Punjab Government procurement of wheat started from today


ਮੁਹਾਲੀ: ਪੰਜਾਬ ਵਿੱਚ ਕਣਕ ਦੀ ਵਾਢੀ ਸ਼ੁਰੂ ਹੋ ਗਈ ਹੈ। ਅੱਜ ਤੋਂ ਕਣਕ ਦੀ ਸਰਕਾਰੀ ਖਰੀਦ ਵੀ ਸ਼ੁਰੂ ਹੋ ਗਈ ਹੈ। ਇਸ ਦੇ ਨਾਲ ਹੀ ਹੀ ਸਰਕਾਰ ਨੇ ਕਣਕ ਦੀ ਵਾਢੀ ਬਾਰੇ ਕੁਝ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਸਰਕਾਰ ਵੱਲੋਂ ਸ਼ਾਮ 7 ਵਜੇ ਤੋਂ ਲੈ ਕੇ ਸਵੇਰੇ 9 ਵਜੇ ਤੱਕ ਕੰਬਾਈਨਾਂ ਨਾਲ ਕਣਕ ਦੀ ਫ਼ਸਲ ਕੱਟਣ ’ਤੇ ਪਾਬੰਦੀ ਲਗਾ ਦਿੱਤੀ ਹੈ।


ਮੁਹਾਲੀ ਦੀ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਜ਼ਿਲ੍ਹੇ ਦੀ ਹੱਦ ਅੰਦਰ ਸ਼ਾਮ 7 ਵਜੇ ਤੋਂ ਲੈ ਕੇ ਸਵੇਰੇ 9 ਵਜੇ ਤੱਕ ਕੰਬਾਈਨਾਂ ਨਾਲ ਕਣਕ ਦੀ ਫ਼ਸਲ ਕੱਟਣ ’ਤੇ ਪਾਬੰਦੀ ਲਗਾ ਦਿੱਤੀ ਹੈ। ਇਸੇ ਤਰ੍ਹਾਂ ਕਣਕ ਦੀ ਰਹਿੰਦ ਖੂੰਹਦ ਨੂੰ ਸਾੜਨ ’ਤੇ ਵੀ ਰੋਕ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਸਾਰੀਆਂ ਕੰਬਾਈਨਾਂ ਨੂੰ ਕੰਬਾਈਨ ਹਾਰਵੈਸਟਰ ਸੁਪਰ ਐਸਐਮਐਸ ਲਵਾ ਕੇ ਹੀ ਵਰਤਿਆ ਜਾਵੇ। ਇਹ ਹੁਕਮ 30 ਮਈ ਤੱਕ ਲਾਗੂ ਰਹਿਣਗੇ।


ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਦੱਸਿਆ ਕਿ ਰਾਤ ਨੂੰ ਕੰਬਾਈਨਾਂ ਚਲਾਉਣ ਨਾਲ ਹਾਦਸੇ ਵਾਪਰਨ ਦਾ ਖ਼ਤਰਾ ਵਧ ਜਾਂਦਾ ਹੈ। ਕੰਬਾਈਨਾਂ ਜਦੋਂ ਰਾਤ ਵੇਲੇ ਕਣਕ ਦੀ ਕਟਾਈ ਕਰਦੀਆਂ ਹਨ ਤਾਂ ਜਿਹੜੀ ਫ਼ਸਲ ਚੰਗੀ ਤਰ੍ਹਾਂ ਸੁੱਕੀ ਨਹੀਂ ਹੁੰਦੀ ਉਸ ਵਿੱਚ ਨਮੀ ਨਿਰਧਾਰਤ ਮਾਪਦੰਡਾਂ ਤੋਂ ਵਧ ਹੁੰਦੀ ਹੈ।


ਦੱਸ ਦਈਏ ਕਿ ਪੰਜਾਬ ’ਚ ਕਣਕ ਦੀ ਸਰਕਾਰੀ ਖ਼ਰੀਦ ਅੱਜ ਤੋਂ ਸ਼ੁਰੂ ਹੋ ਰਹੀ ਹੈ। ਖ਼ਰੀਦ ਏਜੰਸੀਆਂ ਵੱਲੋਂ ਕਣਕ ਦੀ ਖ਼ਰੀਦ ਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਪੰਜਾਬ ਸਰਕਾਰ ਨੇ ਖ਼ਰੀਦ ਏਜੰਸੀਆਂ ਨੂੰ ਇਸ ਵਾਰ 12 ਘੰਟਿਆਂ ਵਿੱਚ ਫ਼ਸਲ ਦੀ ਅਦਾਇਗੀ ਕਰਨ ਦੇ ਹੁਕਮ ਦਿੱਤੇ ਹਨ। ਖ਼ਰੀਦ ਕੇਂਦਰਾਂ ਵਿੱਚ ਸਟਾਫ਼ ਦੀ ਤਾਇਨਾਤੀ ਕਰ ਦਿੱਤੀ ਗਈ ਹੈ। ਮਾਲਵਾ ਖ਼ਿੱਤੇ ਵਿੱਚ ਕਣਕ ਦੀ ਵਾਢੀ ਸ਼ੁਰੂ ਹੋ ਚੁੱਕੀ ਹੈ ਪਰ ਮੰਡੀਆਂ ਵਿੱਚ ਕਣਕ ਅਜੇ ਮੱਠੀ ਚਾਲ ਹੀ ਪਹੁੰਚੇਗੀ।


ਹਾਸਲ ਜਾਣਕਾਰੀ ਮੁਤਾਬਕ ਪੰਜਾਬ ਸਰਕਾਰ ਵੱਲੋਂ ਐਤਕੀਂ 132 ਲੱਖ ਮੀਟਰਿਕ ਟਨ ਕਣਕ ਦੀ ਖ਼ਰੀਦ ਦਾ ਟੀਚਾ ਮਿੱਥਿਆ ਗਿਆ ਹੈ ਜਦੋਂਕਿ ਉਤਪਾਦਨ 175 ਲੱਖ ਮੀਟਰਿਕ ਟਨ ਹੋਣ ਦਾ ਅਨੁਮਾਨ ਹੈ। ਗਰਮੀ ਜ਼ਿਆਦਾ ਪੈਣ ਕਰਕੇ ਝਾੜ ਨੂੰ ਮਾਰ ਪੈ ਸਕਦੀ ਹੈ। ਰੂਸ-ਯੂਕਰੇਨ ਜੰਗ ਕਰਕੇ ਐਤਕੀਂ ਕੌਮਾਂਤਰੀ ਬਾਜ਼ਾਰ ’ਚ ਕਣਕ ਦੀ ਮੰਗ ਵਧ ਗਈ ਹੈ ਤੇ ਕਣਕ ਦੇ ਭਾਅ ਘੱਟੋ ਘੱਟ ਸਮਰਥਨ ਮੁੱਲ ਤੋਂ ਵੀ ਜ਼ਿਆਦਾ ਚੱਲ ਰਹੇ ਹਨ।


ਇਹ ਵੀ ਪੜ੍ਹੋ: ਰੂਪੀ ਗਿੱਲ ਤੇ ਨਿਰਮਲ ਰਿਸ਼ੀ ਦੀ ਨਵੀਂ ਪੰਜਾਬੀ ਫਿਲਮ Arzoi ਦਾ ਐਲਾਨ, ਜਾਣੋ ਫਿਲਮ ਬਾਰੇ ਕੁਝ ਖਾਸ