Punjab Weather Updates : ਪੰਜਾਬ ਦੇ ਕਈ ਹਿੱਸਿਆਂ ਵਿੱਚ ਬੀਤੇ ਦਿਨ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ , ਜਿਸ ਨਾਲ ਤਾਪਮਾਨ ਵਿੱਚ ਗਿਰਾਵਟ ਆਈ ਹੈ। ਮੌਸਮ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਇਸ ਦੇ ਇਲਾਵਾ ਪੰਜਾਬ ਦੇ ਮੋਹਾਲੀ ਅਤੇ ਚੰਡੀਗੜ੍ਹ ਦੇ ਨਾਲ ਲੱਗਦੇ ਹਰਿਆਣਾ ਦੇ ਪੰਚਕੂਲਾ ਵਿੱਚ ਵੀ ਸ਼ੁੱਕਰਵਾਰ ਨੂੰ ਭਾਰੀ ਮੀਂਹ ਪਿਆ ਹੈ। ਪੰਜਾਬ ਦੇ ਰੂਪਨਗਰ , ਸੰਗਰੂਰ , ਬਰਨਾਲਾ ਅਤੇ ਪਟਿਆਲਾ ਵਿੱਚ ਵੀ ਭਾਰੀ ਮੀਂਹ ਪਿਆ ਹੈ। ਹੁਣ ਠੰਢ ਮਹਿਸੂਸ ਹੋਣ ਲੱਗੀ ਹੈ। 


 

ਮੌਸਮ ਵਿਭਾਗ ਦੀ ਭਵਿੱਖਬਾਣੀ ਹੈ ਕਿ ਅਗਲੇ ਦੋ-ਤਿੰਨ ਦਿਨਾਂ ਤੱਕ ਮੀਂਹ ਇਸੇ ਤਰ੍ਹਾਂ ਜਾਰੀ ਰਹੇਗਾ। ਮੀਂਹ ਦਾ ਇਹ ਦੌਰ ਬੁੱਧਵਾਰ ਨੂੰ ਸ਼ੁਰੂ ਹੋਇਆ ਸੀ। ਬੁੱਧਵਾਰ ਨੂੰ ਦਿਨ ਭਰ ਪਏ ਭਾਰੀ ਮੀਂਹ ਤੋਂ ਬਾਅਦ ਵੀਰਵਾਰ -ਸ਼ੁੱਕਰਵਾਰ ਨੂੰ ਪੂਰਾ ਦਿਨ ਬਾਰਿਸ਼ ਹੁੰਦੀ ਰਹੀ ਹੈ। ਮੀਂਹ ਦਾ ਇਹ ਸਿਲਸਿਲਾ ਅੱਜ ਵੀ ਜਾਰੀ ਹੈ। ਅੱਜ ਸਵੇਰੇ ਤੋਂ ਹੀ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ। ਮੀਂਹ ਕਾਰਨ ਸ਼ਹਿਰ ਦੇ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। 


 

ਮੌਸਮ ਵਿਭਾਗ ਨੇ ਅਗਲੇ ਦੋ ਦਿਨਾਂ ਲਈ ਪੰਜਾਬ ਦੇ 16 ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਥਾਵਾਂ 'ਤੇ ਬਿਜਲੀ ਦੇ ਨਾਲ-ਨਾਲ ਤੇਜ਼ ਹਵਾਵਾਂ ਚੱਲਣਗੀਆਂ ਅਤੇ ਹਲਕੀ ਬਾਰਿਸ਼ ਵੀ ਜਾਰੀ ਰਹੇਗੀ। ਮਨਮੋਹਨ ਸਿੰਘ ਡਾਇਰੈਕਟਰ ਮੌਸਮ ਵਿਭਾਗ, ਚੰਡੀਗੜ੍ਹ ਨੇ ਦੱਸਿਆ ਕਿ ਇਨ੍ਹਾਂ ਜ਼ਿਲ੍ਹਿਆਂ ਵਿੱਚ ਮਾਝੇ ਵਿੱਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਦੋਆਬਾ ਵਿੱਚ ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ ਅਤੇ ਜਲੰਧਰ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮਾਲਵਾ ਜ਼ਿਲ੍ਹੇ ਐਸ.ਏ.ਐਸ. ਨਗਰ ਸਨ।

 

ਓਧਰ ਚੰਡੀਗੜ੍ਹ ਅਤੇ ਹਰਿਆਣਾ ਦੇ ਕਈ ਹਿੱਸਿਆਂ ਵਿੱਚ ਮੀਂਹ ਪਿਆ ਹੈ, ਜਿਸ ਨਾਲ ਤਾਪਮਾਨ ਵਿੱਚ ਗਿਰਾਵਟ ਆਈ ਹੈ। ਭਾਰਤੀ ਮੌਸਮ ਵਿਭਾਗ ਦੇ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਮੌਸਮ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਪੰਜਾਬ ਦੇ ਮੋਹਾਲੀ ਅਤੇ ਚੰਡੀਗੜ੍ਹ ਨਾਲ ਲੱਗਦੇ ਹਰਿਆਣਾ ਦੇ ਪੰਚਕੂਲਾ 'ਚ ਸ਼ੁੱਕਰਵਾਰ ਨੂੰ ਭਾਰੀ ਮੀਂਹ ਪਿਆ ਹੈ। ਪਿਛਲੇ 24 ਘੰਟਿਆਂ ਦੌਰਾਨ ਗੁਰੂਗ੍ਰਾਮ, ਹਿਸਾਰ, ਕਰਨਾਲ, ਨਾਰਨੌਲ, ਰੋਹਤਕ, ਕੁਰੂਕਸ਼ੇਤਰ ਅਤੇ ਸੋਨੀਪਤ ਸਮੇਤ ਹਰਿਆਣਾ ਦੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ ਪਿਆ।

 

ਬਿਜਲੀ ਦੀ ਮੰਗ ਘਟੀ, ਸਰਕਾਰੀ ਥਰਮਲ ਪਲਾਂਟ ਬੰਦ

ਪਿਛਲੇ ਦੋ ਦਿਨਾਂ ਤੋਂ ਬਦਲਦੇ ਮੌਸਮ ਦੇ ਕਾਰਨ ਬਿਜਲੀ ਦੀ ਮੰਗ ਵਿੱਚ ਵੱਡੀ ਕਮੀ ਆਈ ਹੈ। ਜਿੱਥੇ ਪਹਿਲਾਂ ਬਿਜਲੀ ਦੀ ਮੰਗ 14000 ਮੈਗਾਵਾਟ ਚੱਲ ਰਹੀ ਸੀ, ਹੁਣ ਇਹ ਘਟ ਕੇ 8800 ਮੈਗਾਵਾਟ ਰਹਿ ਗਈ ਹੈ। ਪਾਵਰਕੌਮ ਨੇ ਆਪਣੇ ਦੋਵੇਂ ਥਰਮਲਾਂ ਰੋਪੜ ਅਤੇ ਲਹਿਰਾ ਮੁਹੱਬਤ ਦੇ ਸਾਰੇ ਅੱਠ ਯੂਨਿਟ ਬੰਦ ਕਰ ਦਿੱਤੇ ਹਨ। ਇਸ ਦੇ ਨਾਲ ਹੀ ਪਾਵਰਕੌਮ ਬਾਹਰੋਂ ਬਿਜਲੀ ਲਿਆ ਕੇ ਪ੍ਰਾਈਵੇਟ ਥਰਮਲ ਪਲਾਂਟਾਂ ਰਾਜਪੁਰਾ, ਤਲਵੰਡੀ ਸਾਬੋ ਅਤੇ ਗੋਇੰਦਵਾਲ ਦੀ ਮਦਦ ਨਾਲ ਇਸ ਮੰਗ ਨੂੰ ਪੂਰਾ ਕਰ ਰਿਹਾ ਹੈ। 

 

ਮੀਂਹ ਕਾਰਨ
  ਝੋਨੇ ਦੀ ਫ਼ਸਲ 'ਚ ਨਮੀ ਵਧੇਗੀ


ਖੇਤੀਬਾੜੀ ਮਾਹਿਰਾਂ ਅਨੁਸਾਰ ਮੀਂਹ ਕਾਰਨ ਝੋਨੇ ਦੀ ਫ਼ਸਲ ਵਿੱਚ ਨਮੀ ਵਧਣ ਕਾਰਨ ਉੱਲੀ ਲੱਗਣ ਦਾ ਖਤਰਾ ਬਣਿਆ ਹੋਇਆ ਹੈ। ਅਜਿਹੇ 'ਚ ਕਿਸਾਨਾਂ ਨੂੰ ਫਸਲਾਂ ਨੂੰ ਬਚਾਉਣ ਲਈ ਸਪਰੇਅ ਕਰਨੀ ਪਵੇਗੀ, ਜਿਸ ਨਾਲ ਉਨ੍ਹਾਂ ਦਾ ਖਰਚਾ ਵਧੇਗਾ। ਉਨ੍ਹਾਂ ਕਿਹਾ ਕਿ ਜੇਕਰ ਅਗਲੀਆਂ ਦੋ-ਤਿੰਨ ਭਾਰੀ ਬਾਰਿਸ਼ਾਂ ਹੁੰਦੀਆਂ ਹਨ ਤਾਂ ਝੋਨੇ ਦੀ ਫ਼ਸਲ ਡਿੱਗਣ ਦਾ ਖਤਰਾ ਹੈ। ਇਸ ਕਾਰਨ ਅਨਾਜ ਡਿੱਗ ਜਾਵੇਗਾ ਅਤੇ ਕਿਸਾਨਾਂ ਨੂੰ ਭਾਰੀ ਨੁਕਸਾਨ ਹੋਵੇਗਾ।