Punjab Weather Update: ਪੰਜਾਬ ਵਿੱਚ ਅਪ੍ਰੈਲ ਦੇ ਸ਼ੁਰੂ ਤੋਂ ਹੀ ਅੱਗ ਵਰ੍ਹ ਰਹੀ ਹੈ। ਪੰਜਾਬ ਦੇ 9 ਜ਼ਿਲ੍ਹਿਆਂ ਵਿੱਚ ਪਿਛਲੇ ਤਿੰਨ ਦਿਨਾਂ ਤੋਂ ਗਰਮੀ ਦਾ ਕਹਿਰ ਜਾਰੀ ਸੀ। ਐਤਵਾਰ ਨੂੰ ਲਗਪਗ ਸਾਰੇ ਜ਼ਿਲ੍ਹਿਆਂ ਵਿੱਚ ਹੀਟ ਵੇਵ ਸ਼ੁਰੂ ਹੋ ਗਈ। ਐਤਵਾਰ ਨੂੰ ਵੀ ਅੰਮ੍ਰਿਤਸਰ, ਮੋਗਾ, ਤਰਨਤਾਰਨ, ਜਲੰਧਰ, ਕਪੂਰਥਲਾ, ਐਸਏਐਸ ਨਗਰ ਵਿੱਚ ਗਰਮੀ ਕਾਰਨ ਜਨਜੀਵਨ ਪ੍ਰਭਾਵਿਤ ਹੋਇਆ।



ਇਸ ਕਾਰਨ ਇਨ੍ਹਾਂ ਜ਼ਿਲ੍ਹਿਆਂ ਵਿੱਚ ਦਿਨ ਦਾ ਤਾਪਮਾਨ 40 ਡਿਗਰੀ ਸੈਲਸੀਅਸ ਨੂੰ ਪਾਰ ਕਰ ਗਿਆ। ਇਸ ਤੋਂ ਪਹਿਲਾਂ ਫਿਰੋਜ਼ਪੁਰ, ਪਟਿਆਲਾ, ਲੁਧਿਆਣਾ, ਬਰਨਾਲਾ, ਮਾਨਸਾ, ਬਠਿੰਡਾ, ਸੰਗਰੂਰ, ਫਤਿਹਗੜ੍ਹ ਸਾਹਿਬ, ਮੁਕਤਸਰ, ਫਾਜ਼ਿਲਕਾ ਵਿੱਚ ਹੀਟਵੇਵ ਚੱਲ ਰਹੀ ਸੀ। ਜਲੰਧਰ ਦਾ ਵੱਧ ਤੋਂ ਵੱਧ ਤਾਪਮਾਨ ਲਗਾਤਾਰ ਤੀਜੇ ਦਿਨ 40 ਡਿਗਰੀ ਤੋਂ ਉਪਰ ਰਿਹਾ। 11 ਸਾਲਾਂ 'ਚ ਇਹ ਪਹਿਲੀ ਵਾਰ ਹੈ ਕਿ ਅਪ੍ਰੈਲ ਦੇ ਦੂਜੇ ਹਫਤੇ ਹੀ ਤਾਪਮਾਨ 40 ਡਿਗਰੀ ਨੂੰ ਪਾਰ ਕਰ ਗਿਆ ਹੈ।

ਪਿਛਲੇ ਦਹਾਕੇ 'ਚ ਅਪ੍ਰੈਲ ਦੇ ਸ਼ੁਰੂਆਤੀ ਦਿਨਾਂ 'ਚ ਔਸਤ ਤਾਪਮਾਨ ਸਿਰਫ 35 ਡਿਗਰੀ ਸੀ ਅਤੇ ਅਪ੍ਰੈਲ ਦੇ ਆਖਰੀ ਹਫਤੇ 'ਚ ਹੀ 40 ਡਿਗਰੀ ਤੱਕ ਪਹੁੰਚ ਗਿਆ ਸੀ ਪਰ ਇਸ ਵਾਰ 15 ਦਿਨ ਪਹਿਲਾਂ ਹੀ ਗਰਮੀ ਪੈ ਰਹੀ ਹੈ। ਮੌਸਮ ਵਿਭਾਗ ਚੰਡੀਗੜ੍ਹ ਦੇ ਅਨੁਸਾਰ ਐਤਵਾਰ ਨੂੰ ਦਿਨ ਦਾ ਤਾਪਮਾਨ ਬਰਨਾਲਾ ਵਿੱਚ 43.1 ਡਿਗਰੀ ਸੈਲਸੀਅਸ, ਮੁਕਤਸਰ ਵਿੱਚ 43.0 ਡਿਗਰੀ ਸੈਲਸੀਅਸ, ਬਠਿੰਡਾ ਵਿੱਚ 42.4 ਡਿਗਰੀ ਸੈਲਸੀਅਸ, ਪਟਿਆਲਾ ਵਿੱਚ 41.8 ਡਿਗਰੀ ਸੈਲਸੀਅਸ, ਮੋਗਾ ਵਿੱਚ 40.5 ਡਿਗਰੀ ਸੈਲਸੀਅਸ, ਲੁਧਿਆਣਾ ਵਿੱਚ 40.7 ਡਿਗਰੀ ਸੈਲਸੀਅਸ, ਲੁਧਿਆਣਾ ਵਿੱਚ 40.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਅੰਮ੍ਰਿਤਸਰ ਅਤੇ ਜਲੰਧਰ ਦਾ ਤਾਪਮਾਨ 40.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਦਿਨ ਵੇਲੇ ਚੱਲਣਗੀਆਂ ਗਰਮ ਹਵਾਵਾਂ 

ਕੇਂਦਰ ਦੇ ਨਿਰਦੇਸ਼ਕ ਡਾ: ਮਨਮੋਹਨ ਸਿੰਘ ਅਨੁਸਾਰ ਸੋਮਵਾਰ ਅਤੇ ਮੰਗਲਵਾਰ ਨੂੰ ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ਵਿਚ ਦਿਨ ਵੇਲੇ ਗਰਮ ਹਵਾਵਾਂ ਚੱਲਣਗੀਆਂ। ਗਰਮੀ ਦਾ ਕਹਿਰ ਲੋਕਾਂ ਨੂੰ ਝੁਲਸਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗਾ। ਅਜਿਹੇ 'ਚ ਲੋਕਾਂ ਨੂੰ ਸੁਰੱਖਿਅਤ ਰਹਿਣਾ ਚਾਹੀਦਾ ਹੈ। 13 ਅਪ੍ਰੈਲ ਤੋਂ ਹਿਮਾਚਲ ਦੇ ਉਪਰਲੇ ਇਲਾਕਿਆਂ 'ਚ ਵੈਸਟਰਨ ਡਿਸਟਰਬੈਂਸ ਸਰਗਰਮ ਹੋ ਰਿਹਾ ਹੈ। ਜਿਸ ਕਾਰਨ ਹਿਮਾਚਲ 'ਚ ਬੱਦਲਵਾਈ ਰਹਿ ਸਕਦੀ ਹੈ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦਾ ਅਸਰ ਪੰਜਾਬ ਦੇ ਕਈ ਜ਼ਿਲ੍ਹਿਆਂ 'ਤੇ ਵੀ ਪਵੇਗਾ। ਹਿਮਾਚਲ ਦੀ ਬਾਰਿਸ਼ ਨਾਲ ਪੰਜਾਬ ਦੇ ਕਈ ਜ਼ਿਲ੍ਹਿਆਂ ਨੂੰ ਇੱਕ-ਦੋ ਦਿਨਾਂ ਤੱਕ ਗਰਮੀ ਤੋਂ ਰਾਹਤ ਮਿਲੇਗੀ।