ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਡਾ. ਐਮ. ਐਸ. ਸਵਾਮੀਨਾਥਨ ਕਮੇਟੀ ਦੀਆਂ ਸਿਫਾਰਸ਼ਾਂ ਲਾਗੂ ਕਰਵਾਉਣ ਤੋਂ ਨਾਂਹ ਕਰ ਦਿੱਤੀ ਹੈ। ਇਸਨੂੰ ਸਰਕਾਰ ਤੋਂ ਲਾਗੂ ਕਰਾਉਣ ਲਈ ਦਾਇਰ ਪਟੀਸ਼ਨ ਪਟੀਸ਼ਨ ਖਾਰਜ ਕਰ ਦਿੱਤੀ ਹੈ।


ਜਸਟਿਸ ਐਮ. ਬੀ. ਲੋਕੁਰ, ਜਸਟਿਸ ਐਸ. ਏ. ਨਜ਼ੀਰ ਅਤੇ ਜਸਟਿਸ ਦੀਪਕ ਗੁਪਤਾ 'ਤੇ ਆਧਾਰਤ ਸੁਪਰੀਮ ਕੋਰਟ ਦੇ ਡਵੀਜ਼ਨ ਬੈਂਚ ਨੇ ਫਾਰਮਰਜ਼ ਐਸੋਸੀਏਸ਼ਨ ਦੀ ਅਪੀਲ ਨੂੰ ਖਾਰਜ ਕਰਦਿਆਂ ਕਿਹਾ ਕਿ ਉਹ ਸਰਕਾਰ ਦੇ ਨੀਤੀ ਮਾਮਲਿਆਂ ਸਬੰਧੀ ਸੰਸਦ ਨੂੰ ਕੋਈ ਹਦਾਇਤ ਜਾਰੀ ਨਹੀਂ ਕਰ ਸਕਦੇ।

ਇਹ ਪਟੀਸ਼ਨ ਇੰਡੀਆ ਫਾਰਮਰਜ਼ ਐਸੋਸੀਏਸ਼ਨ ਵਲੋਂ ਦਾਇਰ ਕੀਤੀ ਸੀ। ਜਿਸ ਵਿੱਚ ਫ਼ਸਲਾਂ ਦਾ ਸਮਰਥਨ ਮੁੱਲ 50 ਫ਼ੀਸਦੀ ਮੁਨਾਫੇ ਨਾਲ ਦੇਣ ਸਬੰਧੀ ਸਵਾਮੀਨਾਥਨ ਕਮਿਸ਼ਨ ਦੀਆਂ ਹਦਾਇਤਾਂ ਲਾਗੂ ਕਰਾਉਣਾ ਸੀ।

ਇੰਡੀਅਨ ਫਾਰਮਰਜ਼ ਐਸੋਸੀਏਸ਼ਨ ਦੇ ਕੌਮੀ ਪ੍ਰਧਾਨ ਸਤਨਾਮ ਸਿੰਘ ਬਹਿਰੂ ਨੇ ਫੈਸਲੇ ਬਾਰੇ ਜਾਣਕਾਰੀ ਦਿੰਦੇ ਕਿਹਾ ਕਿ ਸਾਰੀਆਂ ਸਿਆਸੀ ਪਾਰਟੀਆਂ ਦੀਆਂ ਕਿਸਾਨ ਵਿਰੋਧੀ ਨੀਤੀਆਂ ਤੋਂ ਕਿਸਾਨ ਬੁਰੀ ਤਰ੍ਹਾਂ ਪੀੜਤ ਹਨ ਤੇ ਆਰਥਿਕ ਤੰਗੀਆਂ ਕਾਰਨ ਸਮੁੱਚੇ ਦੇਸ਼ ਵਿਚ ਖੁਦਕੁਸ਼ੀਆਂ ਕਰ ਰਹੇ ਹਨ।

ਕਿਸਾਨ ਆਗੂ ਨੇ ਦੱਸਿਆ ਕਿ 2014 ਵਿਚ ਜਦੋਂ ਸੰਸਦ ਦੀਆਂ ਚੋਣਾਂ ਸਨ ਤੇ ਉਸ ਸਮੇਂ ਭਾਜਪਾ ਨੇ ਸਵਾਮੀਨਾਥਨ ਦੀ ਰਿਪੋਰਟ ਲਾਗੂ ਕਰਨ ਪ੍ਰਤੀ ਕਿਹਾ ਸੀ ਪ੍ਰੰਤੂ ਸਰਕਾਰ ਬਣਨ 'ਤੇ ਇਸ ਨੂੰ ਅੱਖੋਂ ਉਹਲੇ ਕਰ ਕੇ ਰੱਖ ਦਿੱਤਾ। ਉਨ੍ਹਾਂ ਕਿਹਾ ਕਿ ਹੁਣ ਭਾਜਪਾ ਨੂੰ 2019 ਦੀਆਂ ਚੋਣਾਂ ਦੇ ਵਿਚ ਪੂਰੇ ਦੇਸ਼ ਦੇ ਕਿਸਾਨ ਬੁਰੀ ਤਰ੍ਹਾਂ ਸਬਕ ਸਿਖਾ ਕੇ ਰਹਿਣਗੇ।