ਚੰਡੀਗੜ੍ਹ: ਝੋਨੇ ਦੀ ਖਰੀਦ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਵਿੱਚ ਵਿਰੋਧ ਕਰ ਰਹੇ ਕਿਸਾਨਾਂ ਲਈ ਰਾਹਤ ਦੀ ਖ਼ਬਰ ਸਾਹਮਣੇ ਆਈ ਹੈ। ਦੋਵਾਂ ਰਾਜਾਂ ਨੇ ਝੋਨੇ ਦੀ ਖਰੀਦ ਦੀ ਮਿਤੀ ਨੂੰ ਬਦਲ ਕੇ 3 ਅਕਤੂਬਰ ਕਰ ਦਿੱਤਾ ਹੈ। 


ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਇਸ ਮੁੱਦੇ ਨੂੰ ਲੈ ਕੇ ਕੇਂਦਰੀ ਮੰਤਰੀ ਅਸ਼ਵਨੀ ਚੌਬੇ ਨਾਲ ਵੀ ਮੁਲਾਕਾਤ ਕੀਤੀ।


ਇਸ ਤੋਂ ਪਹਿਲਾਂ ਸਰਕਾਰ ਨੇ 11 ਅਕਤੂਬਰ ਤੋਂ ਝੋਨਾ ਖਰੀਦਣ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਸੀ, ਪਰ ਦੋਵਾਂ ਰਾਜਾਂ ਵਿੱਚ ਕਿਸਾਨਾਂ ਦੀ ਝੋਨੇ ਦੀ ਫਸਲ ਆ ਚੁੱਕੀ ਹੈ। ਦੋਵਾਂ ਸੂਬਿਆਂ ਦੇ ਕਿਸਾਨ ਕੇਂਦਰ ਦੇ ਇਸ ਫੈਸਲੇ ਦਾ ਵਿਰੋਧ ਕਰ ਰਹੇ ਸੀ।


ਸਰਕਾਰ ਨੇ ਹਾਲ ਹੀ ਵਿੱਚ ਹੋਈ ਭਾਰੀ ਬਾਰਿਸ਼ ਕਾਰਨ ਫਸਲ ਵਿੱਚ ਉੱਚ ਨਮੀ ਦੇ ਮੱਦੇਨਜ਼ਰ ਪੰਜਾਬ ਅਤੇ ਹਰਿਆਣਾ ਤੋਂ ਝੋਨੇ ਦੀ ਖਰੀਦ 11 ਅਕਤੂਬਰ ਤੱਕ ਮੁਲਤਵੀ ਕਰਨ ਦਾ ਫੈਸਲਾ ਕੀਤਾ ਸੀ।ਪੰਜਾਬ ਵਿੱਚ ਝੋਨੇ ਦੀ ਖਰੀਦ 1 ਅਕਤੂਬਰ ਤੋਂ ਸ਼ੁਰੂ ਹੋਣੀ ਸੀ।


ਖੁਰਾਕ ਅਤੇ ਜਨਤਕ ਵੰਡ ਮੰਤਰਾਲੇ ਨੇ ਪੰਜਾਬ ਸਰਕਾਰ ਨੂੰ ਲਿਖੇ ਇੱਕ ਪੱਤਰ ਵਿੱਚ ਕਿਹਾ ਹੈ ਕਿ ਹਾਲ ਹੀ ਵਿੱਚ ਮੀਂਹ ਪੈਣ ਕਾਰਨ ਝੋਨੇ ਦੇ ਪੱਕਣ ਵਿੱਚ ਦੇਰੀ ਹੋਈ ਹੈ ਅਤੇ ਤਾਜ਼ੀ ਆਮਦ ਵਿੱਚ ਨਮੀ ਦੀ ਮਾਤਰਾ ਮਨਜ਼ੂਰ ਸੀਮਾ ਤੋਂ ਵਧੇਰੇ ਹੈ।


ਰਾਜ ਸਰਕਾਰ ਨੂੰ ਭੇਜੇ ਗਏ ਪੱਤਰ ਵਿੱਚ ਕਿਹਾ ਗਿਆ ਹੈ, “ਇਸ ਲਈ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਤੋਂ ਬਚਣ ਲਈ, ਇਹ ਫੈਸਲਾ ਕੀਤਾ ਗਿਆ ਹੈ ਕਿ ਪੰਜਾਬ ਅਤੇ ਹਰਿਆਣਾ ਵਿੱਚ ਝੋਨੇ ਦੇ ਸਟਾਕ ਨੂੰ ਸਵੀਕਾਰ ਕਰਨ ਲਈ ਐਮਐਸਪੀ ਦੇ ਅਧੀਨ ਖਰੀਦ 11 ਅਕਤੂਬਰ ਤੋਂ ਸ਼ੁਰੂ ਹੋਵੇਗੀ।”  ਰਾਜ ਸਰਕਾਰਾਂ ਨੂੰ ਸਲਾਹ ਦਿੱਤੀ ਗਈ ਸੀ ਕਿ ਉਹ ਝੋਨੇ ਨੂੰ ਸੁਕਾਉਣ ਜੋ ਪਹਿਲਾਂ ਹੀ ਮੰਡੀਆਂ ਵਿੱਚ ਆ ਚੁੱਕਾ ਹੈ ਅਤੇ ਹੋਰ ਉਪਜਾਂ ਨੂੰ ਸੁਕਾਉਣ ਤੋਂ ਬਾਅਦ ਮੰਡੀਆਂ ਵਿੱਚ ਲਿਆਂਦਾ ਜਾਵੇ।


ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੱਲ੍ਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਉਨ੍ਹਾਂ ਦੀ ਰਿਹਾਇਸ਼ 'ਤੇ ਮੁਲਾਕਾਤ ਕੀਤੀ। ਸੀਐਮ ਚੰਨੀ ਅਤੇ ਪੀਐਮ ਮੋਦੀ ਦੇ ਵਿੱਚ ਮੁਲਾਕਾਤ ਲਗਭਗ ਇੱਕ ਘੰਟੇ ਤੱਕ ਚੱਲੀ। 20 ਸਤੰਬਰ ਨੂੰ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨ ਮੰਤਰੀ ਨਾਲ ਇਹ ਪਹਿਲੀ ਮੁਲਾਕਾਤ ਸੀ।


ਇਸ ਮੁਲਾਕਾਤ ਤੋਂ ਬਾਅਦ ਮੁੱਖ ਮੰਤਰੀ ਚੰਨੀ ਮੀਡੀਆ ਦੇ ਰੂ-ਬ-ਰੂ ਹੋਏ।ਉਨ੍ਹਾਂ ਕਿਹਾ, "ਪੀਐਮ ਮੋਦੀ ਨਾਲ ਚੰਗੇ ਮਾਹੌਲ ਵਿੱਚ ਗੱਲ ਬਾਤ ਹੋਈ।ਮੈਂ ਮੀਟਿੰਗ ਦੌਰਾਨ ਪ੍ਰਧਾਨ ਮੰਤਰੀ ਅੱਗੇ ਤਿੰਨ ਗੱਲਾਂ ਰੱਖੀਆਂ।" ਉਨ੍ਹਾਂ ਕਿਹਾ, "ਪਹਿਲੀ ਗੱਲ ਝੋਨੇ ਦੀ ਸਰਕਾਰੀ ਖਰੀਦ ਤੁਰੰਤ ਸ਼ੁਰੂ ਕਰਨ ਨੂੰ ਲੈ ਕੇ ਕਿਤੀ।"