ਚੰਡੀਗੜ੍ਹ: ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਤਹਿਤ ਪੰਜਾਬ ਦੀਆਂ ਕਿਸਾਨ-ਜਥੇਬੰਦੀਆਂ ਵੱਲੋਂ ਵੀ ਮਜ਼ਦੂਰ ਜਥੇਬੰਦੀਆਂ ਅਤੇ ਟਰੇਡ ਯੂਨੀਅਨਾਂ ਦੇ ਸਹਿਯੋਗ ਨਾਲ ਪੰਜਾਬ ਭਰ 'ਚ 1 ਮਈ ਨੂੰ 'ਕਿਸਾਨ-ਮਜ਼ਦੂਰ ਏਕਤਾ ਦਿਵਸ' ਵਜੋਂ ਮਨਾਇਆ ਜਾਵੇਗਾ। ਜਥੇਬੰਦੀਆਂ ਨੇ ਕਿਸਾਨਾਂ-ਮਜ਼ਦੂਰਾਂ ਨੂੰ ਇਸ ਇਤਿਹਾਸਕ ਦਿਨ ਮੌਕੇ ਦਿੱਲੀ ਦੇ ਕਿਸਾਨ-ਮੋਰਚਿਆਂ 'ਤੇ ਵੱਡੀਆਂ ਗਿਣਤੀਆਂ 'ਚ ਜਾਣ ਦਾ ਸੱਦਾ ਦਿੱਤਾ ਹੈ।
ਪੰਜਾਬ ਭਰ 'ਚ ਵੀ ਵੱਖ-ਵੱਖ ਥਾਵਾਂ ਤੇ ਜਾਰੀ ਧਰਨਿਆਂ 'ਚ ਕਿਸਾਨਾਂ-ਮਜ਼ਦੂਰਾਂ ਨੂੰ ਵੱਡੀਆਂ ਗਿਣਤੀਆਂ 'ਚ ਸ਼ਮੂਲੀਅਤ ਕਰਨ ਲਈ ਜਥੇਬੰਦੀਆਂ ਵੱਲੋਂ ਸਾਂਝੀਆਂ ਮੀਟਿੰਗਾਂ ਵੀ ਕੀਤੀਆਂ ਗਈਆਂ ਹਨ।
ਸੰਯੁਕਤ ਕਿਸਾਨ ਮੋਰਚਾ ਦੇ ਲੀਡਰਾਂ ਨੇ ਕਿਹਾ ਕਿ ਕੇਂਦਰੀ ਖੇਤੀ ਕਾਨੂੰਨ ਜਿੰਨੇ ਕਿਸਾਨਾਂ ਲਈ ਮਾਰੂ ਹਨ, ਓਨੇ ਹੀ ਇਹ ਰੋਜ਼ ਕਮਾ ਕੇ ਖਾਣ ਵਾਲੇ ਮਜ਼ਦੂਰਾਂ ਦੇ ਵੀ ਵਿਰੋਧੀ ਹਨ। ਇਨ੍ਹਾਂ ਨਾਲ ਕਾਰਪੋਰੇਟਸ ਦੀ ਮਾਲਕੀ ਵਾਲੀਆਂ ਮੰਡੀਆਂ ਪੈਦਾ ਹੋਣਗੀਆਂ ਜਿਨ੍ਹਾਂ ਵਿੱਚ ਮਸ਼ੀਨਾਂ ਦੀ ਭਰਮਾਰ ਹੋਵੇਗੀ ਅਤੇ ਰੁਜ਼ਗਾਰ ਬਹੁਤ ਬੁਰੀ ਤਰ੍ਹਾਂ ਪ੍ਰਭਾਵਿਤ ਹੋਵੇਗਾ। ਹਜ਼ਾਰਾਂ ਦੀ ਗਿਣਤੀ ਵਿੱਚ ਮਜ਼ਦੂਰ ਦਿਹਾੜੀਦਾਰ, ਪੱਲੇਦਾਰ, ਰੇਹੜੀਆਂ ਫੜ੍ਹੀਆਂ ਵਾਲੇ ਅਤੇ ਚਾਹਾਂ ਦੇ ਖੋਖਿਆਂ ਵਾਲਿਆਂ ਹੱਥੋਂ ਰੁਜ਼ਗਾਰ ਖੋਹਿਆ ਜਾਵੇਗਾ।
ਆੜ੍ਹਤੀਆਂ ਦੇ ਨਾਲ ਮੁਨੀਮੀ ਕਰਦੇ ਸੈਂਕੜੇ ਨੌਜਵਾਨ ਵਿਹਲੇ ਹੋ ਜਾਣਗੇ। ਮਸ਼ੀਨਾਂ ਮਜ਼ਦੂਰਾਂ ਦਾ ਰੁਜ਼ਗਾਰ ਖੋਹ ਲੈਣਗੀਆਂ। ਵੱਡੇ ਪੱਧਰ ’ਤੇ ਘਰੇਲੂ ਉਦਯੋਗ ਤਬਾਹ ਹੋ ਜਾਣਗੇ। ਖੇਤੀ ਸੁਧਾਰ ਦੇ ਨਾਮ ’ਤੇ ਪਾਸ ਕਾਨੂੰਨ ਅਨਾਜ ਭੰਡਾਰ ਕਰਨ ਦੀ ਖੁੱਲ੍ਹ ਦਿੰਦੇ ਹਨ ਜੋ ਕਿ ਛੋਟੀ ਕਿਸਾਨੀ ਜਾਂ ਮਜ਼ਦੂਰਾਂ ਦੇ ਵੱਸ ਦੀ ਗੱਲ ਨਹੀਂ। ਇਸ ਨਾਲ ਸਿੱਧੇ ਰੂਪ ਵਿੱਚ ਅਨਾਜ ਭੰਡਾਰਾਂ ਉੱਪਰ ਮੁਨਾਫਾਖੋਰ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ ਹੋ ਜਾਵੇਗਾ। ਕਾਰਪੋਰੇਟਸ ਸਸਤੀਆਂ ਕੀਮਤਾਂ ’ਤੇ ਖਰੀਦੇ ਅਨਾਜ ਨੂੰ ਦੁਗਣੇ-ਚੌਗਣੇ ਰੇਟਾਂ ਉੱਪਰ ਵੇਚਣਗੇ। ਮਜ਼ਦੂਰਾਂ ਲਈ ਇਨ੍ਹਾਂ ਹਾਲਾਤਾਂ ਵਿਚ ਖਾਣ ਜੋਗਾ ਅਨਾਜ ਪ੍ਰਾਪਤ ਕਰਨਾ ਵੀ ਬਹੁਤ ਵੱਡੀ ਗੱਲ ਹੋ ਜਾਵੇਗੀ।
ਇਹ ਵੀ ਪੜ੍ਹੋ: COVID-19 ਰਿਲਾਇੰਸ ਫਾਉਂਡੇਸ਼ਨ ਬਣਾ ਰਹੀ 1000 ਬੈੱਡਾਂ ਵਾਲਾ ਕੋਵਿਡ ਹਸਪਤਾਲ, ਮਰੀਜ਼ਾਂ ਦਾ ਹੋਏਗਾ ਮੁਫਤ ਇਲਾਜ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904