ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਸਾਨਾਂ ਲਈ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਦਾਅਵਾ ਕੀਤਾ ਹੈ ਕਿ ਸਰਕਾਰ ਕਿਸਾਨਾਂ ਨੂੰ ਫ਼ਸਲਾਂ ’ਤੇ ਆਉਣ ਵਾਲੀ ਉਤਪਾਦਨ ਲਾਗਤ ਦਾ ਡੇਢ ਗੁਣਾ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਦਿਵਾਉਣ ਲਈ ਕੰਮ ਕਰ ਰਹੀ ਹੈ। ਜੇਕਰ ਸਰਕਾਰ ਇਸ ਨੂੰ ਅਮਲੀਜਾਮਾ ਪਹਿਨਾਉਂਦੀ ਹੈ ਤਾਂ ਕਿਸਾਨਾਂ ਨੂੰ ਫਸਲਾਂ ਦਾ ਵਾਜ਼ਬ ਭਾਅ ਮਿਲਣ ਲੱਗੇਗਾ।

ਮੋਦੀ ਨੇ ਕਿਹਾ ਹੈ ਕਿ ਕਿਸਾਨਾਂ ਨੂੰ ਵਧੇ ਹੋਏ ਘੱਟੋ ਘੱਟ ਸਮਰਥਨ ਮੁੱਲ ਦਾ ਲਾਭ ਦਿਵਾਉਣਾ ਯਕੀਨੀ ਬਣਾਉਣ ਲਈ ਕੇਂਦਰ ਸਰਕਾਰ ਸੂਬਿਆਂ ਨਾਲ ਮਿਲ ਕੇ ਕੰਮ ਕਰ ਰਹੀ ਹੈ। ਉਨ੍ਹਾਂ ਨੇ ਇਹ ਦਾਅਵਾ ਭਾਰਤੀ ਖੇਤੀਬਾੜੀ ਖੋਜ ਸੰਸਥਾ ਦੇ ਕ੍ਰਿਸ਼ੀ ਉੱਨਤੀ ਮੇਲੇ-2018 ਨੂੰ ਸੰਬੋਧਨ ਕਰਦਿਆਂ ਕੀਤਾ।

ਸਭ ਤੋਂ ਵੱਡਾ ਸਵਾਲ ਹੈ ਕਿ ਫਸਲਾਂ ਦੀ ਲਾਗਤ ਕਿਵੇਂ ਮਿਥੀ ਜਾਵੇ। ਇਸ ਬਾਰੇ ਸਪਸ਼ਟ ਕਰਦਿਆਂ ਮੋਦੀ ਨੇ ਕਿਹਾ ਕਿ ਫ਼ਸਲਾਂ ਦੀ ਲਾਗਤ ਵਿੱਚ ਦਿਹਾੜੀਦਾਰਾਂ, ਮਸ਼ੀਨਾਂ ਦਾ ਕਿਰਾਇਆ, ਬੀਜਾਂ ਤੇ ਖਾਦ ਦਾ ਮੁੱਲ, ਸੂਬਾ ਸਰਕਾਰਾਂ ਨੂੰ ਦਿੱਤੇ ਜਾਣ ਵਾਲੇ ਟੈਕਸ, ਕਰਜ਼ ’ਤੇ ਲੱਗਣ ਵਾਲਾ ਵਿਆਜ ਤੇ ਠੇਕੇ ’ਤੇ ਲਈ ਗਈ ਜ਼ਮੀਨ ਦਾ ਕਿਰਾਇਆ ਆਦਿ ਸ਼ਾਮਲ ਹੋਵੇਗਾ।

ਮੋਦੀ ਨੇ ਖੁਰਾਕੀ ਤੇਲ ਦੇ ਮਾਮਲੇ ਵਿੱਚ ਦੇਸ਼ ਦੀ ਦਰਾਮਦ ’ਤੇ ਨਿਰਭਰਤਾ ਘਟਾਉਣ ਲਈ ਕਿਸਾਨਾਂ ਨੂੰ ਤੇਲ ਬੀਜਾਂ ਦੀ ਵੱਧ ਤੋਂ ਵੱਧ ਪੈਦਾਵਾਰ ਕਰਨ ਦਾ ਸੱਦਾ ਦਿੱਤਾ। ਇਸ ਦੇ ਨਾਲ ਹੀ ਉਨ੍ਹਾਂ ਕਿਸਾਨਾਂ ਨੂੰ 2022 ਤੱਕ ਯੂਰੀਆ ਦੀ ਵਰਤੋਂ ਘਟਾ ਕੇ ਅੱਧੀ ਕਰਨ ਦੀ ਅਪੀਲ ਵੀ ਕੀਤੀ। ਮੋਦੀ ਨੇ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਨਾ ਸਾੜਨ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਨਾਲ ਜਿੱਥੇ ਹਵਾ ਪ੍ਰਦੂਸ਼ਣ ਫੈਲਦਾ ਹੈ ਉੱਥੇ ਹੀ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘਟਦੀ ਹੈ।