ਨਵੀਂ ਦਿੱਲੀ: ਨਵੇਂ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਅੰਦੋਲਨ ਜਾਰੀ ਰਹਿਣ ਦੌਰਾਨ ਸੰਸਦ ਵਿੱਚ ਵਿਰੋਧੀ ਧਿਰ ਨੇ ਸਰਕਾਰ ਉੱਤੇ ਹਮਲਿਆਂ ਦਾ ਦੌਰ ਸ਼ੁਰੂ ਕੀਤਾ ਹੋਇਆ ਹੈ। ਵਿਰੋਧੀ ਧਿਰ ਖੇਤੀ ਕਾਨੂੰਨ ਤੇ ਉਸ ਵਿਰੁੱਧ ਕਿਸਾਨ ਅੰਦੋਲਨ ਦੇ ਮੁੱਦੇ ਉੱਤੇ ਸਰਕਾਰ ਨੂੰ ਸੜਕ ਤੋਂ ਲੈ ਕੇ ਸੰਸਦ ਤੱਕ ਘੇਰਨ ਵਿੱਚ ਜੁਟੀ ਹੋਈ ਹੈ।
ਕਾਂਗਰਸ ਦੇ ਪ੍ਰਤਾਪ ਸਿੰਘ ਬਾਜਵਾ ਨੇ ਰਾਜ ਸਭਾ ’ਚ ਪੰਜਾਬੀ ਵਿੱਚ ਬੋਲਦਿਆਂ ਕਿਹਾ ਕਿ ਜਿਸ ਵੇਲੇ ਇਸ ਕਾਨੂੰਨ ਨੂੰ ਲੈ ਕੇ ਇਸ ਸਦਨ ਵਿੱਚ ਚਰਚਾ ਹੋ ਰਹੀ ਸੀ; ਤਦ ਹੀ ਮੈਂ ਕਿਹਾ ਸੀ ਕਿ ਕਿਸਾਨਾਂ ਲਈ ਇਹ ‘ਡੈੱਥ ਵਾਰੰਟ’ ਹੋਵੇਗਾ ਪਰ ਸਰਕਾਰ ਨੇ ਸਾਡੀ ਗੱਲ ਨਹੀਂ ਮੰਨੀ।
ਬਾਜਵਾ ਨੇ ਕਿਹਾ ਕਿ ਜਿਸ ਵੇਲੇ ਸਤੰਬਰ ’ਚ ਤਿੰਨ ਖੇਤੀ ਕਾਨੂੰਨਾਂ ਉੱਤੇ ਰਾਜ ਸਭਾ ਵਿੱਚ ਚਰਚਾ ਹੋ ਰਹੀ ਸੀ; ਤਦ ਮੈਂ ਇਹ ਆਖਿਆ ਸੀ ਕਿ ਕਿਸਾਨਾਂ ਲਈ ਇਹ ਡੈੱਥ ਵਾਰੰਟ ਹੈ ਤੇ ਉਹ ਕਦੇ ਨਹੀਂ ਮੰਨਣਗੇ। ਵੱਡੇ ਕਾਰਪੋਰੇਟ ਅਦਾਰਿਆਂ ਨੂੰ ਫ਼ਾਇਦਾ ਪਹੁੰਚਾਉਣ ਲਈ ਧੋਖੇ ਨਾਲ ਸਰਕਾਰ ਨੇ ਕਾਨੂੰਨ ਪਾਸ ਕਰਵਾ ਲਿਆ। ਬਾਜਵਾ ਨੇ 12 ਸੰਸਦ ਮੈਂਬਰਾਂ ਦੇ ਗਾਜ਼ੀਪੁਰ ਬਾਰਡਰ ਉੱਤੇ ਜਾਣ ਦੀ ਇਜਾਜ਼ਤ ਨਾ ਦੇਣ ਦਾ ਮੁੱਦਾ ਵੀ ਚੁੱਕਿਆ।
ਦੱਸ ਦੇਈਏ ਕਿ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਪ੍ਰਦਰਸ਼ਨਕਾਰੀ ਕਿਸਾਨਾਂ ਨਾਲ ਮੁਲਾਕਾਤ ਕਰਨ ਜਾ ਰਹੇ ਵਿਰੋਧੀ ਪਾਰਟੀਆਂ ਦੇ ਸੰਸਦ ਮੈਂਬਰਾਂ ਨੂੰ ਪੁਲਿਸ ਨੇ ਵੀਰਵਾਰ ਨੂੰ ਗ਼ਾਜ਼ੀਪੁਰ ਬਾਰਡਰ ’ਤੇ ਜਾਣ ਤੋਂ ਰੋਕ ਦਿੱਤਾ ਸੀ।