ਚੰਡੀਗੜ੍ਹ : ਪ੍ਰਧਾਨ ਮੰਤਰੀ ਦੇ ਨੋਟਬੰਦੀ ਦੇ ਫੈਸਲੇ ਕਾਰਨ ਇਲਾਕੇ ਦੇ ਵਪਾਰ ਨੂੰ ਵੱਡਾ ਝਟਕਾ ਲੱਗਿਆ ਹੈ। ਸ਼ਹਿਰਾਂ ਵਿੱਚ ਦੁਕਾਨਦਾਰ ਵਿਹਲੇ ਬੈਠੇ ਹਨ। ਦੁਕਾਨਦਾਰਾਂ ਅਤੇ ਕਾਰੋਬਾਰੀਆਂ ਨੇ ਮੀਟਿੰਗ ਕਰਕੇ ਫੈਸਲਾ ਕੀਤਾ ਕਿ ਪ੍ਰਧਾਨ ਮੰਤਰੀ ਮੋਦੀ ਨੂੰ ਰੋਸ ਪੱਤਰ ਲਿਖ ਕੇ ਨੋਟਬੰਦੀ ਰਾਹੀਂ ਵਪਾਰੀ ਵਰਗ ਅਤੇ ਆਮ ਲੋਕਾਂ ’ਤੇ ਪੈ ਰਹੇ ਮਾੜੇ ਪ੍ਰਭਾਵਾਂ ਅਤੇ ਮੰਦਵਾੜੇ ਨੂੰ ਧਿਆਨ ਵਿੱਚ ਲਿਆ ਕੇ ਸਿਸਟਮ ਵਿੱਚ ਸੁਧਾਰ ਲਿਆਉਣ ਦੀ ਮੰਗ ਕੀਤੀ ਜਾਵੇ।
ਇਸ ਫੈਸਲੇ ਦੇ ਮੱਦੇਨਜ਼ਰ ਵਪਾਰ ਮੰਡਲ ਤਪਾ ਦੇ ਸਰਗਰਮ ਆਗੂ ਸਤਪਾਲ ਗੋਇਲ ਨੇ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖੀ ਹੈ। ਇਸ ਪੱਤਰ ਵਿੱਚ ਉਨ੍ਹਾਂ ਪ੍ਰਧਾਨ ਮੰਤਰੀ ਮੋਦੀ ਨੂੰ ਚੇਤਾਵਨੀ ਦਿੱਤੀ ਹੈ ਕਿ ਇਸ ਤੋਂ ਪਹਿਲਾਂ ਕਿ ਲੋਕਾਂ ਦੇ ਸਬਰ ਦਾ ਪਿਆਲਾ ਭਰ ਜਾਵੇ, ਇਸ ਤੋਂ ਪਹਿਲਾਂ-ਪਹਿਲਾਂ ਕਰੰਸੀ ਬੈਂਕਾਂ ਵਿੱਚ ਆਮ ਕੀਤੀ ਜਾਵੇ।
ਉਨ੍ਹਾਂ ਲਿਖਿਆ ਹੈ ਕਿ ਨੋਟਬੰਦੀ ਨਾਲ ਆਮ ਲੋਕਾਂ, ਮੱਧ ਵਰਗੀ ਪਰਿਵਾਰਾਂ, ਕਿਸਾਨਾਂ, ਮਜ਼ਦੂਰਾਂ ਅਤੇ ਛੋਟੇ ਦੁਕਾਨਦਾਰਾਂ ਦੀ ਹਾਲਤ ਪੇਤਲੀ ਪੈ ਗਈ ਹੈ। ਲੋਕਾਂ ਦੀ ਖ਼ਰੀਦ ਸ਼ਕਤੀ ਘਟਣ ਨਾਲ ਕਾਰੋਬਾਰ ਠੱਪ ਹੋ ਕੇ ਰਹਿ ਗਏ ਹਨ। ਉਨ੍ਹਾਂ ਮੰਗ ਕੀਤੀ ਕਿ ਬੈਂਕ, ਏਟੀਐਮ ਅਤੇ ਡਾਕਘਰਾਂ ਵਿੱਚ ਕਰੰਸੀ ਆਮ ਕੀਤੀ ਜਾਵੇ ਤਾਂਕਿ ਲੋਕਾਂ ਨੂੰ ਸੁੱਖ ਦਾ ਸਾਹ ਆਵੇ।