ਚੰਡੀਗੜ੍ਹ: ਝੋਨੇ ਦੇ ਚੱਲ ਰਹੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਜੇਕਰ ਫ਼ਸਲ ਵੇਚਣ ਨਾਲ ਸੰਬੰਧਿਤ ਕਿਸੇ ਪ੍ਰਕਾਰ ਦੀ ਕੋਈ ਸਮੱਸਿਆ ਆਉਂਦੀ ਹੈ ਅਤੇ ਉਪ-ਮੰਡਲ ਜਾਂ ਜ਼ਿਲ੍ਹਾ ਪੱਧਰ 'ਤੇ ਉਸ ਦਾ ਕੋਈ ਹੱਲ ਨਹੀਂ ਕੱਢਿਆ ਜਾਂਦਾ ਤਾਂ ਕਿਸਾਨ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਸਿੱਧੇ ਰੂਪ ਵਿਚ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ।
ਇਸ ਮਕਸਦ ਲਈ ਉਪ ਮੁੱਖ ਮੰਤਰੀ ਹੈਲਪ ਲਾਈਨ ਅਤੇ ਈ-ਮੇਲ ਦੀ ਵਰਤੋਂ ਕੀਤੀ ਜਾ ਸਕਦੀ ਹੈ ਅਤੇ ਕਿਸਾਨਾਂ ਦੀ ਸ਼ਿਕਾਇਤ ਦਾ ਹੱਲ ਪਹਿਲ ਦੇ ਆਧਾਰ 'ਤੇ ਕੀਤਾ ਜਾਵੇਗਾ। ਇਸ ਸਬੰਧੀ ਜ਼ਿਆਦਾ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਕਿਸਾਨਾਂ ਨੂੰ ਸੁਵਿਧਾਵਾਂ ਦੇਣ ਲਈ ਪੰਜਾਬ ਦੀਆਂ ਸਾਰੀਆਂ ਮੰਡੀਆਂ ਵਿਚ ਸਬੰਧਿਤ ਅਧਿਕਾਰੀਆਂ ਨੂੰ ਪਹਿਲਾਂ ਹੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਕਿਸਾਨਾਂ ਦੀ ਸਹੂਲਤ ਲਈ ਕਿਸੇ ਪ੍ਰਕਾਰ ਦੀ ਕੋਈ ਕਮੀ ਪੰਜਾਬ ਸਰਕਾਰ ਵੱਲੋਂ ਨਹੀਂ ਛੱਡੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਜੇਕਰ ਫਿਰ ਵੀ ਕਿਸੇ ਕਿਸਾਨਾਂ ਨੂੰ ਖ਼ਰੀਦ ਕੇਂਦਰਾਂ ਵਿਚ ਪੀਣ ਵਾਲਾ ਪਾਣੀ, ਸਫ਼ਾਈ, ਲਾਈਟ ਆਦਿ ਪ੍ਰਬੰਧਾਂ ਸਮੇਤ ਝੋਨਾ ਵੇਚਣ ਵਿਚ ਕੋਈ ਮੁਸ਼ਕਲ ਪੇਸ਼ ਆਉਂਦੀ ਹੈ ਜਾਂ ਉਸ ਨੂੰ ਫ਼ਸਲ ਦੀ ਪੂਰੀ ਰਕਮ ਨਹੀਂ ਮਿਲਦੀ ਤਾਂ ਉਹ ਸਬੰਧਿਤ ਐਸ. ਡੀ. ਐਮ, ਜ਼ਿਲ੍ਹਾ ਖ਼ੁਰਾਕ ਸਪਲਾਈ ਅਫ਼ਸਰ ਜਾਂ ਡਿਪਟੀ ਕਮਿਸ਼ਨਰ ਕੋਲ ਆਪਣੀ ਸ਼ਿਕਾਇਤ ਕਰ ਸਕਦਾ ਹੈ।
ਬੀਤੇ ਦਿਨੀਂ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਕੀਤੀ ਮੀਟਿੰਗ ਦੌਰਾਨ ਵੀ ਉਪ ਮੁੱਖ ਮੰਤਰੀ ਨੇ ਖ਼ਾਸ ਤੌਰ 'ਤੇ ਹਦਾਇਤ ਕੀਤੀ ਸੀ ਕਿ ਝੋਨੇ ਦੇ ਸੀਜ਼ਨ ਦੌਰਾਨ ਜੇਕਰ ਕਿਸੇ ਕਿਸਾਨ ਨੂੰ ਕੋਈ ਮੁਸ਼ਕਲ ਪੇਸ਼ ਆਈ ਤਾਂ ਸਬੰਧਿਤ ਅਧਿਕਾਰੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਪੰਜਾਬ ਸਰਕਾਰ ਦੀ ਵੱਲੋਂ ਕਿਸਾਨਾਂ ਨੂੰ ਅਪੀਲ ਕਰਦਿਆਂ ਬੁਲਾਰੇ ਨੇ ਕਿਹਾ ਕਿ ਰਾਤ ਸਮੇਂ ਕੰਬਾਈਨ ਅਤੇ ਹਾਰਵੈਸਟਰ ਨਾਲ ਝੋਨੇ ਦੀ ਕਟਾਈ ਨਾ ਕੀਤੀ ਜਾਵੇ ਕਿਉਂਕਿ ਇਸ ਤਰਾਂ ਕਰਨ ਨਾਲ ਕੱਟੀ ਫ਼ਸਲ ਵਿਚ ਨਮੀ ਦੀ ਨਿਰਧਾਰਿਤ ਮਾਤਰਾ ਵੱਧ ਜਾਂਦੀ ਹੈ ਅਤੇ ਮੰਡੀਆਂ ਵਿਚ ਸਹੀ ਮੁੱਲ ਮਿਲਣ 'ਚ ਮੁਸ਼ਕਲ ਆ ਸਕਦੀ ਹੈ।
ਉਨ੍ਹਾਂ ਕਿਹਾ ਕਿ ਵਾਜਬ ਮੁੱਲ ਲੈਣ ਲਈ ਭਾਰਤੀ ਖਾਦ ਨਿਗਮ (ਆਫ਼.ਸੀ.ਆਈ.) ਦੇ ਖ਼ਰੀਦ ਮਾਪਦੰਡਾਂ/ਨਿਯਮਾਂ ਅਨੁਸਾਰ ਕਿਸਾਨ ਆਪਣੀ ਜਿਨਸ ਸੁੱਕਾ ਕੇ ਮੰਡੀਆਂ ਵਿਚ ਲਿਆਉਣ। ਉਨ੍ਹਾਂ ਕਿਹਾ ਕਿ ਕਿਸਾਨ ਝੋਨਾ ਵੇਚਣ ਸਮੇਂ ਜੇ-ਫਾਰਮ ਵੀ ਜ਼ਰੂਰ ਲੈਣ।