Stubble Burning: ਇੱਕ ਪਾਸੇ ਪੰਜਾਬ ਸਰਕਾਰ ਪਰਾਲੀ ਸਾੜਨ ਦੇ ਮੁੱਦੇ ਨੂੰ ਲੈ ਕੇ ਸਖ਼ਤ ਰੁਖ ਅਖਤਿਆਰ ਕਰ ਰਹੀ ਹੈ ਤੇ ਦੂਜੇ ਪਾਸੇ ਕਈ ਕਿਸਾਨ ਜਥੇਬੰਦੀਆਂ ਹਾਲੇ ਵੀ ਪਰਾਲੀ ਸਾੜਨ ਦੀ ਜਿੱਦ ਉਪਰ ਅੜੀਆਂ ਹੋਈਆਂ ਹਨ। ਫ਼ਤਹਿਗੜ੍ਹ ਸਾਹਿਬ ਦੇ ਪਿੰਡ ਰੁੜਕੀ ਵਿੱਚ ਪਰਾਲੀ ਸਾੜਨ ਵਾਲੇ ਕਿਸਾਨਾਂ ਦੀ ਜ਼ਮੀਨ ਵਿੱਚ ਨਿਰੀਖਣ ਕਰਨ ਆਏ ਨੋਡਲ ਅਫ਼ਸਰ ਤੇ ਮਾਲ ਮਹਿਕਮੇ ਦੇ ਅਧਿਕਾਰੀਆਂ ਨੂੰ ਕਿਸਾਨਾਂ ਨੇ ਘੇਰਾ ਪਾ ਲਿਆ। ਕਿਸਾਨਾਂ ਦੇ ਵਿਰੋਧ ਕਰਕੇ ਅਧਿਕਾਰੀਆਂ ਨੂੰ ਵਾਪਸ ਮੁੜਨਾ ਪਿਆ।



ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਹਰਨੇਕ ਸਿੰਘ ਭਲਮਾਜਰਾ ਸੀਨੀਅਰ ਮੀਤ ਪ੍ਰਧਾਨ ਹਰਿੰਦਰ ਸਿੰਘ ਨੇ ਕਿਹਾ ਕਿ ਕਿਸਾਨ ਮਜਬੂਰੀ ਵਿੱਚ ਪਰਾਲੀ ਸਾੜ ਰਹੇ ਹਨ। ਸਰਕਾਰ ਧੱਕਾ ਕਰ ਰਹੀ ਹੈ ਪਰ ਉਹ ਕਿਸੇ ਵੀ ਅਧਿਕਾਰੀ ਨੂੰ ਖੇਤਾਂ ਵਿੱਚ ਵੜਨ ਨਹੀਂ ਦੇਣਗੇ।  ਮੌਕੇ 'ਤੇ ਪੁੱਜੇ ਨੋਡਲ ਅਫ਼ਸਰ ਅਜੈ ਪਾਂਡੇ ਨੇ ਕਿਹਾ ਕਿ ਉਹ ਸਰਕਾਰੀ ਹੁਕਮਾਂ ਮੁਤਾਬਕ ਰਿਪੋਰਟ ਤਿਆਰ ਕਰਨ ਲਈ ਆਏ ਸੀ। ਇੱਥੇ ਕਿਸਾਨਾਂ ਨੇ ਵਿਰੋਧ ਕੀਤਾ ਹੈ।


ਦੱਸ ਦਈਏ ਕਿ ਪੰਜਾਬ ਅੰਦਰ ਪਰਾਲੀ ਸਾੜਨ ਦੇ ਰਿਕਾਰਡ ਟੁੱਟਣ ਮਗਰੋਂ ਭਗਵੰਤ ਮਾਨ ਸਰਕਾਰ ਅਫਸਰਾਂ ਦੁਆਲੇ ਹੋ ਗਈ ਹੈ। ਪਰਾਲੀ ਸਾੜਨ ਦੇ ਕੇਸ ਵਧਣ ਮਗਰੋਂ ਚਾਰ ਖੇਤੀਬਾੜੀ ਅਧਿਕਾਰੀਆਂ ਨੂੰ ਡਿਊਟੀ ਵਿੱਚ ਕੁਤਾਹੀ ਵਰਤਣ ਦੇ ਦੋਸ਼ ਹੇਠ ਮੁਅੱਤਲ ਕਰ ਦਿੱਤਾ ਹੈ। ਸੂਤਰਾਂ ਅਨੁਸਾਰ ਅਗਲੇ ਦਿਨਾਂ ਅੰਦਰ ਹੋਰ ਮੁਲਾਜ਼ਮਾਂ ਖਿਲਾਫ ਵੀ ਕਾਰਵਾਈ ਹੋ ਸਕਦੀ ਹੈ। ਉਂਝ ਪੰਜਾਬ ਸਰਕਾਰ ਕਿਸਾਨਾਂ ਪ੍ਰਤੀ ਨਰਮੀ ਵਰਤ ਰਹੀ ਹੈ। 


ਹਾਸਲ ਜਾਣਕਾਰੀ ਮੁਤਾਬਕ ਵੱਖ-ਵੱਖ ਜ਼ਿਲ੍ਹਿਆਂ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਸਾਹਮਣੇ ਆਉਣ ’ਤੇ ਖੇਤੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਚਾਰ ਖੇਤੀਬਾੜੀ ਅਧਿਕਾਰੀਆਂ ਨੂੰ ਡਿਊਟੀ ਵਿੱਚ ਕੁਤਾਹੀ ਵਰਤਣ ਦੇ ਦੋਸ਼ ਹੇਠ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। 


ਸਰਕਾਰੀ ਸੂਤਰਾਂ ਮੁਤਾਬਕ ਮੁਅੱਤਲ ਕੀਤੇ ਗਏ ਅਧਿਕਾਰੀਆਂ ਵਿੱਚ ਮੁੱਖ ਖੇਤੀਬਾੜੀ ਅਫ਼ਸਰ ਸੰਗਰੂਰ ਹਰਬੰਸ ਸਿੰਘ, ਖੇਤੀਬਾੜੀ ਅਫ਼ਸਰ ਸਮਾਣਾ ਪਟਿਆਲਾ ਸਤੀਸ਼ ਕੁਮਾਰ, ਖੇਤੀਬਾੜੀ ਅਫ਼ਸਰ ਚੋਹਲਾ ਸਾਹਿਬ ਤਰਨ ਤਾਰਨ ਹਰਪਾਲ ਸਿੰਘ, ਖੇਤੀਬਾੜੀ ਅਫ਼ਸਰ ਪੱਟੀ, ਤਰਨ ਤਾਰਨ ਭੁਪਿੰਦਰ ਸਿੰਘ ਸ਼ਾਮਲ ਹਨ। 


ਮੁਅੱਤਲੀ ਦੌਰਾਨ ਇਹ ਅਧਿਕਾਰੀ ਦਫ਼ਤਰ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਐਸਏਐਸ ਨਗਰ ਨੂੰ ਰਿਪੋਰਟ ਕਰਨਗੇ। ਪੰਜਾਬ ਵਿਚ ਮੌਜੂਦਾ ਸਾਉਣੀ ਸੀਜ਼ਨ ਦੌਰਾਨ 13,873 ਥਾਵਾਂ ’ਤੇ ਪਰਾਲੀ ਨੂੰ ਅੱਗ ਲਾਈ ਗਈ ਹੈ।