fatehgarh sahib News:
  ਸੁਪਰੀਮ ਕੋਰਟ ਵੱਲੋਂ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਤੇ ਕਾਬੂ ਪਾਉਣ ਲਈ ਦਿੱਤੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਪੁਲਿਸ ਮੁਖੀ, ਸਮੂਹ ਐਸ.ਡੀ.ਐਮਜ਼, ਤਹਿਸੀਲਦਾਰਾਂ ਤੇ ਥਾਣਿਆਂ ਦੇ ਐਸ.ਐਚ.ਓਜ਼ ਨਾਲ ਇੱਕ ਅਹਿਮ ਮੀਟਿੰਗ ਕੀਤੀ।

 

 ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਨੇ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਤੇ ਰੋਕ ਲਗਾਉਣ ਲਈ ਜ਼ਿਲ੍ਹੇ ਦੇ ਕਈ ਪਿੰਡਾਂ ਦਾ ਦੌਰਾ ਵੀ ਕੀਤਾ ਅਤੇ ਜਿਥੇ ਪਰਾਲੀ ਨੂੰ ਅੱਗ ਲਗਾਉਣ ਦਾ ਮਾਮਲਾ ਸਾਹਮਣੇ ਆਇਆ ਤਾਂ ਮੌਕੇ ਤੇ ਸਬੰਧਤ ਕਿਸਾਨ ਤੋਂ ਇਹ ਅੱਗ ਬੁਝਾਈ ਗਈ। 

 

ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਮਾਣਯੋਗ ਸੁਪਰੀਮ ਕੋਰਟ ਵੱਲੋਂ ਦਿੱਤੇ ਗਏ ਆਦੇਸ਼ਾਂ ਦੀ ਸਖਤੀ ਨਾਲ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ। 

 

ਉਨ੍ਹਾਂ ਦੱਸਿਆ ਕਿ ਮਾਣਯੋਗ ਸੁਪਰੀਮ ਕੋਰਟ ਵੱਲੋਂ ਸਖਤ ਆਦੇਸ਼ ਦਿੱਤੇ ਗਏ ਹਨ ਕਿ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਤੇ ਤਿੱਖੀ ਨਜ਼ਰ ਰੱਖਣ ਲਈ ਰੋਜ਼ਾਨਾਂ ਰੀਵਿਊ ਮੀਟਿੰਗ ਕੀਤੀ ਜਾਵੇ ਅਤੇ ਸਮੂਹ ਥਾਣਿਆਂ ਦੇ ਮੁੱਖ ਥਾਣਾ ਅਫਸਰਾਂ ਦੀ ਇਹ ਜਿੰਮੇਵਾਰੀ ਹੋਵੇਗੀ ਕਿ ਉਹ ਆਪੋ ਆਪਣੇ ਏਰੀਏ ਵਿੱਚ ਅੱਗ ਲਗਾਉਣ ਦੀਆਂ ਘਟਨਾਵਾਂ ਤੇ ਸਖਤੀ ਨਾਲ ਕਾਬੂ ਪਾਉਣ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕਿਸੇ ਥਾਣੇ ਦੀ ਹੱਦ ਅੰਦਰੋਂ ਪਰਾਲੀ ਨੂੰ ਅੱਗ ਲਗਾਉਣ ਦੀ ਕੋਈ ਵੀ ਘਟਨਾ ਸਾਹਮਣੇ ਆਉਂਦੀ ਹੈ ਤਾਂ ਸਬੰਧਤ ਐਸ.ਐਚ.ਓ. ਵਿਰੁੱਧ ਅਨੁਸ਼ਾਸਨਿਕ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। 

 

 

ਡਿਪਟੀ ਕਮਿਸ਼ਨਰ ਨੇ ਹੋਰ ਦੱਸਿਆ ਕਿ ਜ਼ਿਲ੍ਹੇ ਦੇ 24 ਪਿੰਡਾਂ ਵਿੱਚ ਹੁਣ ਤੱਕ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ ਜਿਨ੍ਹਾਂ ਵਿੱਚ ਬਲਾਕ ਅਮਲੋਹ ਦਾ ਪਿੰਡ ਫ਼ਤਹਿਗੜ੍ਹ ਨਿਊਂਆਂ, ਘੁਟੀਂਡ, ਮਾਜਰਾ ਮੰਨਾ ਸਿੰਘ ਵਾਲਾ, ਰਾਈਏਵਾਲ, ਬਸੀ ਪਠਾਣਾ ਬਲਾਕ ਦਾ ਪਿੰਡ ਬਹਿਰਾਮਪੁਰ, ਭੁੱਚੀ, ਧੌਂਦਾ, ਗੋਪਾਲੋਂ, ਖੇੜੀ ਭਾਈ ਕੀ, ਕੋਟਲਾ, ਲੋਹਾਰੀ ਕਲਾਂ, ਫਿਰੋਜਪੁਰ, ਸਰਹਿੰਦ ਬਲਾਕ ਦਾ ਪਿੰਡ ਬੁਚੜੇ, ਫ਼ਤਹਿਗੜ੍ਹ ਸਾਹਿਬ, ਨੌਲੱਖਾ, ਸਾਨੀਪੁਰ, ਧਤੋਂਦਾ, ਖਮਾਣੋਂ ਬਲਾਕ ਦਾ ਪਿੰਡ ਬਾਠਾਂ ਖੁਰਦ, ਹਵਾਰਾ ਕਲਾਂ ਅਤੇ ਮਾਜਰੀ ਸ਼ਾਮਲ ਹਨ। 

 

ਪਰਨੀਤ ਸ਼ੇਰਗਿੱਲ ਨੇ ਸਮੂਹ ਅਧਿਕਾਰੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਰੋਕਣ ਲਈ ਆਪੋ ਆਪਣੇ ਇਲਾਕਿਆਂ ਦੇ ਪਿੰਡਾਂ ਵਿੱਚ ਦੌਰੇ ਕੀਤੇ ਜਾਣ ਅਤੇ ਇਸ ਸਬੰਧੀ ਕਿਸਾਨਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਵਾਸਤੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾਣ।