ਪੜਚੋਲ ਕਰੋ
ਮੋਦੀ, ਕੈਪਟਨ ਅਤੇ ਬਾਦਲ ਨੂੰ ਕਰੋ ਸੰਮਨ, ‘ਆਪ’ ਨੇ ਚੀਫ ਜਸਟਿਸ ਨੂੰ ਲਿਖਿਆ ਪੱਤਰ

ਚੰਡੀਗੜ੍ਹ: ਆਮ ਆਦਮੀ ਪਾਰਟੀ ਕਿਸਾਨ ਵਿੰਗ ਦੇ ਪ੍ਰਧਾਨ ਅਤੇ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਚੀਫ਼ ਜਸਟਿਸ ਨੂੰ ਪੱਤਰ ਲਿਖ ਕੇ ਬੇਨਤੀ ਕੀਤੀ ਕਿ ਕਿਸਾਨਾਂ ਦੀ ਹਾਲਤ ਲਈ ਮੌਜੂਦਾ ਤੇ ਪਿਛਲੀਆਂ ਸਰਕਾਰਾਂ ਜ਼ਿੰਮੇਵਾਰ ਹਨ, ਇਸ ਲਈ ਉਨ੍ਹਾਂ ਨੂੰ ਸੰਮਨ ਕਰਕੇ ਅਦਾਲਤ ਬੁਲਾਇਆ ਜਾਵੇ। ਉਨ੍ਹਾਂ ਕਿਹਾ ਕਿ ਕਿਸਾਨ ਤੇ ਖੇਤ ਮਜ਼ਦੂਰਾਂ ਨਾਲ ਝੂਠ ਬੋਲਣ ਕਰਕੇ ਪੀਐਮ ਨਰੇਂਦਰ ਮੋਦੀ, ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਮੌਜੂਦਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਸੰਮਨ ਕੀਤੇ ਜਾਣੇ ਚਾਹੀਦੇ ਹਨ। ਆਪਣੇ ਪੱਤਰ ਵਿੱਚ ਉਨ੍ਹਾਂ ਸੂਬੇ ’ਚ ਕਿਸਾਨ ਜਥੇਬੰਦੀਆਂ ਦੁਆਰਾ ਰੋਕੇ ਜਾ ਰਹੇ ਟ੍ਰੈਫਿਕ ਤੇ ਕਿਸਾਨਾਂ ਦੀ ਮੁਸ਼ਕਿਲ ਦੇ ਹੱਲ ਲਈ ਆਪਣੇ ਵਿਚਾਰ ਵੀ ਪੇਸ਼ ਕੀਤੇ। ਇਸ ਦੇ ਨਾਲ ਹੀ ਉਨ੍ਹਾਂ ਅਦਾਲਤ ਵੱਲੋਂ ਸੂਬੇ ਵਿੱਚ ਰੇਲਾਂ ਨੂੰ ਰੋਕ ਰਹੀਆਂ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਨੂੰ ਬੁਲਾ ਕੇ ਉਨ੍ਹਾਂ ਦੇ ਵਿਚਾਰ ਪੁੱਛਣ ਅਤੇ ਸਮੱਸਿਆ ਦਾ ਹੱਲ ਕੱਢਣ ਦੀ ਗੱਲ ਕੀਤੀ। ਉਨ੍ਹਾਂ ਕਿਹਾ ਕਿ ਪੂਰੇ ਦੇਸ਼ ਤੇ ਖ਼ਾਸ ਕਰਕੇ ਸੂਬੇ ਭਰ ਵਿੱਚ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਸੜਕਾਂ ਤੇ ਰੇਲ ਪਟੜੀਆਂ 'ਤੇ ਉੱਤਰੇ ਹੋਏ ਹਨ। ਸੰਧਵਾਂ ਨੇ ਕਿਹਾ ਕਿ 2014 ਦੀਆਂ ਆਮ ਚੋਣਾਂ ਤੋਂ ਪਹਿਲਾਂ ਬੀਜੇਪੀ ਤੇ ਮੋਦੀ ਨੇ ਆਪਣੇ ਚੋਣ ਮਨੋਰਥ ਪੱਤਰ ਵਿੱਚ ਕਿਸਾਨਾਂ ਨਾਲ ਉਨ੍ਹਾਂ ਦੇ ਸਾਰੇ ਕਰਜ਼ੇ ਮੁਆਫ਼ ਕਰਨ, ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਲਾਗੂ ਕਰਨ ਤੇ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਸਬੰਧੀ ਵਾਅਦੇ ਕੀਤੇ ਸੀ ਪਰ ਪੰਜ ਸਾਲ ਬੀਤਣ ਤੋਂ ਬਾਅਦ ਵੀ ਇਨ੍ਹਾਂ ਮੰਗਾਂ ’ਤੇ ਕਿਸੇ ਪ੍ਰਕਾਰ ਦਾ ਐਕਸ਼ਨ ਨਹੀਂ ਲਿਆ ਗਿਆ। ਇੱਥੋਂ ਤਕ ਕਿ ਸਰਕਾਰ ਕਈ ਮਹੀਨਿਆਂ ਤੋਂ ਦਿੱਲੀ ਦੇ ਜੰਤਰ-ਮੰਤਰ ਤੇ ਹੋਰਾਂ ਥਾਵਾਂ ’ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੀ ਸਾਰ ਲੈਣਾ ਵੀ ਜ਼ਰੂਰੀ ਨਹੀਂ ਸਮਝਦੀ। ਉਨ੍ਹਾਂ ਕਿਹਾ ਕਿ ਮੋਦੀ ਦੇ ਨਕਸ਼ੇ ਕਦਮ ’ਤੇ ਚੱਲਦਿਆਂ 2017 ਦੀਆਂ ਚੋਣਾਂ ਤੋਂ ਪਹਿਲਾਂ ਕੈਪਟਨ ਨੇ ਵੀ ਪੰਜਾਬ ਦੇ ਕਿਸਾਨਾਂ ਨਾਲ ਅਜਿਹੇ ਹੀ ਵਾਅਦੇ ਕੀਤੇ ਸੀ ਪਰ ਉਨ੍ਹਾਂ ਵੀ ਹਾਲੇ ਤਕ ਕੋਈ ਗੰਭੀਰ ਵਿਚਾਰ ਨਹੀਂ ਕੀਤਾ। ਅਜਿਹੀ ਹਾਲਤ ਵਿੱਚ ਕਿਸਾਨਾਂ ਕੋਲ ਆਪਣੀਆਂ ਮੰਗਾਂ ਨੂੰ ਮਨਵਾਉਣ ਅਤੇ ਗੁੰਗੀ ਬੋਲੀ ਸਰਕਾਰ ਤਕ ਆਪਣੀ ਗੱਲ ਪਹੁੰਚਾਉਣ ਲਈ ਪ੍ਰਦਰਸ਼ਨ ਕਰਨ ਤੋਂ ਬਿਨਾਂ ਹੋਰ ਕੋਈ ਰਾਹ ਹੀ ਨਹੀਂ ਬਚਦਾ। ਉਨ੍ਹਾਂ ਅਦਾਲਤ ਅੱਗੇ ਕਿਸਾਨਾਂ ਦੀ ਹਾਲਤ ਨੂੰ ਸਮਝਦੇ ਹੋਏ ਉਨ੍ਹਾਂ ਨਾਲ ਨਰਮੀ ਨਾਲ ਪੇਸ਼ ਆਉਣ ਦੀ ਬੇਨਤੀ ਕੀਤੀ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਪੜ੍ਹੋ






















