ਚੰਡੀਗੜ੍ਹ: ਪੰਜਾਬ ਵਿੱਚ ਪਰਾਲੀ ਸਾੜਨ ਕਰਕੇ ਪੈਦਾ ਹੋਣ ਵਾਲਾ ਪ੍ਰਦੂਸ਼ਣ ਘਟਾਉਣ ਲਈ ਪੰਜਾਬ ਸਰਕਾਰ ਨੇ ਕੰਬਾਈਨ ਹਾਰਵੈਸਟਰ ’ਤੇ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ ਲਾਉਣਾ ਲਾਜ਼ਮੀ ਕਰ ਦਿੱਤਾ ਹੈ। ਬੇਸ਼ੱਕ ਝੋਨੇ ਦੀ ਕਟਾਈ ਸ਼ੁਰੂ ਹੋਣ ਵਿੱਚ ਮਹੀਨਾ ਪਿਆ ਹੈ ਪਰ ਸਰਕਾਰ ਨੇ ਹੁਣ ਤੋਂ ਹੀ ਪਰਾਲੀ ਸਾੜਨ ਤੋਂ ਰੋਕਣ ਲਈ ਕਵਾਇਦ ਵਿੱਢ ਦਿੱਤੇ ਹੈ।

ਇਸ ਸਬੰਧੀ ਖੇਤੀਬਾੜੀ ਵਿਭਾਗ ਦੇ ਸਕੱਤਰ ਕਾਹਨ ਸਿੰਘ ਪੰਨੂ ਨੇ ਕਿਹਾ ਕਿ ਸੂਬੇ ਦੇ ਕੁੱਲ 13 ਹਜ਼ਾਰ ਵਿੱਚੋਂ ਕੁਝ ਕੰਬਾਈਨ ਮਾਲਕ ਪੈਸਾ ਤੇ ਸਮਾਂ ਬਚਾਉਣ ਲਈ ਇਸ ਪ੍ਰਣਾਲੀ ਨੂੰ ਫਿੱਟ ਨਹੀਂ ਕਰਦੇ। ਪੰਨੂ ਨੇ ਦੱਸਿਆ ਕਿ ਪੰਜਾਬ ਵਿੱਚ 67 ਲੱਖ ਏਕੜ ਰਕਬਾ ਝੋਨੇ ਦੀ ਕਾਸ਼ਤ ਅਧੀਨ ਹੈ ਤੇ ਝੋਨੇ ਦੀ ਕਟਾਈ ਸ਼ੁਰੂ ਹੋਣ ਨੂੰ ਹਾਲੇ ਇੱਕ ਮਹੀਨਾ ਬਾਕੀ ਹੈ।

ਉਨ੍ਹਾਂ ਚਿਤਾਵਨੀ ਦਿੱਤੀ ਕਿ ਐਸਐਮਐਸ ਬਗੈਰ ਕਿਸੇ ਨੂੰ ਵੀ ਕੰਬਾਈਨ ਨਾਲ ਫਸਲ ਦੀ ਕਟਾਈ ਨਹੀਂ ਕਰਨ ਦਿੱਤੀ ਜਾਵੇਗੀ ਤੇ ਅਜਿਹਾ ਕਰਨ ਵਾਲਿਆਂ ਦੀਆਂ ਕੰਬਾਈਨਾਂ ਜ਼ਬਤ ਕਰਕੇ ਕੇਸ ਦਰਜ ਕੀਤੇ ਜਾਣਗੇ।