ਚੰਡੀਗੜ੍ਹ: ਪੰਜਾਬ ਵਿੱਚ ਝੋਨੇ ਦੀ ਸਿੱਧੀ ਬਿਜਾਈ ਅੱਜ ਤੋਂ ਸ਼ੁਰੂ ਹੋ ਰਹੀ ਹੈ। ਪੰਜਾਬ ਸਰਕਾਰ ਨੇ ਇਸ ਵਾਰ ਝੋਨੇ ਦੀ ਸਿੱਧੀ ਬਿਜਾਈ 20 ਮਈ ਤੋਂ ਸ਼ੁਰੂ ਕਰਨ ਦੀ ਇਜਾਜ਼ਤ ਦਿੱਤੀ ਹੈ। ਪੰਜਾਬ ਸਰਕਾਰ ਨੇ ਇਸ ਵਾਰ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਵਾਸਤੇ ਤੇ ਪਨੀਰੀ ਰਾਹੀਂ ਝੋਨਾ ਲਾਉਣ ਦੀ ਪ੍ਰਕਿਰਿਆ ਨੂੰ ਘਟਾਉਣ ਲਈ 1,500 ਰੁਪਏ ਪ੍ਰਤੀ ਏਕੜ ਦੇਣ ਦਾ ਐਲਾਨ ਕੀਤਾ ਹੋਇਆ ਹੈ। ਸਰਕਾਰ ਵੱਲੋਂ ਇਸ ਵਾਰ ਸਿੱਧੀ ਬਿਜਾਈ ਹੇਠ 12 ਲੱਖ ਹੈਕਟੇਅਰ ਰਕਬਾ ਲਿਆਉਣ ਦਾ ਟੀਚਾ ਮਿਥਿਆ ਗਿਆ ਹੈ।



ਖੇਤੀਬਾੜੀ ਆਧਿਕਾਰੀਆਂ ਦਾ ਕਹਿਣਾ ਹੈ ਕਿ ਝੋਨੇ ਦੀ ਸਿੱਧੀ ਬਿਜਾਈ ਨਾਲ 15 ਤੋਂ 20% ਪਾਣੀ ਦੀ ਬੱਚਤ ਹੁੰਦੀ ਹੈ ਤੇ 12% ਪਾਣੀ ਜ਼ਮੀਨ ਵਿੱਚ ਵੱਧ ਰੀਚਾਰਜ ਹੁੰਦਾ ਹੈ। ਇਹ ਬਿਜਾਈ ਸਿਰਫ਼ ਦਰਮਿਆਨੀ ਤੋਂ ਭਾਰੀਆਂ ਜ਼ਮੀਨਾਂ ਵਿੱਚ ਹੀ ਕੀਤੀ ਜਾ ਸਕਦੀ ਹੈ। ਹਲਕੀਆਂ ਜ਼ਮੀਨਾਂ ਵਿੱਚ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਸਿਫਾਰਸ਼ ਨਹੀਂ, ਕਿਉਂਕਿ ਹਲਕੀਆਂ ਜ਼ਮੀਨਾਂ ਵਿੱਚ ਲੋਹਾ ਤੱਤ ਦੀ ਬਹੁਤ ਘਾਟ ਆ ਜਾਂਦੀ ਹੈ, ਜਿਸ ਕਰਕੇ ਝਾੜ ’ਤੇ ਬਹੁਤ ਅਸਰ ਪੈਂਦਾ ਹੈ।

ਪੰਜਾਬ ਸਰਕਾਰ ਨੇ ਜ਼ਿਲ੍ਹਿਆਂ ਦੇ ਖੇਤੀਬਾੜੀ ਮਹਿਕਮਿਆਂ ਦੇ ਮੁਖੀਆਂ ਨੂੰ ਇਸ ਸਬੰਧੀ ਕਿਸਾਨਾਂ ਨੂੰ ਵੱਧ ਤੋਂ ਵੱਧ ਉਤਸ਼ਾਹਿਤ ਕਰਨ ਲਈ ਪਹਿਲਾਂ ਤੋਂ ਪ੍ਰੇਰਿਤ ਕਰਨ ਦੇ ਆਦੇਸ਼ ਦਿੱਤੇ ਹੋਏ ਸਨ। ਪੰਜਾਬ ਵਿੱਚ ਇਹ ਪਹਿਲੀ ਵਾਰ ਹੈ ਕਿ ਝੋਨੇ ਦੀ ਸਿੱਧੀ ਬਿਜਾਈ ਲਈ ਇਸ ਵਾਰ ਬਾਗਬਾਨੀ ਵਿਭਾਗ ਤੇ ਭੂਮੀ ਰੱਖਿਆ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਖੇਤੀ ਵਿਭਾਗ ਨਾਲ ਜੁੱਟਣ ਦੀ ਵੱਖਰੇ ਤੌਰ ’ਤੇ ਹਦਾਇਤ ਕੀਤੀ ਗਈ ਹੈ।

ਪੰਜਾਬ ਸਰਕਾਰ ਨੇ ਦਾਅਵਾ ਕੀਤਾ ਹੈ ਕਿ ਪਿਛਲੇ ਸਾਲ 6 ਲੱਖ ਹੈਕਟੇਅਰ ਰਕਬੇ ਵਿੱਚ ਸਿੱਧੀ ਬਿਜਾਈ ਹੋਈ ਸੀ, ਜਿਸ ’ਚ ਬਠਿੰਡਾ, ਮੁਕਤਸਰ ਤੇ ਫਾਜ਼ਿਲਕਾ ਜ਼ਿਲ੍ਹੇ ਸੂਬੇ ਵਿੱਚੋਂ ਮੋਹਰੀ ਸਨ। ਇਸ ਵਾਰ ਪੰਜਾਬ ਸਰਕਾਰ ਵੱਲੋਂ ਮਾਲਵਾ ਖੇਤਰ ਵਿੱਚ ਸਿੱਧੀ ਬਿਜਾਈ ਵੱਡੇ ਪੱਧਰ ’ਤੇ ਉਤਸ਼ਾਹਿਤ ਕਰਨ ਲਈ ਜ਼ੋਰ ਲਾਇਆ ਜਾ ਰਿਹਾ ਹੈ।

ਇਸੇ ਦੌਰਾਨ ਝੋਨੇ ਦੀ ਸਿੱਧੀ ਬਿਜਾਈ ਲਈ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਵਾਸਤੇ ਪੰਜਾਬ ਸਰਕਾਰ ਦੇ ਆਦੇਸ਼ਾਂ ’ਤੇ ਖੇਤੀਬਾੜੀ ਵਿਭਾਗ ਵੱਲੋਂ ਪਾਣੀ ਦੀ ਬੱਚਤ ਸਬੰਧੀ ਇੱਕ ਰੋਜ਼ਾ ਵਿਸ਼ੇਸ਼ ਟ੍ਰੇਨਿੰਗ ਲਗਾਈ ਗਈ, ਜਿਸ ਵਿੱਚ 129 ਅਧਿਕਾਰੀਆਂ ਨੇ ਇਸ ਬਿਜਾਈ ਦੇ ਮਾਹਿਰਾਂ ਵੱਲੋਂ ਗੁਰਮੰਤਰ ਸਿੱਖੇ। ਇਸ ਟ੍ਰੇਨਿੰਗ ਵਿੱਚ ਖੇਤੀਬਾੜੀ ਵਿਭਾਗ, ਬਾਗਬਾਨੀ ਵਿਭਾਗ ਤੇ ਭੂਮੀ ਰੱਖਿਆ ਵਿਭਾਗ ਦੇ ਅਧਿਕਾਰੀ/ਕਰਮਚਾਰੀਆਂ ਤੋਂ ਇਲਾਵਾ ਅਗਾਹਵਧੂ ਕਿਸਾਨਾਂ ਨੇ ਵੀ ਭਾਗ ਲਿਆ।