ਚੰਡੀਗੜ੍ਹ: ਕਿਸਾਨ ਯੂਨੀਅਨਾਂ ਦੀ ਸਹਿਮਤੀ ਮਗਰੋਂ ਪੰਜਾਬ ਸਰਕਾਰ ਨੇ ਝੋਨੇ ਦੀ ਲੁਆਈ ਦੀ ਪਲਾਨਿੰਗ ਦਾ ਐਲਾਨ ਕਰ ਦਿੱਤਾ ਹੈ। ਹੁਣ ਪੰਜਾਬ ਦੇ ਮਾਲਵਾ ਖੇਤਰ ਵਿੱਚ ਝੋਨੇ ਦੀ ਲੁਆਈ 17 ਜੂਨ ਤੋਂ ਸ਼ੁਰੂ ਹੋਵੇਗੀ ਜਦਕਿ ਮਾਝੇ ਤੇ ਦੋਆਬੇ ’ਚ 14 ਜੂਨ ਤੋਂ ਝੋਨਾ ਲਾਉਣ ਦਾ ਕੰਮ ਸ਼ੁਰੂ ਹੋਵੇਗਾ। ਇਸ ਤੋਂ ਇਲਾਵਾ ਕੌਮਾਂਤਰੀ ਸਰਹੱਦ ਲਾਗੇ ਕੰਡਿਆਲੀ ਤਾਰ ਤੋਂ ਪਾਰ ਝੋਨਾ 10 ਜੂਨ ਤੋਂ ਲੱਗਣਾ ਸ਼ੁਰੂ ਹੋ ਜਾਵੇਗਾ।

ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਦੌਰਾਨ ਬਣੀ ਸਹਿਮਤੀ ਮਗਰੋਂ ਸੋਮਵਾਰ ਨੂੰ ਪੰਜਾਬ ਸਰਕਾਰ ਵੱਲੋਂ ਨਵਾਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਨੋਟੀਫਿਕੇਸ਼ਨ ਅਨੁਸਾਰ ਜ਼ਿਲ੍ਹਾ ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਤਰਨ ਤਾਰਨ, ਨਵਾਂ ਸ਼ਹਿਰ, ਗੁਰਦਾਸਪੁਰ, ਪਠਾਨਕੋਟ, ਅੰਮ੍ਰਿਤਸਰ, ਰੂਪਨਗਰ ਤੇ ਮੁਹਾਲੀ ਜ਼ਿਲ੍ਹੇ ਵਿਚ ਝੋਨੇ ਦੀ ਲੁਆਈ 14 ਜੂਨ ਤੋਂ ਸ਼ੁਰੂ ਹੋਵੇਗੀ।

ਇਸੇ ਤਰ੍ਹਾਂ ਬਠਿੰਡਾ, ਬਰਨਾਲਾ, ਫਰੀਦਕੋਟ, ਫਤਹਿਗੜ੍ਹ ਸਾਹਿਬ, ਫਿਰੋਜ਼ਪੁਰ, ਲੁਧਿਆਣਾ, ਮਾਲੇਰਕੋਟਲਾ, ਮਾਨਸਾ, ਮੋਗਾ, ਮੁਕਤਸਰ, ਪਟਿਆਲਾ, ਸੰਗਰੂਰ ਅਤੇ ਫਾਜ਼ਿਲਕਾ ਜ਼ਿਲ੍ਹੇ ਵਿਚ ਝੋਨੇ ਦੀ ਲੁਆਈ 17 ਜੂਨ ਤੋਂ ਸ਼ੁਰੂ ਹੋਵੇਗੀ। ਪਾਵਰਕੌਮ ਵੱਲੋਂ ਕੰਡਿਆਲੀ ਤਾਰ ਤੋਂ ਪਾਰ ਦੇ ਕਿਸਾਨਾਂ ਨੂੰ 10 ਜੂਨ ਤੋਂ, ਮਾਲਵਾ ਖ਼ਿੱਤੇ ਵਿੱਚ 17 ਜੂਨ ਅਤੇ ਮਾਝੇ ਦੋਆਬੇ ਵਿਚ 14 ਜੂਨ ਤੋਂ ਖੇਤੀ ਸੈਕਟਰ ਲਈ ਅੱਠ ਘੰਟੇ ਬਿਜਲੀ ਸਪਲਾਈ ਦਿੱਤੀ ਜਾਵੇਗੀ।

ਉਧਰ, ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਝੋਨੇ ਦੇ ਸੀਜਨ ਦੌਰਾਨ ਨਿਰਧਾਰਤ ਬਿਜਲੀ ਸਪਲਾਈ ਦੇਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਸੀਨੀਅਰ ਅਧਿਕਾਰੀਆਂ ਨੂੰ ਕਿਹਾ ਕਿ ਸੀਜਨ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਨੂੰ ਦੇਣ ਲਈ ਲੋੜੀਂਦੇ ਠੋਸ ਪ੍ਰਬੰਧ ਮੁਕੰਮਲ ਕਰ ਲਏ ਜਾਣ ਤਾਂ ਜੋ ਕਿਸਾਨਾਂ ਨੂੰ ਨਿਰਧਾਰਤ ਸਮਾਂ ਸੀਮਾ ਅਨੁਸਾਰ ਬਿਜਲੀ ਸਪਲਾਈ ਦਿੱਤੀ ਜਾ ਸਕੇ। ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਕਿਸਾਨਾਂ ਨੂੰ ਬਿਜਲੀ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।


ਅਚਾਨਕ ਆਮਸਾਨ ਤੋਂ ਡਿੱਗਣ ਲੱਗੇ ਬਰਫ ਦੇ ਵੱਡੇ-ਵੱਡੇ ਗੋਲੇ, ਪੰਜਾਬ 'ਚ ਕਈ ਥਾਈਂ ਫਸਲਾਂ ਦਾ ਭਾਰੀ ਨੁਕਸਾਨ, ਕਿਸਾਨਾਂ ਨੇ ਮੰਗਿਆ ਮੁਆਵਜ਼ਾ