ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ’ਤੇ ਵਰ੍ਹਦਿਆਂ ਕਿਹਾ ਕਿ ਕੇਂਦਰ ਵੱਲੋਂ ਕਿਸਾਨਾਂ ਨੂੰ ਦਿੱਤੀ ਗਈ ਨਗੂਣੀ ਰਾਹਤ ਰਾਸ਼ੀ ਦੁਗਣੀ ਕਰਨ ਦੀ ਮੰਗ ਨਾਲ ਸੁਖਬੀਰ ਬਾਦਲ ਕਿਸਾਨਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕ ਰਹੇ ਹਨ।
ਸੀਐਮ ਕੈਪਟਨ ਨੇ ਸੁਖਬੀਰ ਨੂੰ ਤਿੱਖੇ ਸ਼ਬਦਾਂ ਵਿੱਚ ਸਵਾਲ ਕੀਤਾ ਕਿ ਕੇਂਦਰ 'ਚ ਸੱਤਾਧਾਰੀ ਗਠਜੋੜ ਦਾ ਹਿੱਸਾ ਹੋਣ ਦੇ ਬਾਵਜੂਦ ਅਕਾਲੀ ਦਲ ਨੇ ਇੰਨੇ ਸਾਲਾਂ ਦੌਰਾਨ ਕਿਸਾਨਾਂ ਬਾਰੇ ਕਿਉਂ ਨਾ ਕੀਤੀ? ਉਨ੍ਹਾਂ ਕਿਹਾ ਕਿ ਕੇਂਦਰ ਨੇ ਪਹਿਲਾਂ ਹੀ 6 ਹਜ਼ਾਰ ਰੁਪਏ ਪ੍ਰਤੀ ਸਾਲ ਦੀ ਰਾਹਤ ਦਾ ਐਲਾਨ ਕਰਕੇ ਸਿਰਫ ਕਿਸਾਨਾਂ ਦਾ ਮਜ਼ਾਕ ਹੀ ਉਡਾਇਆ ਹੈ। ਹੁਣ ਇਸ ਦੇ ਬਾਅਦ ਸੁਖਬਾਰ ਬਾਦਲ ਨੇ ਬੇਤੁਕੀ ਮੰਗ ਕਰਕੇ ਕਿਸਾਨਾਂ ਦੇ ਜ਼ਖ਼ਮਾਂ ਨੂੰ ਹੋਰ ਕੁਰੇਦਿਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਕੀ ਹਜ਼ਾਰ ਰੁਪਏ ਪ੍ਰਤੀ ਮਹੀਨਾ ਅਸਲੀਅਤ ਵਿੱਚ ਕਿਸਾਨਾਂ ਨੂੰ ਰਾਹਤ ਦਏਗਾ, ਜੋ ਕਰਜ਼ੇ ਦੀ ਮਾਰ ਹੇਠ ਖ਼ੁਦਕੁਸ਼ੀ ਕਰ ਰਹੇ ਹਨ। ਉਨ੍ਹਾਂ ਆਪਣੀ ਸਰਕਾਰ ਦੀ ਵਡਿਆਈ ਕਰਦਿਆਂ ਕਿਹਾ ਕਿ ਸਾਬਕਾ ਅਕਾਲੀ ਦਲ-ਬੀਜੇਪੀ ਸਰਕਾਰ ਨੇ ਕਿਸਾਨਾਂ ਲਈ ਕੁਝ ਨਹੀਂ ਕੀਤਾ ਜਦਕਿ ਮੌਜੂਦਾ ਸਰਕਾਰ 5.63 ਲੱਖ ਛੋਟੇ ਤੇ ਸੀਮਾਂਤ ਕਿਸਾਨਾਂ ਦੀ 4,514 ਕਰੋੜ ਰੁਪਏ ਦਾ ਕਰਜ਼ਾ ਮੁਆਫ਼ ਕਰ ਚੁੱਕੀ ਹੈ।
ਉਨ੍ਹਾਂ ਨੇ ਕਿਹਾ ਕਿ ਦੋ ਸਾਲਾਂ ਤੋਂ ਵੀ ਘੱਟ ਸਮੇਂ ਵਿੱਚ ਵੱਡੇ ਵਿੱਤੀ ਸੰਕਟ ਦੇ ਬਾਵਜੂਦ ਉਨ੍ਹਾਂ ਦੀ ਸਰਕਾਰ ਨੇ ਸਮਾਜ ਦੇ ਹਰ ਵਰਗ ਨੂੰ ਥੋੜ੍ਹੀ ਰਾਹਤ ਜ਼ਰੂਰ ਦਿੱਤੀ। ਉਨ੍ਹਾਂ ਕਿਹਾ ਕਿ ਜੇ ਕੇਂਦਰ ਸਰਕਾਰ ਕਿਸਾਨਾਂ ਦੀ ਮਦਦ ਕਰਨ ਵਿੱਚ ਦਿਲਚਸਪੀ ਲੈ ਰਹੀ ਹੈ ਤਾਂ ਉਨ੍ਹਾਂ ਨੂੰ ਕਿਸਾਨ ਕਰਜ਼ਿਆਂ ਦੀ ਇੱਕ ਵਾਰ ਛੋਟ ਦਾ ਐਲਾਨ ਕਰਨਾ ਚਾਹੀਦਾ ਹੈ।