ਹੁਸ਼ਿਆਰਪੁਰ: ਬੇਸ਼ੱਕ ਪਿਛਲੀ 15 ਨਵੰਬਰ ਤੋਂ ਸੂਬੇ ਵਿੱਚ ਗੰਨੇ ਦੀ ਪਿੜਾਈ ਦਾ ਕੰਮ ਸ਼ੁਰੂ ਹੋ ਚੁੱਕਿਆ ਹੈ, ਪਰ ਇਸ ਨਾਲ ਵੀ ਗੰਨਾ ਕਾਸ਼ਤਕਾਰਾਂ ਦੀ ਸਮੱਸਿਆ ਖ਼ਤਮ ਨਹੀਂ ਹੋਈ। ਦਰਅਸਲ, 13 ਦਿਨ ਬੀਤਣ ਦੇ ਬਾਅਦ ਵੀ ਪੰਜਾਬ ਦੀਆਂ ਪ੍ਰਾਈਵੇਟ ਸ਼ੂਗਰ ਮਿੱਲਾਂ ਨੇ ਹਾਲੇ ਤਕ ਪਿੜਾਈ ਸ਼ੁਰੂ ਨਹੀਂ ਕੀਤੀ, ਜਿਸ ਤੋਂ ਕਿਸਾਨ ਖਾਸੇ ਪ੍ਰੇਸ਼ਾਨ ਹਨ।
ਦੋਆਬਾ ਕਿਸਾਨ ਸੰਘਰਸ਼ ਕਮੇਟੀ ਦੇ ਪ੍ਰਧਾਨ ਜਗਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਸਰਕਾਰ ਨੂੰ ਅਲਟੀਮੇਟਮ ਦਿੱਤਾ ਹੈ ਕਿ ਜੇਕਰ ਆਉਂਦੀ 30 ਤਾਰੀਖ਼ ਤਕ ਪ੍ਰਾਈਵੇਟ ਖੰਡ ਮਿੱਲਾਂ ਸ਼ੁਰੂ ਨਹੀਂ ਕਰਵਾਈਆਂ ਜਾਣਗੀਆਂ ਤਾਂ ਉਹ ਫੈਕਟਰੀਆਂ ਦੇ ਬਾਹਰ ਆਪਣੀਆਂ ਗੰਨੇ ਨਾਲ ਲੱਦੀਆਂ ਟਰਾਲੀਆਂ ਖੜ੍ਹੀਆਂ ਕਰ ਦੇਣਗੇ ਤੇ ਚਾਬੀਆਂ ਸਰਕਾਰ ਨੂੰ ਸੌਂਪ ਦੇਣਗੇ। ਉਨ੍ਹਾਂ ਕਿਹਾ ਕਿ ਜੇਕਰ ਇਸ ਦੌਰਾਨ ਵਾਪਰੇ ਕਿਸੇ ਵੀ ਕਿਸਮ ਦੇ ਨੁਕਸਾਨ ਦਾ ਜ਼ਿੰਮੇਵਾਰ ਪ੍ਰਸ਼ਾਸਨ ਤੇ ਸਰਕਾਰ ਹੋਵੇਗੀ।
ਪ੍ਰਧਾਨ ਨੇ ਦੱਸਿਆ ਕਿ ਪੰਜਾਬ ਵਿੱਚ ਸੱਤ ਪ੍ਰਾਈਵੇਟ ਖੰਡ ਮਿੱਲਾਂ ਹਨ ਤੇ 15 ਨਵੰਬਰ ਨੂੰ ਜਾਰੀ ਹੋਏ ਸਰਕਾਰੀ ਹੁਕਮਾਂ ਦੇ ਬਾਵਜੂਦ ਵੀ ਇਨ੍ਹਾਂ ਨੂੰ ਸ਼ੁਰੂ ਨਹੀਂ ਕੀਤਾ ਗਿਆ। ਉਨ੍ਹਾਂ ਇਸ ਸਬੰਧੀ ਦਸੂਹਾ ਦੇ ਐਸਡੀਐਮ ਹਰਚਰਨ ਸਿੰਘ ਨੂੰ ਆਪਣਾ ਮੰਗ ਪੱਤਰ ਵੀ ਸੌਂਪਿਆ।