ਨਵੀਂ ਦਿੱਲੀ: ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਲਈ ਦੋ ਹਜ਼ਾਰ ਕਰੋੜ ਰੁਪਏ ਦੀ ਯੋਜਨਾ ਹੈ। ਇਸ ਗੱਲ ਦਾ ਪ੍ਰਗਟਾਵਾ ਸੁਪਰੀਮ ਕੋਰਟ ਵਿੱਚ ਹਵਾ ਪ੍ਰਦੂਸ਼ਣ ਸਬੰਧੀ ਚੱਲ ਰਹੇ ਕੇਸ ਬਾਰੇ ਸੌਂਪੀ ਰਿਪੋਰਟ ਵਿੱਚ ਹੋਇਆ ਹੈ। ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਯੋਜਨਾ ਲਈ ਪੈਸੇ ਦਿੱਲੀ 'ਚ ਵਿਕਣ ਵਾਲੇ ਪੈਟਰੋਲ ਤੇ ਡੀਜ਼ਲ 'ਤੇ ਸੈੱਸ ਲਾ ਕੇ ਪੂਰੇ ਕੀਤੇ ਜਾਣ।
ਇਸ ਯੋਜਨਾ ਅਨੁਸਾਰ ਕਿਸਾਨਾਂ ਨੂੰ ਖੇਤਾਂ 'ਚ ਕਣਕ ਤੇ ਝੋਨੇ ਦੀ ਫ਼ਸਲ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਤੋਂ ਰੋਕਣ ਲਈ ਸਬਸਿਡੀ 'ਤੇ ਖੇਤੀਬਾੜੀ ਨਾਲ ਸਬੰਧਤ ਔਜਾਰ ਮੁਫ਼ਤ 'ਚ ਦਿੱਤੇ ਜਾਣਗੇ। ਪੰਜਾਬ ਦੀਆਂ 13 ਹਜ਼ਾਰ ਪੰਚਾਇਤਾਂ ਤੇ ਹਰਿਆਣਾ ਦੀਆਂ 6500 ਪੰਚਾਇਤਾਂ ਨੂੰ ਮੁਫ਼ਤ ਟਰਬੋ ਹੈਪੀ ਸੀਡਰ ਤੇ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ ਮੁਹੱਈਆ ਕਰਵਾਏ ਜਾਣਗੇ। ਇਨ੍ਹਾਂ ਔਜਾਰਾਂ ਨਾਲ ਕਣਕ ਦੇ ਨਾੜ ਤੇ ਝੋਨੇ ਦੀ ਪਰਾਲੀ ਨੂੰ ਖੇਤ 'ਚ ਹੀ ਰਲਾਅ ਕੇ ਨਵੀਂ ਫਸਲ ਬੀਜੀ ਜਾ ਸਕਦੀ ਹੈ।
ਇੱਕ ਅਧਿਕਾਰਤ ਅੰਕੜੇ ਅਨੁਸਾਰ ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਵੱਲੋਂ ਹਰ ਸਾਲ 3 ਕਰੋੜ ਟਨ ਝੋਨੇ ਦੀ ਪਰਾਲੀ ਤੇ ਕਣਕ ਦੇ ਨਾੜ ਨੂੰ ਅੱਗ ਲਾ ਦਿੱਤੀ ਜਾਂਦੀ ਹੈ। ਜ਼ਿਕਰਯੋਗ ਹੈ ਕਿ ਪੰਜਾਬ ਤੇ ਹਰਿਆਣਾ 'ਚ ਹਰ ਸਾਲ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਨਾਲ ਸਰਦੀਆਂ 'ਚ ਦਿੱਲੀ 'ਚ ਹਵਾ ਪ੍ਰਦੂਸ਼ਣ ਖ਼ਤਰਨਾਕ ਪੱਧਰ ਤੱਕ ਵਧ ਜਾਂਦਾ ਹੈ।