ਚੰਡੀਗੜ੍ਹ: ਪੰਜਾਬ ਦੀਆਂ ਮੰਡੀਆਂ ਵਿੱਚ ਜਿਸ ਝੋਨੇ ਨੂੰ ਨਮੀ ਦੀ ਮਾਤਰਾ ਜ਼ਿਆਦਾ ਦੱਸ ਕੇ ਰੱਦ ਕਰ ਦਿੱਤਾ ਜਾਂਦਾ ਹੈ, ਉਹ ਹਰਿਆਣਾ ਦੀਆਂ ਮੰਡੀਆਂ ਵਿੱਚ ਝਟਪਟ ਵਿਕ ਜਾਂਦਾ ਹੈ। ਇਸ ਲਈ ਪੰਜਾਬ ਦੇ ਕਿਸਾਨਾਂ ਨੇ ਝੋਨਾ ਵੇਚਣ ਲਈ ਹਰਿਆਣਾ ਵੱਲ਼ ਚਾਲੇ ਪਾ ਦਿੱਤੇ ਹਨ। ਇਸ ਨਾਲ ਜਿੱਥੇ ਕਿਸਾਨਾਂ ਦੀ ਖੱਜਲ-ਖੁਆਰੀ ਹੋ ਰਹੀ ਹੈ, ਉੱਥੇ ਪੰਜਾਬ ਸਰਕਾਰ ਨੂੰ ਵੀ ਵਿੱਤੀ ਘਾਟਾ ਪੈ ਰਿਹਾ ਹੈ।

 

ਕਿਸਾਨਾਂ ਦਾ ਕਹਿਣਾ ਹੈ ਕਿ ਪੰਜਾਬ ਦੀਆਂ ਮੰਡੀਆਂ ਵਿੱਚ ਸਰਕਾਰੀ ਏਜੰਸੀਆਂ ਝੋਨੇ ਦੀ ਖਰੀਦ ਲਈ ਬੜੇ ਨਖਰੇ ਕਰ ਰਹੀਆਂ ਹਨ। ਨਮੀ ਦਾ ਬਹਾਨਾ ਬਣਾ ਕੇ ਖੱਜਲ-ਖੁਆਰ ਕੀਤਾ ਜਾ ਰਿਹਾ ਹੈ। ਕਿਸਾਨ ਕਈ-ਕਈ ਦਿਨ ਮੰਡੀਆਂ ਵਿੱਚ ਬੈਠਣ ਵਿੱਚ ਬੈਠਣ ਲਈ ਮਜਬੂਰ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਨਮੀ ਨੂੰ 17 ਪ੍ਰਤੀਸ਼ਤ ਮੰਨਿਆ ਜਾਂਦਾ ਹੈ, ਜਦੋਂ ਕਿ ਹਰਿਆਣਾ ਵਿੱਚ 22 ਤੋਂ ਟੱਪੀ ਨਮੀ ਵਾਲੇ ਝੋਨੇ ਨੂੰ ਹੱਸ ਕੇ ਖਰੀਦਿਆ ਜਾ ਰਿਹਾ ਹੈ। ਕਿਸਾਨਾਂ ਨੂੰ ਗਿਲਾ ਹੈ ਕਿ ਪੰਜਾਬ ਸਰਕਾਰ ਇਸ ਮਾਮਲੇ ‘ਚ ਅਜੇ ਵੀ ਗੰਭੀਰ ਨਹੀਂ ਹੋਈ ਹੈ, ਜਦੋਂਕਿ ਸਰਕਾਰ ਨੂੰ ਮਾਰਕੀਟ ਫੀਸ ਤੇ ਆਰਡੀਐਫ ਵਜੋਂ ਰੋਜ਼ਾਨਾ ਲੱਖਾਂ ਰੁਪਏ ਦਾ ਨੁਕਸਾਨ ਹੋਣ ਲੱਗਿਆ।

ਇਸ ਤੋਂ ਇਹ ਵੀ ਸਪਸ਼ਟ ਹੈ ਕਿ ਕੇਂਦਰ ਸਰਕਾਰ ਵੱਲੋਂ ਝੋਨੇ ਦੀ ਖਰੀਦ ਲਈ ਜਾਰੀ ਮਾਪਦੰਡ ਦੋਗਲ਼ੇ ਹਨ। ਪੰਜਾਬ ਵਿੱਚ 17 ਫੀਸਦੀ ਨਮੀ ਵਾਲਾ ਝੋਨਾ ਨਹੀਂ ਵਿਕ ਰਿਹਾ ਤੇ ਹਰਿਆਣਾ ਵਿੱਚ 25 ਫੀਸਦੀ ਨਮੀ ਤੱਕ ਵਾਲਾ ਝੋਨਾ ਖਰੀਦੀਆਂ ਜਾ ਰਿਹਾ ਹੈ। ਯਾਦ ਰਹੇ ਹਰਿਆਣਾ ਵਿੱਚ ਬੀਜੇਪੀ ਦੀ ਸਰਕਾਰ ਹੈ ਤੇ ਪੰਜਾਬ ਵਿੱਚ ਕਾਂਗਰਸ ਦੀ। ਇਸ ਵਿਤਕਰੇ ਨੂੰ ਸਿਆਸਤ ਨਾਲ ਵੀ ਜੋੜ ਕੇ ਵੇਖਿਆ ਜਾ ਰਿਹਾ ਹੈ। ਉਧਰ, ਪਤਾ ਲੱਗਾ ਹੈ ਕਿ ਹਰਿਆਣਾ ਸਰਕਾਰ ਵੀ ਬਰਾਡਰ 'ਤੇ ਪੰਜਾਬ ਦੇ ਕਿਸਾਨਾਂ ਦੇ ਝੋਨਾ ਰੋਕਣ ਲੱਗੀ ਹੈ।