ਚੰਡੀਗੜ੍ਹ: ਝੋਨੇ ਦੀ ਖਰੀਦ ਲਈ ਪੰਜਾਬ ਨੂੰ 28,262.84 ਕਰੋੜ ਰੁਪਏ ਦੀ ਨਕਦ ਕਰਜ਼ਾ ਹੱਦ ਰਾਸ਼ੀ ਦੀ ਭਾਰਤੀ ਰਿਜ਼ਰਵ ਬੈਂਕ ਨੇ ਮਨਜ਼ੂਰੀ ਦੇ ਦਿੱਤੀ ਹੈ। ਇਹ ਰਾਸ਼ੀ ਕੇਂਦਰੀ ਵਿੱਤ ਮੰਤਰਾਲੇ ਵੱਲੋਂ ਰਸਮੀ ਪ੍ਰਵਾਨਗੀ ਪੱਤਰ ਜਾਰੀ ਕਰਨ ਉਪਰੰਤ ਮਿਲ ਜਾਵੇਗੀ। ਪੰਜਾਬ ਸਰਕਾਰ ਨੇ ਝੋਨੇ ਦੀ ਅਦਾਇਗੀ ਲਈ ਕੇਂਦਰ ਤੋਂ 31 ਹਜ਼ਾਰ ਕਰੋੜ ਰੁਪਏ ਦੀ ਮੰਗ ਕੀਤੀ ਸੀ।

ਜ਼ਿਕਰਯੋਗ ਹੈ ਕਿ ਰਿਜ਼ਰਵ ਬੈਂਕ ਵੱਲੋਂ ਹਰੀ ਝੰਡੀ ਮਿਲਣ ਮਗਰੋਂ ਵੀ ਅਜੇ ਕੇਂਦਰੀ ਵਿੱਤ ਮੰਤਰਾਲੇ ਤੋਂ ਪ੍ਰਵਾਨਗੀ ਪੱਤਰ ਮਿਲਣ ਤੱਕ ਪੰਜਾਬ ਦੇ ਕਿਸਾਨਾਂ ਨੂੰ ਅਦਾਇਗੀ ਲਈ ਉਡੀਕ ਕਰਨੀ ਪਵੇਗੀ।

ਉਮੀਦ ਪ੍ਰਗਟਾਈ ਜਾ ਰਹੀ ਹੈ ਕਿ 15 ਜਾਂ 16 ਅਕਤੂਬਰ ਤੱਕ ਖਰੀਦ ਦੇ ਮਿੱਥੇ ਟੀਚੇ ਤੋਂ ਅੱਧਾ ਝੋਨਾ ਮੰਡੀਆਂ 'ਚ ਆ ਜਾਵੇਗਾ। ਪੰਜਾਬ ਸਰਕਾਰ ਨੇ ਵਿਕੇ ਝੋਨੇ ਦੀ ਅਦਾਇਗੀ, ਕਿਸਾਨਾਂ ਨੂੰ 48 ਘੰਟਿਆਂ 'ਚ ਕਰਨ ਦਾ ਐਲਾਨ ਕੀਤਾ ਹੋਇਆ ਹੈ।