ਬਰਨਾਲਾ: 'ਪੰਜਾਬ ਕੰਟਰੋਲ ਆਫ਼ ਆਰਗੇਨਾਈਜ਼ਡ ਕਰਾਈਮ ਐਕਟ (ਪਕੋਕਾ) ਦੇ ਵਿਰੋਧ ਵਿੱਚ ਪੰਜ ਦਰਜਨ ਜਨਤਕ ਜਥੇਬੰਦੀਆਂ ਨੇ ਅਨਾਜ ਮੰਡੀ ਬਰਨਾਲਾ ਵਿੱਚ ਮਹਾਂ ਰੈਲੀ ਕੀਤੀ। ਇਸ ਰੈਲੀ ਵਿੱਚ ਮਾਲਵਾ ਦੇ 15 ਜ਼ਿਲ੍ਹਿਆਂ ਤੋਂ ਹਜ਼ਾਰਾਂ ਦੀ ਤਾਦਾਦ 'ਚ ਕਿਸਾਨਾਂ-ਮਜਦੂਰਾਂ-ਮੁਲਾਜ਼ਮਾਂ-ਨੌਜਵਾਨਾਂ-ਵਿਦਿਆਰਥੀਆਂ ਤੇ ਜਮਹੂਰੀ ਅਧਿਕਾਰਾਂ ਲਈ ਲੜਨ ਵਾਲਿਆਂ ਨੇ ਹਿੱਸਾ ਲਿਆ।


ਇਸ ਮਹਾਂ ਰੈਲੀ ਨੂੰ ਸੰਬੋਧਨ ਕਰਦਿਆਂ ਅਵਾਮੀ ਜਥੇਬੰਦੀਆਂ ਦੇ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਹੁਣ ਕਾਂਗਰਸ ਦੀ ਅਗਵਾਈ ਵਿੱਚ ਚੱਲ ਰਹੀ ਕੈਪਟਨ ਸਰਕਾਰ 'ਪੰਜਾਬ ਕੰਟਰੋਲ ਆਫ਼ ਆਰਗੇਨਾਈਜਡ ਕਰਾਈਮ ਐਕਟ (ਪਕੋਕਾ) ਨਾਂ ਦਾ ਨਵਾਂ ਕਾਨੂੰਨ ਲਿਆ ਰਹੀ ਹੈ। ਇਹ ਕਾਨੂੰਨ ਗੈਂਗਸਟਰਾਂ ਨਾਲ ਨਜਿੱਠਣ ਦੇ ਨਾਂ ਹੇਠ ਲਿਆਂਦਾ ਜਾ ਰਿਹਾ ਹੈ ਪਰ ਅਸਲ ਵਿੱਚ ਇਹ ਬੇਇਨਸਾਫੀਆਂ, ਅੱਤਿਆਚਾਰਾਂ ਤੇ ਹਰ ਤਰ੍ਹਾਂ ਦੀ ਧੱਕੇਸ਼ਾਹੀ ਖ਼ਿਲਾਫ਼ ਸੰਘਰਸ਼ ਕਰਨ ਵਾਲੀਆਂ ਰਾਜਨੀਤਕ ਪਾਰਟੀਆਂ ਤੇ ਜਨਤਕ ਜਥੇਬੰਦੀਆਂ ਵਿਰੁੱਧ ਹੀ ਸੇਧਿਤ ਹੋਵੇਗਾ।





ਬੁਲਾਰਿਆਂ ਨੇ ਕਿਹਾ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਨੇ 'ਪੰਜਾਬ ਜਨਤਕ ਤੇ ਨਿੱਜੀ ਜਾਇਦਾਦ ਦਾ ਨੁਕਸਾਨ ਰੋਕੂ ਕਾਨੂੰਨ' ਲੋਕਾਂ ਦੇ ਸਖਤ ਵਿਰੋਧ ਦੇ ਬਾਵਜੂਦ ਬਣਾ ਲਿਆ ਸੀ। ਇਸ ਨੂੰ ਸਰਕਾਰ ਨੇ ਪੰਜਾਬ ਅਸੈਂਬਲੀ ਚੋਣਾਂ ਨੇੜੇ ਆ ਜਾਣ ਕਰਕੇ ਲਾਗੂ ਨਹੀਂ ਸੀ ਕੀਤਾ। ਉਸ ਵੇਲੇ ਕਾਂਗਰਸੀ ਲੀਡਰ ਉਸ ਕਾਨੂੰਨ ਦਾ ਵਿਰੋਧ ਕਰਨ ਦਾ ਵਿਖਾਵਾ ਵੀ ਕਰਦੇ ਸਨ ਪਰ ਆਪਣੀ ਸਰਕਾਰ ਬਣਦੇ ਸਾਰ ਹੀ ਇਹ ਕਾਨੂੰਨ ਲਾਗੂ ਕਰਕੇ ਉਨ੍ਹਾਂ ਆਪਣੇ ਹਕੀਕੀ ਲੋਕ ਵਿਰੋਧੀ ਚਿਹਰੇ ਤੋਂ ਪਰਦਾ ਹਟਾ ਦਿੱਤਾ ਹੈ।

ਇਸ ਕਾਨੂੰਨ ਨੂੰ ਪੰਜਾਬ ਦੀਆਂ ਸੱਤ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਦੇ 7 ਫਰਬਰੀ ਦੇ ਦੋ ਘੰਟੇ ਸੜਕ ਜਾਮ ਦੇ ਸੱਦੇ ਉਪਰ ਸੈਂਕੜੇ ਕਿਸਾਨਾਂ ਉੱਪਰ ਇਸੇ ਐਕਟ ਦੀ ਧਾਰਾ 283 ਤੇ 341, 188, 149 ਤਹਿਤ ਪਰਚੇ ਦਰਜ ਕਰਕੇ ਲਾਗੂ ਕਰਨਾ ਸ਼ੁਰੂ ਕਰ ਦਿੱਤਾ ਹੈ। ਅਜਿਹੇ ਕਦਮ ਆਉਣ ਵਾਲੇ ਸਮੇਂ ਵਿੱਚ ਹਰ ਸੰਘਰਸ਼ਸ਼ੀਲ ਤਬਕੇ ਖਿਲਾਫ ਚੁੱਕਣ ਲਈ ਹਾਕਮ ਰੱਸੇ ਪੈੜੇ ਵੱਟ ਰਹੇ ਹਨ।

ਉਨ੍ਹਾਂ ਕਿਹਾ ਕਿ ਇਹ ਕਾਨੂੰਨ ਮਹਾਰਾਸ਼ਟਰ ਸਰਕਾਰ ਵੱਲੋਂ ਬਣਾਏ ਮਕੋਕਾ ਕਾਨੂੰਨ ਦੀ ਤਰਜ 'ਤੇ ਹੀ ਬਣਾਇਆ ਜਾ ਰਿਹਾ ਹੈ। ਇਸ ਵਿੱਚ ਪੁਲਿਸ ਨੂੰ ਅਸੀਮਤ ਅਧਿਕਾਰ ਦਿੱਤੇ ਗਏ ਹਨ ਤੇ ਇੱਕ ਐਸ.ਪੀ. ਪੱਧਰ ਦੇ ਅਧਿਕਾਰੀ ਸਾਹਮਣੇ ਦਿੱਤੇ ਬਿਆਨ ਨੂੰ ਹੀ ਕਾਨੂੰਨੀ ਸਬੂਤ ਮੰਨ ਕੇ ਅਦਾਲਤ ਫੈਸਲਾ ਸੁਣਾਵੇਗੀ। ਇਸ ਕਾਨੂੰਨ ਵਿੱਚ ਦੋਸ਼ੀ ਮੰਨੇ ਗਏ ਵਿਅਕਤੀਆਂ ਦੀਆਂ ਜਾਇਦਾਦਾਂ ਜਬਤ ਕਰਨ, ਸਖਤ ਕੈਦ ਤੇ ਜੁਰਮਾਨੇ ਕਰਨ ਦੀਆਂ ਬਹੁਤ ਹੀ ਘਿਨਾਉਣੀਆਂ ਧਾਰਾਵਾਂ ਸ਼ਾਮਲ ਹਨ।

ਇਸ ਕਰਕੇ ਜੁਲਮ ਦਾ ਕੁਹਾੜਾ ਤੇਜ਼ ਹੋ ਜਾਣ ਤੋਂ ਬਚਣ ਲਈ ਸੰਘਰਸ਼ਸ਼ੀਲ ਲੋਕਾਂ ਨੂੰ ਸਾਂਝੇ ਸੰਘਰਸ਼ ਦੇ ਮੈਦਾਨ ਵਿੱਚ ਨਿੱਤਰ ਕੇ ਉਪਰੋਕਤ 'ਪੰਜਾਬ ਜਨਤਕ ਤੇ ਨਿੱਜੀ ਜਾਇਦਾਦ ਦਾ ਨੁਕਸਾਨ ਰੋਕੂ ਕਾਨੂੰਨ', ਪਕੋਕਾ, ਸੀ.ਆਰ.ਪੀ.ਸੀ ਦੀ ਧਾਰਾ 295 ਏ 'ਚ ਕੀਤੀ ਹਾਲੀਆ ਸੋਧ ਰੱਦ ਕਰਵਾਉਣ ਤੇ ਧਾਰਾ 144 ਤੇ ਧਾਰਾ 107/51 ਦੀ ਸ਼ਰੇਆਮ ਕੀਤੀ ਜਾ ਰਹੀ ਬੇਦਰੇਗ ਦੁਰਵਰਤੋਂ ਬੰਦ ਕਰਾਉਣ ਲਈ ਜੋਰਦਾਰ ਹੱਲਾ ਮਾਰਨ ਦਾ ਐਲਾਨ ਕੀਤਾ।



ਇਸ ਮਹਾਂ ਰੈਲੀ ਵਿੱਚ ਸ਼ਾਮਲ ਜੱਥੇਬੰਦੀਆਂ-

ਇਸ ਮਹਾਂ ਰੈਲੀ ਨੂੰ ਬੀ.ਕੇ.ਯੂ. ਏਕਤਾ (ਉਗਰਾਹਾਂ), ਬੀ.ਕੇ.ਯੂ.ਏਕਤਾ (ਡਕੌਂਦਾ), ਕਿਰਤੀ ਕਿਸਾਨ ਯੂਨੀਅਨ, ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ), ਕਿਸਾਨ ਸੰਘਰਸ਼ ਕਮੇਟੀ ਪੰਜਾਬ, ਆਜ਼ਾਦ ਕਿਸਾਨ ਸੰਘਰਸ਼ ਕਮੇਟੀ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ, ਜਮਹੂਰੀ ਕਿਸਾਨ ਸਭਾ, ਪੰਜਾਬ ਕਿਸਾਨ ਯੂਨੀਅਨ, ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ, ਪੇਂਡੂ ਮਜ਼ਦੂਰ ਯੂਨੀਅਨ ਪੰਜਾਬ, ਪੰਜਾਬ ਖੇਤ ਮਜ਼ਦੂਰ ਯੂਨੀਅਨ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ, ਦਿਹਾਤੀ ਮਜ਼ਦੂਰ ਸਭਾ, ਪੇਂਡੂ ਮਜ਼ਦੂਰ ਯੂਨੀਅਨ (ਮਸ਼ਾਲ), ਮਜ਼ਦੂਰ ਮੁਕਤੀ ਮੋਰਚਾ, ਇੰਡੀਅਨ ਫੈਡਰੇਸ਼ਨ ਆਫ਼ ਟਰੇਡ ਯੂਨੀਅਨਜ਼ (ਇਫਟੂ), ਸੀ.ਟੀ.ਯੂ. ਪੰਜਾਬ, ਕਾਰਖਾਨਾ ਮਜ਼ਦੂਰ ਯੂਨੀਅਨ, ਟੈਕਸਟਾਈਲ ਹੌਜ਼ਰੀ ਕਾਮਗਾਰ ਯੂਨੀਅਨ, ਥਰਮਲ ਕੰਟਰੈਕਟ ਵਰਕਰਜ਼ ਕੋਆਰਡੀਨੇਸ਼ਨ, ਮਜ਼ਦੂਰ ਅਧਿਕਾਰ ਸੰਘਰਸ਼ ਅਭਿਆਨ, ਮੋਲਡਰ ਐਂਡ ਸਟੀਲ ਵਰਕਰਜ਼ ਯੂਨੀਅਨ, ਥੀਨ ਡੈਮ ਵਰਕਰਜ਼ ਯੂਨੀਅਨ, ਲਾਲ ਝੰਡਾ ਪੰਜਾਬ ਭੱਠਾ ਲੇਬਰ ਯੂਨੀਅਨ, ਨੌਜਵਾਨ ਭਾਰਤ ਸਭਾ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ, ਨੌਜਵਾਨ ਭਾਰਤ ਸਭਾ, ਨੌਜਵਾਨ ਭਾਰਤ ਸਭਾ (ਅਸ਼ਵਨੀ ਘੁੱਦਾ), ਪੰਜਾਬ ਸਟੂਡੈਂਟਸ ਯੂਨੀਅਨ, ਪੰਜਾਬ ਸਟੂਡੈਂਟਸ ਫੈਡਰੇਸ਼ਨ, ਪੰਜਾਬ ਸਟੂਡੈਂਟਸ ਯੂਨੀਅਨ (ਲਲਕਾਰ), ਡੈਮੋਕਰੇਟਿਕ ਸਟੂਡੈਂਟਸ ਆਰਗੇਨਾਈਜੇਸ਼ਨ, ਇਨਕਲਾਬੀ ਨੌਜਵਾਨ ਵਿਦਿਆਰਥੀ ਮੰਚ, ਪੰਜਾਬ ਰੋਡਵੇਜ਼ ਇੰਪਲਾਈਜ਼ ਯੂਨੀਅਨ (ਆਜ਼ਾਦ), ਗੌਰਮਿੰਟ ਟੀਚਰਜ਼ ਯੂਨੀਅਨ, ਪੰਜਾਬ ਸੁਬਾਰਡੀਨੇਟ ਸਰਵਸਿਜ ਫੈਡਰੇਸ਼ਨ, ਡੈਮੋਕਰੇਟਿਕ ਮੁਲਾਜ਼ਮ ਫੈਡਰੇਸ਼ਨ, ਆਰ.ਸੀ.ਐਫ. ਇੰਪਲਾਈਜ਼ ਯੂਨੀਅਨ (ਕਪੂਰਥਲਾ), ਟੀ.ਐਸ.ਯੂ. (ਸੇਖੋਂ), ਐਸ.ਐਸ.ਏ./ਰਮਸਾ ਅਧਿਆਪਕ ਯੂਨੀਅਨ, ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ, ਪੈਪਸੀਕੋ ਇੰਡੀਆ ਹੋਲਡਿੰਗ ਵਰਕਰ ਯੂਨੀਅਨ (ਏਟਕ), ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ, ਠੇਕਾ ਮੁਲਾਜ਼ਮ ਪਾਵਰਕਾਮ ਅਤੇ ਟਰਾਂਸਕੋ ਯੂਨੀਅਨ ਪੰਜਾਬ, ਜਨਵਾਦੀ ਇਸਤਰੀ ਸਭਾ, ਇਸਤਰੀ ਜਾਗਰਿਤੀ ਮੰਚ, ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ, ਆਂਗਣਵਾੜੀ ਵਰਕਰ ਯੂਨੀਅਨ ਅਤੇ ਟੈਕਨੀਕਲ ਸਰਵਸਿਜ ਯੂਨੀਅਨ, ਜਮਹੂਰੀ ਅਧਿਕਾਰ ਸਭਾ, ਦੇਸ਼ ਭਗਤ ਯਾਦਗਾਰ ਕਮੇਟੀ ਜਲੰਧਰ, ਪੰਜਾਬ ਲੋਕ ਸੱਭਿਆਚਾਰਕ ਮੰਚ, ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸ਼ੀਏਸ਼ਨ ਪੰਜਾਬ,ਇਨਸਾਫ ਦੀ ਆਵਾਜ,ਡੀ.ਐੱਮ.ਐੱਫ,ਥਰਮਲ ਕੰਟਰੈਕਟ ਵਰਕਰ ਕੋਆਰਡੀਨੇਸ਼ਨ ਕਮੇਟੀ,ਡੀ.ਐੱਸ.ਓ.ਪਟਿਆਲਾ,ਅਸ਼ੂਲ ਮੰਚ ਪੰਜਾਬ,ਥਰਮਲ ਟੀ.ਐੱਸ.ਯੂ.ੂ,ਕ੍ਰਾਂਤੀਕਾਰੀ ਮਜਦੂਰ ਯੂਨੀਅਨ,ਇਸਤਰੀ ਮਜਦੂਰ ਸੰਗਠਨ,ਆਜਾਦ ਰੰਗ ਮੰਚ ਬਰਨਾਲਾ,ਟੀ.ਯੂ.ਸੀ.ਆਈ,ਕਿਸਾਨ ਮੋਰਚਾ ਸੰਗਰੂਰ ਆਦਿ ਜੱਥੇਬੰਦੀਆਂ ਦੇ ਆਗੂਆਂ ਨੇ ਸੰਬੋਧਨ ਕੀਤਾ।