ਚੰਡੀਗੜ੍ਹ: ਪੰਜਾਬ ਦੀ ਕਿਸਾਨੀ ਦਾ ਬੇਸ਼ੱਕ ਬੁਰਾ ਹਾਲ ਹੈ ਪਰ ਸੂਬਾ ਫਿਰ ਵੀ ਦੇਸ਼ ਦੇ ਅਨਾਜ ਭੰਡਾਰ ਵਿੱਚ ਸਭ ਤੋਂ ਵੱਡਾ ਯੋਗਦਾਨ ਪਾ ਰਿਹਾ ਹੈ। ਇਸ ਕਰਕੇ ਹੀ ਪੰਜਾਬ ਨੂੰ 2015-16 ਦਾ ਕ੍ਰਿਸ਼ੀ ਕਰਮਨ ਪੁਰਸਕਾਰ ਮਿਲਿਆ ਹੈ। ਇਹ ਪੁਰਸਕਾਰ ਦੇਸ਼ ਭਰ ਵਿੱਚੋਂ ਅਨਾਜ ਦੀ ਪੈਦਾਵਾਰ ਵਿੱਚ ਵਾਧਾ ਕਰਨ ਕਰਕੇ ਕੇਂਦਰ ਸਰਕਾਰ ਵੱਲੋਂ ਦਿੱਤਾ ਗਿਆ ਹੈ।
ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਸ਼ਨੀਵਾਰ ਨੂੰ ਇਹ ਪੁਰਸਕਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਨਵੀਂ ਦਿੱਲੀ ਵਿੱਚ ਕਰਵਾਏ ਗਏ ਸਮਾਗਮ ਦੌਰਾਨ ਹਾਸਲ ਕੀਤਾ। ਕੇਂਦਰ ਸਰਕਾਰ ਵੱਲੋਂ ਦੇਸ਼ ਦੀ ਅੰਨ ਪੈਦਾਵਾਰ ਵਧਾਉਣ ਦੇ ਖੇਤਰ ਵਿੱਚ ਹਰ ਵਰ੍ਹੇ ਦਿੱਤਾ ਜਾਂਦੇ ਕ੍ਰਿਸ਼ੀ ਕਰਮਨ ਪੁਰਸਕਾਰ ਪ੍ਰਾਪਤ ਕਰਨ ਵਾਲੇ ਸੂਬੇ ਨੂੰ ਦੋ ਕਰੋੜ ਰੁਪਏ ਦੀ ਰਾਸ਼ੀ ਦੇ ਨਾਲ-ਨਾਲ ਇੱਕ ਯਾਦਗਾਰੀ ਤਖਤੀ ਤੇ ਤਾਮਰ ਪੱਤਰ ਵੀ ਦਿੱਤਾ ਜਾਂਦਾ ਹੈ।
ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਕਿਹਾ ਹੈ ਕਿ ਕਿਸਾਨਾਂ ਦੀ ਸਖ਼ਤ ਮਿਹਨਤ ਸਦਕਾ ਪੰਜਾਬ ਨੂੰ ਸਦਾ ਹੀ ਮੁਲਕ ਦਾ ਅੰਨ ਭੰਡਾਰ ਹੋਣ ਦਾ ਮਾਣ ਮਿਲਦਾ ਰਿਹਾ ਹੈ। ਬਾਜਵਾ ਨੇ ਕਿਹਾ ਕਿ ਖੇਤੀਬਾੜੀ ਸੈਕਟਰ ਦੇਸ਼ ਵਿੱਚ ਕੋਈ ਲਾਭਦਾਇਕ ਸੈਕਟਰ ਨਹੀਂ ਕਿਉਂਕਿ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦਾ ਫ਼ੈਸਲਾ ਹੁਣ ਵੀ ਪੁਰਾਣੇ ਫਾਰਮੂਲੇ ਦੇ ਆਧਾਰ ’ਤੇ ਕੀਤਾ ਜਾਂਦਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਹੋਰਨਾਂ ਸੂਬਿਆਂ ਦੇ ਮੁਕਾਬਲੇ ਖੇਤੀਬਾੜੀ ’ਤੇ ਲਾਗਤ ਖਰਚਾ ਜ਼ਿਆਦਾ ਆਉਂਦਾ ਹੈ, ਜਿਸ ਦਾ ਕੇਂਦਰੀ ਕਮਿਸ਼ਨ ਵੱਲੋਂ ਘੱਟੋ-ਘੱਟ ਸਮਰਥਨ ਮੁੱਲ ਤੈਅ ਕਰਨ ਮੌਕੇ ਧਿਆਨ ਨਹੀਂ ਰੱਖਿਆ ਜਾਂਦਾ। ਉਨ੍ਹਾਂ ਕਿਹਾ ਕਿ ਸੋਕੇ ਦੇ ਮਾਇਨੇ ਵੀ ਪੰਜਾਬ ਵਿੱਚ ਵੱਖਰੇ ਹਨ ਤੇ ਫਸਲਾਂ ਦੀ ਸਿੰਜਾਈ ਉਪਰ ਹੋਰ ਸੂਬਿਆਂ ਦੇ ਮੁਕਾਬਲੇ ਵੱਧ ਖਰਚਾ ਆਂਉਦਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਹੋਰ ਵੀ ਬਹੁਤ ਸਾਰੇ ਪਹਿਲੂ ਹਨ, ਜਿਨ੍ਹਾਂ ਨੂੰ ਫਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ ਤੈਅ ਕਰਨ ਸਮੇਂ ਕੇਦਰੀ ਕਮਿਸ਼ਨ ਨੂੰ ਧਿਆਨ ਵਿੱਚ ਰੱਖਣਾ ਚਾਹੀਦਾ ਹੈ।
ਬਾਜਵਾ ਨੇ ਦੇਸ਼ ਦੇ ਕਿਸਾਨਾਂ ਨੂੰ ਬਚਾਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਮੰਗ ਕੀਤੀ ਹੈ ਕਿ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਨੂੰ ਇੰਨ-ਬਿੰਨ ਲਾਗੂ ਕੀਤਾ ਜਾਵੇ। ਉਨ੍ਹਾਂ ਨਾਲ ਹੀ ਇਹ ਵੀ ਮੰਗ ਕੀਤੀ ਕਿ ਫਸਲੀ ਵਿਭਿੰਨਤਾ ਨੂੰ ਕਾਮਯਾਬ ਕਰਨ ਲਈ ਵੇਚ ਵੱਟ (ਮਾਰਕੀਟਿੰਗ) ਲਈ ਕੌਮੀ ਨੀਤੀ ਬਣਾਉਣ ਦੀ ਸਖ਼ਤ ਜ਼ਰੂਰਤ ਹੈ ਤਾਂ ਹੀ ਦੇਸ਼ ਵਿੱਚ ਵਿਭਿੰਨਤਾ ਸਫ਼ਲ ਹੋ ਸਕਦੀ ਹੈ। ਉਨ੍ਹਾਂ ਕੇਂਦਰ ਤੋਂ ਮੰਗ ਕੀਤੀ ਕਿ ਪੰਜਾਬ ਵਿੱਚ ਕਰਜ਼ੇ ਦੇ ਭਾਰ ਕਾਰਨ ਖੁਦਕੁਸ਼ੀਆਂ ਕਰ ਰਹੇ ਕਿਸਾਨਾਂ ਲਈ ਕਰਜ਼ਾ ਮੁਕਤੀ ਸਕੀਮ ਦਾ ਐਲਾਨ ਕੀਤਾ ਜਾਵੇ।