ਚੰਡੀਗੜ੍ਹ: ਪੰਜਾਬ ਸਰਕਾਰ ਨੇ ਗੰਨਾ ਕਾਸ਼ਤਕਾਰਾਂ ਦੀ ਆਮਦਨ ਵਧਾਉਣ ਲਈ ਕਾਰਜ ਯੋਜਨਾ ਬਣਾਉਣੀ ਸ਼ੁਰੂ ਕਰ ਦਿੱਤੀ ਹੈ। ਪੰਜਾਬ ਸਰਕਾਰ ਨੇ ਇਹ ਤੈਅ ਕੀਤਾ ਹੈ ਕਿ ਇਸ ਕਾਰਜ ਲਈ ਮਾਹਿਰਾਂ ਨੂੰ ਨਾਲ ਲੈ ਕੇ ਟਾਸਕ ਫੋਰਸ ਬਣਾਵੇਗੀ। ਇਹ ਟਾਸਕ ਫੋਰਸ ਤਿੰਨ ਮਹੀਨਿਆਂ ਵਿੱਚ ਗੰਨਾ ਕਾਸ਼ਤਕਾਰਾਂ ਦੀ ਪੈਦਾਵਾਰ ਵਧਾਉਣ ਲਈ ਰੋਡ ਮੈਪ ਤਿਆਰ ਕਰੇਗੀ। ਸਰਕਾਰ ਵੱਲੋਂ ਦੋ ਸਾਲਾਂ ਵਿੱਚ ਗੰਨਾ ਕਿਸਾਨਾਂ ਦੀ ਪੈਦਾਵਾਰ ਵਿੱਚ 100 ਕਵਿੰਟਲ ਪ੍ਰਤੀ ਇੱਕ ਵਿਸਤਾਰ ਦਾ ਨਿਸ਼ਾਨਾ ਤੈਅ ਕਰਨਾ ਹੈ।



ਸਰਕਾਰ ਵੱਲੋਂ ਗਠਿਤ ਕੀਤੀ ਜਾਣ ਵਾਲੀ ਟਾਸਕ ਫੋਰਸ ਵਿੱਚ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ, ਭਾਰਤੀ ਖੇਤੀ ਖੋਜ ਪ੍ਰੀਸ਼ਦ, ਗੰਨਾ ਬਰੀਡਿੰਗ ਇੰਸਟੀਚਿਊਟ ਕੋਇੰਬਟੂਰ ਤੇ ਕੌਮੀ ਪੱਧਰ ਦੇ ਗੰਨਾ ਮਾਹਿਰਾਂ ਤੋਂ ਇਲਾਵਾ ਸ਼ੂਗਰਫੈੱਡ ਪੰਜਾਬ ਦੇ ਮਾਹਿਰ ਸ਼ਾਮਲ ਹੋਣਗੇ। ਟਾਸਕ ਫੋਰਸ ਨੂੰ ਤਿੰਨ ਮਹੀਨਿਆਂ ਵਿੱਚ ਗੰਨੇ ਦਾ ਉਤਪਾਦਨ ਵਧਾਉਣ ਲਈ ਯੋਜਨਾ ਤਿਆਰ ਕਰਨ ਲਈ ਕਿਹਾ ਜਾਵੇਗਾ।

ਇਸ ਯੋਜਨਾ ਤਹਿਤ ਦੋ ਸਾਲਾਂ ਵਿੱਚ ਗੰਨੇ ਦਾ ਝਾੜ ਘੱਟੋ-ਘੱਟ 100 ਕੁਇੰਟਲ ਪ੍ਰਤੀ ਏਕੜ ਤੱਕ ਵਧਾਉਣ ਦਾ ਟੀਚਾ ਮਿਥਿਆ ਗਿਆ ਹੈ, ਜਿਸ ਨਾਲ ਗੰਨਾ ਕਾਸ਼ਤਕਾਰਾਂ ਨੂੰ ਪ੍ਰਤੀ ਏਕੜ 36,000 ਰੁਪਏ ਦੀ ਆਮਦਨ ਦਾ ਲਾਭ ਹੋਵੇਗਾ। ਇਸ ਸਕੀਮ ਤਹਿਤ ਗੰਨਾ ਕਾਸ਼ਤਕਾਰਾਂ ਨੂੰ ਉੱਚ ਗੁਣਵੱਤਾ ਵਾਲੀਆਂ ਕਿਸਮਾਂ ਦਾ ਸ਼ੁੱਧ ਬੀਜ ਮੁਹੱਈਆ ਕਰਵਾਉਣ ਤੋਂ ਇਲਾਵਾ ਗੰਨੇ ਦੀ ਕਾਸ਼ਤ ਵਿੱਚ ਆਧੁਨਿਕ ਤਕਨੀਕਾਂ ਦੇ ਨਾਲ-ਨਾਲ ਮਸ਼ੀਨੀਕਰਨ ਬਾਰੇ ਸਿਖਲਾਈ ਵੀ ਦਿੱਤੀ ਜਾਵੇਗੀ।

ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਸਰਕਾਰ ਵੱਲੋਂ ਗੰਨਾ ਕਾਸ਼ਤਕਾਰਾਂ ਨੂੰ ਗੰਨੇ ਦੀ ਕਾਸ਼ਤ ਦੀਆਂ ਆਧੁਨਿਕ ਤਕਨੀਕਾਂ ਦੀ ਸਿਖਲਾਈ ਦੇਣ ਦੇ ਨਾਲ-ਨਾਲ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ, ਭਾਰਤੀ ਖੇਤੀ ਖੋਜ ਪ੍ਰੀਸ਼ਦ, ਗੰਨਾ ਬਰੀਡਿੰਗ ਇੰਸਟੀਚਿਊਟ, ਕੋਇੰਬਟੂਰ ਅਤੇ ਵਸੰਤ ਦਾਦਾ ਇੰਸਟੀਚਿਊਟ ਪੁਣੇ ਦੇ ਨਾਲ ਤੁਰੰਤ ਸੰਪਰਕ ਸਥਾਪਤ ਕਰਕੇ ਸਿਖਲਾਈ ਪ੍ਰੋਗਰਾਮ ਤਿਆਰ ਕੀਤਾ ਜਾਵੇ।   ਗੰਨਾ ਕਾਸ਼ਤਕਾਰਾਂ ਦੀ ਆਮਦਨ ਵਧਾਉਣ ਲਈ ਸਰਕਾਰ ਵੱਲੋਂ ਵਧੀਆ ਪਨੀਰੀ ਤਿਆਰ ਕੀਤੀ ਜਾਵੇਗੀ।

ਬਿਜਾਈ ਸੀਜ਼ਨ ਲਈ ਪਹਿਲੇ ਬੈਚ ਵਿੱਚ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਅਤੇ ਭਾਰਤੀ ਖੇਤੀ ਖੋਜ ਪ੍ਰੀਸ਼ਦ, ਕਰਨਾਲ ਦੇ ਸਹਿਯੋਗ ਨਾਲ ਲਗਪਗ 30 ਲੱਖ ਪੌਦਿਆਂ ਦੇ ਬੀਜ ਤਿਆਰ ਕੀਤੇ ਜਾਣਗੇ, ਜੋ ਕਿ ਗੰਨਾ ਕਾਸ਼ਤਕਾਰਾਂ ਨੂੰ ਬੀਜ ਦੇ ਰੂਪ ਵਿੱਚ ਦਿੱਤੇ ਜਾਣਗੇ। ਸਹਿਕਾਰਤਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਵਿੱਚ 75 ਫੀਸਦੀ ਲੋਕ ਖੇਤੀ ਨਾਲ ਜੁੜੇ ਹੋਏ ਹਨ। ਅਜਿਹੇ 'ਚ ਸਰਕਾਰ ਦਾ ਵਿਸ਼ੇਸ਼ ਧਿਆਨ ਖੇਤੀ ਸੈਕਟਰ 'ਤੇ ਹੋਵੇਗਾ। ਗੰਨਾ ਕਾਸ਼ਤਕਾਰਾਂ ਦੀ ਆਮਦਨ ਵਧਾਉਣ ਦਾ ਟੀਚਾ ਮਿੱਥਿਆ ਗਿਆ ਹੈ। ਇਸ ਤਹਿਤ ਟਾਸਕ ਫੋਰਸ ਗਠਿਤ ਕਰਨ ਦੀ ਯੋਜਨਾ ਬਣਾਈ ਗਈ ਹੈ।


 


ਇਹ ਵੀ ਪੜ੍ਹੋ : ਪੰਜਾਬੀਆਂ ਨੂੰ ਪੁੱਛ ਕੇ ਸ਼ਰਾਬ ਵੇਚੇਗੀ ਭਗਵੰਤ ਮਾਨ ਸਰਕਾਰ, ਤੁਸੀਂ ਵੀ ਮੋਬਾਈਲ ਨੰਬਰ 9875961101 'ਤੇ ਭੇਜ ਸਕਦੇ ਹੋ ਵਿਚਾਰ