰਜਾਬ ਦੇ ਸਾਰੇ ਕਿਸਾਨ, ਕਾਂਗਰਸ ਦੇ ਮੈਂਬਰ ਪਾਰਲੀਮੈਂਟਾਂ ਦੇ ਦਫ਼ਤਰਾਂ ਦੇ ਅੱਗੇ ਘਿਰਾਓ ਕੀਤਾ ਜਾਵੇਗਾ।