ਚੰਡੀਗੜ੍ਹ: ਪੰਜਾਬ ਦੀ ਨਵੀਂ ਸਰਕਾਰ ਨੇ ਕਿਸਾਨਾਂ ਦੀ ਲਈ ਵੱਡਾ ਫੈਸਲਾ ਲਿਆ ਹੈ।ਮੁੱਖ ਮੰਤਰੀ ਭਗਵੰਤ ਮਾਨ ਨੇ ਗੁਲਾਬੀ ਸੁੰਡੀ ਕਾਰਨ ਨੁਕਸਾਨੀ ਗਈ ਨਰਮੇ ਦੀ ਫਸਲ ਲਈ ਕਰੋੜਾਂ ਦਾ ਮੁਆਵਜ਼ਾ ਜਾਰੀ ਕਰ ਦਿੱਤਾ ਹੈ।ਮਾਨਸਾ ਤੋਂ ਵਿਧਾਇਕ ਵਿਜੇ ਸਿੰਗਲਾ ਨੇ ਇਹ ਜਾਣਕਾਰੀ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਹੈ। 


ਡਾ. ਵਿਜੈ ਸਿੰਗਲਾ ਨੇ ਲਿਖਿਆ, "ਤੁਹਾਡੀ ਆਪਣੀ ਸਰਕਾਰ ਦੇ ਪਹਿਲੇ ਦਿਨ ਹੀ ਗੁਲਾਬੀ ਸੁੰਡੀ ਕਾਰਨ ਖਰਾਬ ਹੋਈ ਨਰਮੇ ਦੀ ਫਸਲ ਦਾ ਬਾਕੀ ਰਹਿੰਦਾ ਅਤੇ ਨਰਮੇ ਦੀ ਚੁਗਾਈ ਦਾ ਇੱਕ ਅਰਬ, ਇੱਕ ਕਰੋੜ, ਉਨਤਾਲੀ ਲੱਖ, ਪੰਤਾਲੀ ਹਜ਼ਾਰ ਸਤਾਸੀ ਰੁਪਏ ਮੁਆਵਜ਼ਾ ਅੱਜ ਸਰਕਾਰ ਵੱਲੋਂ ਮਾਨਸਾ ਜਿਲ੍ਹੇ ਨੂੰ ਜਾਰੀ ਕਰ ਦਿੱਤਾ ਗਿਆ ਹੈ।ਮੈਂ ਹਲਕੇ ਦੇ ਲੋਕਾਂ ਨੂੰ ਵਿਸ਼ਵਾਸ ਦਿਵਾਉਂਦਾ ਹਾਂ ਕਿ ਆਉਣ ਵਾਲੇ ਸਮੇਂ ਵਿਚ ਉਹਨਾਂ ਨੂੰ ਕਿਸੇ ਵੀ ਤਰਾਂ ਦੀ ਮੁਸ਼ਕਿਲਾਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ।"


 



 


ਭਗਵੰਤ ਮਾਨ ਸਰਕਾਰ ਨੇ 101 ਕਰੋੜ ਦੀ ਰਾਸ਼ੀ ਜਾਰੀ ਕੀਤੀ ਹੈ। ਆਪ ਸਰਕਾਰ ਨੇ ਗੁਲਾਬੀ ਸੁੰਡੀ ਨਾਲ ਖ਼ਰਾਬ ਹੋਈ ਫ਼ਸਲ ਲਈ 1 ਅਰਬ,1 ਕਰੋੜ, 39 ਲੱਖ 45 ਹਜ਼ਾਰ 87 ਰੁਪਏ (1,01,39,45,087/-) ਮੁਆਵਜ਼ਾ ਜਾਰੀ ਕੀਤਾ ਹੈ।ਆਪ ਵਿਧਾਇਕਾਂ ਦਾ ਕਹਿਣਾ ਹੈ ਕਿ ਇਸ ਤੋਂ ਪਿਛਲੀ ਸਰਕਾਰ ਨੇ ਇਸ ਸਬੰਧੀ ਫੋਕੀ ਇਸ਼ਤਿਹਾਰਬਾਜ਼ੀ ਕੀਤੀ ਪਰ ਅਮਲੀ ਜਾਮਾ ਇਸ ਨੂੰ ਮਾਨ ਸਰਕਾਰ ਨੇ ਪਵਾਇਆ ਹੈ।


ਮੁੱਖ ਮੰਤਰੀ ਭਗਵੰਤ ਮਾਨ ਨੇ ਬੀਤੀ ਦਿਨੀਂ ਭ੍ਰਿਸ਼ਟਾਚਾਰ ਮੁਕਤ ਸਰਕਾਰ ਦੇਣ ਦਾ ਵਾਅਦਾ ਕਰਦੇ ਹੋਏ ਐਲਾਨ ਕੀਤਾ ਕਿ ਉਨ੍ਹਾਂ ਦੀ ਸਰਕਾਰ ਆਉਣ ਵਾਲੇ 23 ਮਾਰਚ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ 'ਤੇ ਐਂਟੀ-ਕਰਪਸ਼ਨ ਹਲਪ ਲਾਇਨ ਨੰਬਰ ਤੇ ਇਕ ਵਟਸਐਪ ਨੰਬਰ ਜਾਰੀ ਕਰੇਗੀ ਤਾਂ ਜੋ ਲੋਕਾਂ ਵੱਲੋਂ ਆਪਣੇ ਰੋਜ਼ਾਨਾ ਦੇ ਕੰਮਾਂ ਲਈ ਰਿਸ਼ਵਤ ਮੰਗਣ ਵਾਲੇ ਭ੍ਰਿਸ਼ਟ ਅਧਿਕਾਰੀਆਂ ਜਾਂ ਹੋਰ ਗਲਤ ਕੰਮਾਂ ਵਿੱਚ ਸ਼ਾਮਲ ਅਧਿਕਾਰੀਆਂ ਦੀਆਂ ਵੀਡੀਓਜ਼ ਅਪਲੋਡ ਕੀਤੀਆਂ ਜਾ ਸਕਣ ਅਤੇ ਅਜਿਹੇ ਗਲਤ ਅਧਿਕਾਰੀਆਂ ਨੂੰ ਮਿਸਾਲੀ ਸਜ਼ਾ ਦਿੱਤੀ ਜਾ ਸਕੇ।