Punjab Weather Updates: ਗਰਮੀ ਨੇ ਅਪਰੈਲ ਮਹੀਨੇ ਦੀ ਸ਼ੁਰੂਆਤ ਨਾਲ ਹੀ ਵੱਟ ਕੱਢ ਦਿੱਤੇ ਹਨ। ਮਾਰਚ ਮਹੀਨਾ ਵੀ 121 ਸਾਲਾਂ 'ਚ ਸਭ ਤੋਂ ਗਰਮ ਰਿਹਾ ਹੈ। ਫਿਲਹਾਲ ਪੰਜਾਬ 'ਚ ਅਜੇ ਗਰਮੀ ਤੋਂ ਰਾਹਤ ਨਹੀਂ ਮਿਲੇਗੀ। ਭਾਰਤੀ ਮੌਸਮ ਵਿਭਾਗ (IMD) ਨੇ ਅਗਲੇ 5 ਦਿਨਾਂ ਤੱਕ ਗਰਮੀ ਦੀ ਭਵਿੱਖਬਾਣੀ ਕੀਤੀ ਹੈ। ਇਸ ਦੌਰਾਨ ਮੌਸਮ ਖੁਸ਼ਕ ਰਹੇਗਾ ਤੇ ਤੇਜ਼ ਧੁੱਪ ਰਹੇਗੀ।


ਪੰਜਾਬ ਵਿੱਚ ਅਗਲੇ 5 ਦਿਨ ਗਰਮ ਹਵਾਵਾਂ ਵੀ ਚੱਲਣਗੀਆਂ। ਅਜਿਹੇ 'ਚ 'ਲੂ' ਦਾ ਪ੍ਰਕੋਪ ਸ਼ੁਰੂ ਹੋ ਜਾਵੇਗਾ। ਜ਼ਿਕਰਯੋਗ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਮੀਂਹ ਨਾ ਪੈਣ ਕਾਰਨ ਮੌਸਮ ਸਾਫ਼ ਰਿਹਾ ਹੈ ਤੇ ਤਾਪਮਾਨ ਵਿੱਚ ਤੇਜ਼ੀ ਨਾਲ ਵਾਧਾ ਹੋਇਆ ਹੈ, ਜਿਸ ਕਾਰਨ ਗਰਮੀ ਦਾ ਪ੍ਰਕੋਪ ਸ਼ੁਰੂ ਹੋ ਗਿਆ ਹੈ।


ਪੰਜਾਬ 'ਚ ਕਈ ਥਾਵਾਂ 'ਤੇ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਸੈਲਸੀਅਸ ਦੇ ਆਸ-ਪਾਸ ਜਾਂ ਇਸ ਤੋਂ ਉੱਪਰ ਦਰਜ ਕੀਤਾ ਜਾ ਰਿਹਾ ਹੈ। ਫਿਲਹਾਲ ਮੀਂਹ ਦੀ ਕੋਈ ਸੰਭਾਵਨਾ ਨਹੀਂ। ਇਸ ਤੋਂ ਇਲਾਵਾ ਸੂਬੇ ਦੇ ਜ਼ਿਆਦਾਤਰ ਸ਼ਹਿਰਾਂ ਵਿੱਚ ਹਵਾ ਗੁਣਵੱਤਾ ਸੂਚਕ ਅੰਕ ਮੱਧਮ ਜਾਂ ਤਸੱਲੀਬਖਸ਼ ਸ਼੍ਰੇਣੀ ਵਿੱਚ ਹੈ।  


ਦਿੱਲੀ ਵਿੱਚ ਘੱਟੋ-ਘੱਟ ਅਤੇ ਵੱਧ ਤੋਂ ਵੱਧ ਤਾਪਮਾਨ ਕ੍ਰਮਵਾਰ 19 ਡਿਗਰੀ ਅਤੇ 40 ਡਿਗਰੀ ਦਰਜ ਕੀਤਾ ਜਾ ਸਕਦਾ ਹੈ। ਮਹਾਰਾਸ਼ਟਰ ਦੇ ਹੋਰ ਹਿੱਸਿਆਂ ਦੇ ਨਾਲ-ਨਾਲ ਮੱਧ ਪ੍ਰਦੇਸ਼ ਦੇ ਕੁਝ ਇਲਾਕਿਆਂ 'ਚ ਵੀ ਗਰਮੀ ਵੱਧ ਸਕਦੀ ਹੈ। ਫਿਹਾਲ ਗਰਮੀ ਤੋਂ ਰਾਹਤ ਮਿਲੇਗੀ, ਅਜਿਹੀ ਕੋਈ ਸੰਭਾਵਨਾ ਨਹੀਂ ਹੈ।


ਉੱਤਰੀ ਭਾਰਤ ਦੇ ਕਈ ਰਾਜਾਂ ਦਾ ਤਾਪਮਾਨ ਲਗਾਤਾਰ ਵੱਧ ਰਿਹਾ ਹੈ। ਅਜਿਹੇ 'ਚ ਲੋਕਾਂ ਨੂੰ ਸਾਵਧਾਨ ਰਹਿਣ ਦੀ ਲੋੜ ਹੈ। ਰਾਸ਼ਟਰੀ ਰਾਜਧਾਨੀ ਦਿੱਲੀ ਸਮੇਤ ਇਸ ਦੇ ਆਸਪਾਸ ਦੇ ਕਈ ਇਲਾਕੇ ਗਰਮੀ ਦੀ ਲਪੇਟ 'ਚ ਹਨ। ਮੌਸਮ ਵਿਭਾਗ ਨੇ ਇਸ ਸਬੰਧੀ ਚੇਤਾਵਨੀ ਵੀ ਜਾਰੀ ਕੀਤੀ ਹੈ। ਮੌਸਮ ਵਿਭਾਗ ਨੇ ਕਿਹਾ ਹੈ ਕਿ ਅਗਲੇ ਪੰਜ ਦਿਨਾਂ ਤੱਕ ਘੱਟੋ-ਘੱਟ ਸੱਤ ਰਾਜਾਂ ਵਿੱਚ ਗਰਮੀ ਦਾ ਕਹਿਰ ਜਾਰੀ ਰਹੇਗਾ। ਇਨ੍ਹਾਂ ਰਾਜਾਂ ਵਿੱਚ ਉੱਤਰ ਪ੍ਰਦੇਸ਼, ਦਿੱਲੀ, ਮੱਧ ਪ੍ਰਦੇਸ਼ ਆਦਿ ਸ਼ਾਮਲ ਹਨ।


ਮੌਸਮ ਵਿਭਾਗ ਨੇ ਟਵੀਟ ਕੀਤਾ, ''ਜੰਮੂ ਡਿਵੀਜ਼ਨ, ਹਿਮਾਚਲ ਪ੍ਰਦੇਸ਼, ਹਰਿਆਣਾ, ਦਿੱਲੀ, ਉੱਤਰ ਪ੍ਰਦੇਸ਼, ਰਾਜਸਥਾਨ ਅਤੇ ਮੱਧ ਪ੍ਰਦੇਸ਼ 'ਚ ਅਗਲੇ ਪੰਜ ਦਿਨਾਂ ਤੱਕ ਗਰਮੀ ਦਾ ਕਹਿਰ ਜਾਰੀ ਰਹਿਣ ਦੀ ਸੰਭਾਵਨਾ ਹੈ।'' ਇਸ ਤੋਂ ਇਲਾਵਾ ਕਈ ਰਾਜਾਂ 'ਚ ਮੀਂਹ ਪੈਣ ਦੀ ਸੰਭਾਵਨਾ ਹੈ। ਪ੍ਰਗਟ ਕੀਤਾ ਗਿਆ ਹੈ।


ਮੌਸਮ ਵਿਭਾਗ ਨੇ ਦੱਸਿਆ ਹੈ ਕਿ ਮੇਘਾਲਿਆ 'ਚ ਮੰਗਲਵਾਰ ਨੂੰ ਭਾਰੀ ਬਾਰਿਸ਼ ਹੋਣ ਵਾਲੀ ਹੈ। ਇਸ ਤੋਂ ਇਲਾਵਾ ਬੁੱਧਵਾਰ ਨੂੰ ਅਰੁਣਾਚਲ ਪ੍ਰਦੇਸ਼ ਦੇ ਨਾਲ-ਨਾਲ ਮੇਘਾਲਿਆ 'ਚ ਵੀ ਬਾਰਿਸ਼ ਹੋਵੇਗੀ। ਪੱਛਮੀ ਬੰਗਾਲ, ਸਿੱਕਮ ਵਿੱਚ 5 ਅਪ੍ਰੈਲ ਤੋਂ 8 ਅਪ੍ਰੈਲ ਤੱਕ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।