ਸ਼ੰਕਰ ਦਾਸ ਦੀ ਰਿਪੋਰਟ
ਚੰਡੀਗੜ੍ਹ: ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਲਈ ਵੱਡੀ ਖ਼ਬਰ ਆਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਪੋਰਟਲ ਜਾਰੀ ਕੀਤਾ ਹੈ। ਇਸ ਤਹਿਤ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨ ਰਜਿਸਟ੍ਰੇਸ਼ਨ ਕਰ ਸਕਣਗੇ। ਰਜਿਸਟਰੇਸ਼ਨ ਤੋਂ ਬਾਅਦ ਕਿਸਾਨਾਂ ਨੂੰ ਪੰਜਾਬ ਸਰਕਾਰ ਦੀ ਸਕੀਮ ਦਾ ਲਾਭ ਮਿਲੇਗਾ। ਪੰਜਾਬ ਸਰਕਾਰ ਨੇ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਸਹਾਇਤਾ ਦਾ ਐਲਾਨ ਕੀਤਾ ਹੈ। ਇਸ ਸਬੰਧੀ ਮੁੱਖ ਮੰਤਰੀ ਨੇ ਅੱਜ ਆਪਣੀ ਸਰਕਾਰੀ ਰਿਹਾਇਸ਼ ਵਿਖੇ ਝੋਨੇ ਦੀ ਸਿੱਧੀ ਬਿਜਾਈ (ਡੀਐਸਆਰ) ਲਈ ਆਪਣੀ ਇੱਛਾ ਪ੍ਰਗਟ ਕਰਨ ਵਾਸਤੇ ਕਿਸਾਨਾਂ ਲਈ ਵਿਸ਼ੇਸ਼ ਡੀਐਸਆਰ ਪੋਰਟਲ (https://agrimachinerypb.com/home/DSR22) ਦੀ ਸ਼ੁਰੂਆਤ ਕੀਤੀ।
ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਸਾਨੂੰ ਖੁਸ਼ੀ ਹੈ ਕਿ ਪੰਜਾਬ ਦਾ ਪਾਣੀ ਬਚਾਉਣ ਦੀ ਸਾਡੀ ਮੁਹਿੰਮ ਨੂੰ ਕਿਸਾਨ ਭਰਾਵਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ₹1500/ਏਕੜ ਸਹਾਇਤਾ ਰਾਸ਼ੀ ਦਾ ਐਲਾਨ ਕੀਤਾ ਸੀ। ਅੱਜ ਇੱਕ ਪੋਰਟਲ ਲਾਂਚ ਕੀਤਾ, ਜਿੱਥੇ ਕਿਸਾਨ ਆਪਣਾ ਨਾਮ ਤੇ ਜਾਣਕਾਰੀ ਭਰਕੇ ਸਰਕਾਰ ਦੀ ਸਕੀਮ ਦਾ ਲਾਭ ਲੈ ਸਕਦੇ ਹਨ।
ਦੱਸ ਦਈਏ ਕਿ ਪੰਜਾਬ ਵਿੱਚ ਜ਼ਮੀਨੀ ਪਾਣੀ ਦਾ ਪੱਧਰ ਲਗਾਤਾਰ ਥੱਲੇ ਜਾ ਰਿਹਾ ਹੈ ਤੇ ਝੋਨੇ ਦੀ ਖੇਤੀ ਵਿੱਚ ਬਹੁਤ ਜ਼ਿਆਦਾ ਪਾਣੀ ਦੀ ਵਰਤੋ ਹੁੰਦੀ ਹੈ। ਇਸ ਲਈ ਸਰਕਾਰ ਪਾਣੀ ਦੀ ਬੱਚਤ ਲਈ ਸਿੱਧੀ ਬਿਜਾਈ ਉੱਤੇ ਜ਼ਿਆਦਾ ਜ਼ੋਰ ਦੇ ਰਹੀ ਹੈ। ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਸਿੱਧੀ ਬਿਜਾਈ ਦੀ ਤਕਨੀਕ ਨਾਲ ਝੋਨੇ ਦੀ ਬਿਜਾਈ ਦੀ ਸ਼ੁਰੂਆਤ 20 ਮਈ ਤੋਂ ਕਰਨ ਲਈ ਕਿਹਾ ਸੀ।
ਪੰਜਾਬ ਸਰਕਾਰ ਵੱਲੋਂ ਇਸ ਵਾਰ ਸਿੱਧੀ ਬਿਜਾਈ ਹੇਠ 12 ਲੱਖ ਹੈਕਟੇਅਰ ਰਕਬਾ ਲਿਆਉਣ ਦਾ ਟੀਚਾ ਮਿਥਿਆ ਗਿਆ ਹੈ। ਸਰਕਾਰ ਨੇ ਦਾਅਵਾ ਕੀਤਾ ਹੈ ਕਿ ਪਿਛਲੇ ਸਾਲ 6 ਲੱਖ ਹੈਕਟੇਅਰ ਰਕਬੇ ਵਿੱਚ ਸਿੱਧੀ ਬਿਜਾਈ ਹੋਈ ਸੀ, ਜਿਸ ’ਚ ਬਠਿੰਡਾ, ਮੁਕਤਸਰ ਤੇ ਫਾਜ਼ਿਲਕਾ ਜ਼ਿਲ੍ਹੇ ਸੂਬੇ ਵਿੱਚੋਂ ਮੋਹਰੀ ਸਨ। ਇਸ ਵਾਰ ਪੰਜਾਬ ਸਰਕਾਰ ਵੱਲੋਂ ਮਾਲਵਾ ਖੇਤਰ ਵਿੱਚ ਸਿੱਧੀ ਬਿਜਾਈ ਵੱਡੇ ਪੱਧਰ ’ਤੇ ਉਤਸ਼ਾਹਿਤ ਕਰਨ ਲਈ ਜ਼ੋਰ ਲਾਇਆ ਜਾ ਰਿਹਾ ਹੈ।
ਉਧਰ, ਹਰਿਆਣਾ ਸਰਕਾਰ ਨੇ ਧਰਤੀ ਹੇਠਲਾਂ ਪਾਣੀ ਬਚਾਉਣ ਲਈ ਝੋਨੇ ਦੀ ਬਿਜਾਈ ਦਾ ਤੌਰ ਤਰੀਕਾ ਬਦਲਣ ਦੀ ਮੁਹਿੰਮ ਛੇੜ ਦਿੱਤੀ ਹੈ। ਇਸ ਤਹਿਤ ਸਰਕਾਰ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 4 ਹਜ਼ਾਰ ਰੁਪਏ ਪ੍ਰਤੀ ਏਕੜ ਮਦਦ ਦੇਵੇਗੀ। ਇਸ ਬਾਬਤ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਪਿਛਲੇ ਦਿਨੀਂ ਐਲਾਨ ਕੀਤਾ ਸੀ। ਉਨ੍ਹਾਂ ਨੇ ਇਹ ਯੋਜਨਾ 12 ਜ਼ਿਲ੍ਹਿਆਂ ’ਚ ਲਾਗੂ ਕਰਨ ਦਾ ਐਲਾਨ ਕੀਤਾ ਹੈ। ਇਨ੍ਹਾਂ ’ਚ ਅੰਬਾਲਾ, ਯਮੁਨਾਨਗਰ, ਕਰਨਾਲ, ਕੁਰੂਕ