ਚੰਡੀਗੜ੍ਹ: ਪਰਾਲੀ ਸਾੜਨ ਤੋਂ ਰੋਕਣ ਲਈ ਪੰਜਾਬ ਸਰਕਾਰ ਅਸਫਲ ਰਹੀ ਹੈ। ਕਿਸਾਨਾਂ ਨੇ ਸਪਸ਼ਟ ਕਹਿ ਦਿੱਤਾ ਹੈ ਕਿ ਮੁਆਵਜ਼ਾ ਦੇਣ ਮਗਰੋਂ ਹੀ ਉਹ ਪਰਾਲੀ ਦੇ ਖੇਤਾਂ ਵਿੱਚ ਨਿਬੇੜਾ ਕਰ ਸਕਦੇ ਹਨ। ਸਰਕਾਰ ਨੇ ਮੁਆਵਜ਼ੇ ਤੋਂ ਟਾਲਾ ਵੱਟਦਿਆਂ ਕਈ ਨਵੇਂ ਹੁਕਮ ਜਾਰੀ ਕਰ ਦਿੱਤੇ ਹਨ।


ਖੇਤੀਬਾੜੀ ਸਕੱਤਰ ਕਾਹਨ ਸਿੰਘ ਪੰਨੂ ਨੇ ਤਾਜ਼ਾ ਹੁਕਮ ਜਾਰੀ ਕਰਦਿਆਂ ਕਿਹਾ ਕਿ ਜੇਕਰ ਐਨਆਰਆਈ ਪੰਜਾਬੀਆਂ ਜਾਂ ਸ਼ਹਿਰੀ ਖੇਤਰਾਂ ਵਿੱਚ ਰਹਿੰਦੇ ਲੋਕਾਂ ਦੀ ਮਾਲਕੀ ਵਾਲੇ ਖੇਤਾਂ ਵਿੱਚ ਅੱਗ ਲਾਉਣ ਦੀ ਘਟਨਾ ਵਾਪਰਦੀ ਹੈ ਤਾਂ ਇਸ ਨੂੰ ਸਿੱਧੇ ਤੌਰ ’ਤੇ ਸਰਕਾਰ ਦੇ ਹੁਕਮਾਂ ਦੀ ਉਲੰਘਣਾ ਮੰਨਦੇ ਹੋਏ ਜ਼ਮੀਨ ਮਾਲਕਾਂ ਵਿਰੁੱਧ ਵੀ ਕਾਨੂੰਨ ਮੁਤਾਬਕ ਕਾਰਵਾਈ ਕੀਤੀ ਜਾਵੇਗੀ ਕਿਉਂਕਿ ਉਹ ਜ਼ਮੀਨ ਦਾ ਠੇਕਾ ਲੈਂਦੇ ਹਨ।

ਉਨ੍ਹਾਂ ਦੱਸਿਆ ਕਿ ਸਾਰੇ ਮਾਲ ਪਟਵਾਰੀਆਂ ਨੂੰ ਉਸ ਖੇਤੀਬਾੜੀ ਜ਼ਮੀਨ, ਜਿਸ ਵਿੱਚ ਪਰਾਲੀ ਸਾੜਨ ਦੀ ਕੋਈ ਘਟਨਾ ਵਾਪਰਦੀ ਹੈ, ਦੀ ਗਿਰਦਾਵਰੀ ਵਿੱਚ ‘ਰੈੱਡ ਐਂਟਰੀ’ ਦਰਜ ਕਰਨ ਦੇ ਨਿਰਦੇਸ਼ ਦਿੱਤੇ ਜਾ ਚੁੱਕੇ ਹਨ।

ਇਸ ਤੋਂ ਪਹਿਲਾਂ ਸਰਕਾਰ ਨੇ ਸਰਕਾਰੀ ਮੁਲਾਜ਼ਮਾਂ ਨੂੰ ਚੇਤਾਵਨੀ ਦਿੱਤੀ ਸੀ ਕਿ ਜੇਕਰ ਉਨ੍ਹਾਂ ਦੇ ਖੇਤਾਂ ਵਿੱਚ ਪਰਾਲੀ ਸਾੜੀ ਜਾਂਦੀ ਹੈ ਤਾਂ ਉਨ੍ਹਾਂ ਖਿਲਾਫ ਕਾਰਵਾਈ ਹੋਏਗੀ। ਇਸ ਤੋਂ ਇਲਾਵਾ ਪਰਾਲੀ ਸਾੜਨ ਵਾਲੇ ਕਿਸਾਨ ਪੰਚਾਇਤੀ ਜ਼ਮੀਨ ਦੀ ਬੋਲੀ ਨਹੀਂ ਦੇ ਸਕਣਗੇ।