Punjab Weather and Pollution Report Today: ਪੰਜਾਬ ਵਿੱਚ ਅੱਜ ਗਰਮੀ ਤੋਂ ਰਾਹਤ ਮਿਲੀ ਹੈ। ਵੈਸਟਰਨ ਡਿਸਟਰਬੈਂਸ ਕਰਕੇ ਰਾਜਧਾਨੀ ਚੰਡੀਗੜ੍ਹ ਤੇ ਪੰਜਾਬ ਦੇ ਕਈ ਇਲਾਕਿਆਂ ਵਿੱਚ ਹਲਕੀ ਬਾਰਸ਼ ਹੋਈ ਹੈ। ਇਸ ਨਾਲ ਤਾਪਮਾਨ ਵਿੱਚ ਕਾਫੀ ਗਿਰਾਵਟ ਦਰਜ ਕੀਤੀ ਗਈ ਹੈ। ਭਾਰਤੀ ਮੌਸਮ ਵਿਭਾਗ (ਆਈਐਮਡੀ) ਨੇ ਬੁੱਧਵਾਰ ਤੇ ਵੀਰਵਾਰ ਨੂੰ ਆਸਮਾਨ 'ਚ ਹਲਕੀ ਬੱਦਲਵਾਈ, ਗਰਜ ਤੇ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ।

ਮੌਸਮ ਵਿਭਾਗ ਮੁਤਾਬਕ ਵੀਰਵਾਰ ਨੂੰ ਵੀ ਕਈ ਥਾਵਾਂ 'ਤੇ ਬੱਦਲ ਛਾਏ ਰਹਿ ਸਕਦੇ ਹਨ। ਮੌਸਮ ਵਿੱਚ ਆਏ ਇਸ ਬਦਲਾਅ ਕਾਰਨ ਗਰਮੀ ਤੋਂ ਰਾਹਤ ਮਿਲੀ ਹੈ। ਹਾਲਾਂਕਿ 7 ਮਈ ਤੋਂ ਬਾਅਦ ਇੱਕ ਵਾਰ ਫਿਰ ਗਰਮੀ ਦਾ ਦੌਰ ਸ਼ੁਰੂ ਹੋ ਜਾਵੇਗਾ ਤੇ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਉਪਰ ਰਹਿਣ ਦੀ ਸੰਭਾਵਨਾ ਹੈ। ਦੂਜੇ ਪਾਸੇ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਵਿੱਚ ਹਵਾ ਗੁਣਵੱਤਾ ਸੂਚਕ ਅੰਕ ਮੱਧਮ ਸ਼੍ਰੇਣੀ ਵਿੱਚ ਹੈ। ਆਓ ਜਾਣਦੇ ਹਾਂ ਬੁੱਧਵਾਰ ਨੂੰ ਪੰਜਾਬ ਦੇ ਵੱਡੇ ਜ਼ਿਲ੍ਹਿਆਂ 'ਚ ਕਿਹੋ ਜਿਹਾ ਰਹੇਗਾ ਮੌਸਮ?

ਅੰਮ੍ਰਿਤਸਰ 'ਚ ਬੁੱਧਵਾਰ ਨੂੰ ਵੱਧ ਤੋਂ ਵੱਧ ਤਾਪਮਾਨ 35 ਤੇ ਘੱਟੋ-ਘੱਟ ਤਾਪਮਾਨ 27 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਮੀਂਹ ਜਾਂ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਆਮ ਤੌਰ 'ਤੇ ਬੱਦਲਵਾਈ ਰਹੇਗੀ। ਹਵਾ ਗੁਣਵੱਤਾ ਸੂਚਕ ਅੰਕ 'ਦਰਮਿਆਨੀ' ਸ਼੍ਰੇਣੀ ਵਿੱਚ 120 ਦਰਜ ਕੀਤਾ ਗਿਆ ਸੀ।

ਜਲੰਧਰ 'ਚ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਸੈਲਸੀਅਸ ਤੇ ਘੱਟੋ-ਘੱਟ ਤਾਪਮਾਨ 27 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਇੱਥੇ ਵੀ ਮੌਸਮ ਅੰਮ੍ਰਿਤਸਰ ਵਰਗਾ ਹੀ ਰਹਿਣ ਵਾਲਾ ਹੈ। ਇਸ ਦੇ ਨਾਲ ਹੀ ਏਅਰ ਕੁਆਲਿਟੀ ਇੰਡੈਕਸ 129 ਹੈ, ਜੋ ‘ਦਰਮਿਆਨੀ’ ਸ਼੍ਰੇਣੀ ਵਿੱਚ ਆਉਂਦਾ ਹੈ।

ਲੁਧਿਆਣਾ ਵਿੱਚ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਸੈਲਸੀਅਸ ਤੇ ਘੱਟੋ-ਘੱਟ ਤਾਪਮਾਨ 26 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਇੱਕ ਜਾਂ ਦੋ ਵਾਰ ਮੀਂਹ ਜਾਂ ਗਰਜ ਨਾਲ ਛਿੱਟੇ ਪੈਣ ਦੀ ਸੰਭਾਵਨਾ ਦੇ ਨਾਲ ਅੰਸ਼ਕ ਤੌਰ 'ਤੇ ਬੱਦਲਵਾਈ ਰਹੇਗੀ। 'ਮਾੜੀ' ਸ਼੍ਰੇਣੀ ਵਿੱਚ ਹਵਾ ਗੁਣਵੱਤਾ ਸੂਚਕ ਅੰਕ 215 ਹੈ।

ਪਟਿਆਲਾ ਵਿੱਚ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਸੈਲਸੀਅਸ ਤੇ ਘੱਟੋ-ਘੱਟ ਤਾਪਮਾਨ 26 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਮੌਸਮ ਵੀ ਅੰਮ੍ਰਿਤਸਰ ਵਰਗਾ ਹੀ ਰਹਿਣ ਵਾਲਾ ਹੈ। ਹਵਾ ਗੁਣਵੱਤਾ ਸੂਚਕਾਂਕ 'ਦਰਮਿਆਨੀ' ਸ਼੍ਰੇਣੀ ਵਿੱਚ 172 ਹੈ।