ਚੰਡੀਗੜ੍ਹ: ਪੰਜਾਬ ਕਾਂਗਰਸ (Punjab Congress) ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਨੇ ਮੁੜ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ (Arvind Kejriwal) ਘੇਰਿਆ ਹੈ। ਉਨ੍ਹਾਂ ਨੇ ਕੇਜਰੀਵਾਲ ਨੂੰ ਤਿੱਖੇ ਸਵਾਲ ਕੀਤੇ ਹਨ। ਸਿੱਧੂ ਨੇ ਕਿਹਾ ਹੈ ਕਿ ਕੇਜਰੀਵਾਲ ਨੇ ਦਾਅਵਾ ਕੀਤਾ ਸੀ ਕਿ ਪੰਜਾਬ ਵਿੱਚ ਪਹਿਲੀ ਅਪਰੈਲ ਤੋਂ ਬਾਅਦ ਕੋਈ ਕਿਸਾਨ ਖ਼ੁਦਕੁਸ਼ੀ (farmer commit suicide in Punjab) ਨਹੀਂ ਕਰੇਗਾ ਪਰ ਪੰਜਾਬ ਵਿੱਚ ਰੋਜ਼ਾਨਾ ਅਜਿਹਾ ਵਰਤਾਰਾ ਵਾਪਰ ਰਿਹਾ ਹੈ।
ਦੱਸ ਦਈਏ ਕਿ ਇਸ ਵਾਰ ਕਣਕ ਦਾ ਝਾੜ ਘਟਣ ਨਾਲ ਕਿਸਾਨਾਂ ਅੰਦਰ ਹਾਹਾਕਾਰ ਮੱਚ ਗਈ ਹੈ। ਪੰਜਾਬ 'ਚ 3 ਹਫ਼ਤਿਆਂ ਅੰਦਰ ਹੀ 14 ਕਿਸਾਨਾਂ ਨੇ ਖੁਦਕੁਸ਼ੀ ਕਰ ਲਈ ਹੈ। ਇਸ ਦੇ ਬਾਵਜੂਦ ਅਜੇ ਨਾ ਤਾਂ ਕੇਂਦਰ ਸਰਕਾਰ ਨੇ ਕਿਸਾਨਾਂ ਦੀ ਬਾਂਹ ਫੜੀ ਹੈ ਤੇ ਨਾ ਹੀ ਪੰਜਾਬ ਸਰਕਾਰ ਨੇ ਕੋਈ ਰਾਹਤ ਦਿੱਤੀ ਹੈ। ਇਸ ਨੂੰ ਲੈ ਕੇ ਨਵਜੋਤ ਸਿੱਧੂ ਨੇ ਆਮ ਆਦਮੀ ਪਾਰਟੀ ਨੂੰ ਘੇਰਿਆ ਹੈ।
ਨਵਜੋਤ ਸਿੱਧੂ ਨੇ ਕਿਹਾ ਹੈ ਕਿ ਪੰਜਾਬ ਵਿੱਚ ਖੁਦਕੁਸ਼ੀਆਂ ਕਰਨ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਮਿਲਣ ਵਾਸਤੇ ਅਰਵਿੰਦ ਕੇਜਰੀਵਾਲ ਕਦੋਂ ਜਾਣਗੇ। ਸਿੱਧੂ ਨੇ ਟਵੀਟ ਕੀਤਾ, ‘‘ਅਰਵਿੰਦ ਕੇਜਰੀਵਾਲ ਜੀ, ਤੁਸੀਂ ਝੂਠ ਬੋਲਣਾ ਕਦੋਂ ਬੰਦ ਕਰੋਗੇ। ਇੱਕੋ ਜ਼ਿਲ੍ਹੇ ਵਿਚ ਸੱਤ ਕਿਸਾਨ ਖ਼ੁਦਕੁਸ਼ੀ ਕਰ ਗਏ ਹਨ। ਸੋਚ ਕੇ ਦੇਖੋ ਕਿ 23 ਜ਼ਿਲ੍ਹਿਆਂ ਵਿੱਚ ਕਿਸਾਨਾਂ ਦੀ ਕੀ ਹਾਲਤ ਹੋਵੇਗੀ। ਕੀ ਤੁਸੀਂ ਕਿਸੇ ਇੱਕ ਵੀ ਪਰਿਵਾਰ ਨੂੰ ਜਾ ਕੇ ਮਿਲੇ ਹੋ? ਪੰਜਾਬ ਪ੍ਰਤੀ ਤੁਹਾਡੀ ਜ਼ਿੰਮੇਵਾਰੀ ਤੇ ਫ਼ਿਕਰ ਹੁਣ ਕਿੱਥੇ ਹਨ? ਵਾਅਦੇ ਅਨੁਸਾਰ ਮੁਆਵਜ਼ਾ ਕਿਥੇ ਹੈ? ਜੋ ਤੁਸੀਂ ਕਹਿੰਦੇ ਹੋ, ਉਸ ਉੱਪਰ ਪਹਿਰਾ ਵੀ ਦੇਵੋ।’’
ਉਧਰ, ਖੁਦਕੁਸ਼ੀਆਂ ’ਤੇ ਚਿੰਤਾ ਜ਼ਾਹਿਰ ਕਰਦਿਆਂ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਪੰਜਾਬ ਤੇ ਕੇਂਦਰ ਸਰਕਾਰ ਨੂੰ ਸੂਬੇ ਦੇ ਕਿਸਾਨਾਂ ਦੇ ਬਚਾਅ ਲਈ ਅੱਗੇ ਆਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਖੁਦਕੁਸ਼ੀਆਂ ਕਰਨ ਵਾਲੇ ਕਿਸਾਨਾਂ ਦੇ ਵਾਰਸਾਂ ਨੂੰ ਇੱਕ-ਇਕ ਕਰੋੜ ਰੁਪਏ ਦੀ ਐਕਸ ਗ੍ਰੇਸ਼ੀਆ ਗਰਾਂਟ ਦਿੱਤੀ ਜਾਵੇ। ਰਾਜੇਵਾਲ ਨੇ ਕਿਹਾ ਕਿ ਖੁਦਕੁਸ਼ੀ ਪੀੜਤ ਮਜ਼ਦੂਰ ਪਰਿਵਾਰਾਂ ਨੂੰ ਵੀ ਕਿਸਾਨਾਂ ਦੀ ਤਰਜ਼ ’ਤੇ ਮੁਆਵਜ਼ਾ ਦਿੱਤਾ ਜਾਵੇ।
ਇਹ ਵੀ ਪੜ੍ਹੋ: Solar eclipse 2022: ਅਪ੍ਰੈਲ ਦੇ ਇਸ ਦਿਨ ਲੱਗੇਗਾ ਸਾਲ ਦਾ ਪਹਿਲਾ ਸੂਰਜ ਗ੍ਰਹਿਣ, ਇਨ੍ਹਾਂ ਰਾਸ਼ੀਆਂ ਲਈ ਰਹੇਗਾ ਲਾਭਦਾਇਕ