SYL ਨਹਿਰ ਨੇ ਪੰਜਾਬ ਨੂੰ ਕੀਤਾ ਵੱਡਾ ਨੁਕਸਾਨ, AAP ਦੇ MP ਬਲਬੀਰ ਸਿੰਘ ਸੀਚੇਵਾਲ ਦਾ ਦਾਅਵਾ
Balbir Singh Seechewal - ਪੰਜਾਬ ਦੇ ਪੌਣ, ਪਾਣੀ ਤੇ ਹਵਾ ਨੂੰ ਬਚਾਉਣ ਲਈ ਸਾਰੇ ਪੰਜਾਬੀਆਂ ਨੂੰ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਧਰਤੀ ਹੇਠਲੇ ਪਾਣੀ ਦੀ ਬੱਚਤ ਲਈ ਜੇਕਰ ਅਸੀਂ ਹੁਣ ਵੀ ਸੁਚੇਤ ਨਾ ਹੋਏ ਤਾਂ ਇਸ ਦੇ ਗੰਭੀਰ
ਮੰਡੀ ਗੋਬਿੰਦਗੜ੍ਹ - ਪੰਜਾਬ ਵਿੱਚ ਲੰਮੇਂ ਸਮੇਂ ਤੋਂ SYL ਨਹਿਰ ਕਾਰਨ ਵੱਡਾ ਨੁਕਸਾਨ ਹੋਇਆ ਹੈ। ਖੇਤੀ ਪ੍ਰਧਾਨ ਸੂਬਾ ਹੋਣ ਕਾਰਨ ਪੰਜਾਬ ਕੋਲ ਕਿਸੇ ਵੀ ਸੂਬੇ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਹੈ। ਇਹ ਪ੍ਰਗਟਾਵਾ ਮੈਂਬਰ ਰਾਜ ਸਭਾ ਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਮੰਡੀ ਗੋਬਿੰਦਗੜ੍ਹ ਦੇ ਫੋਕਲ ਪੁਆਇੰਟ ਵਿਖੇ 6000 ਪੌਦੇ ਲਗਾਉਣ ਦੀ ਸ਼ੁਰੂਆਤ ਕਰਨ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ।
ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦਾ ਪਾਣੀ ਬਹੁਤ ਨੀਚੇ ਚਲਿਆ ਗਿਆ ਹੈ ਅਤੇ ਕੇਂਦਰੀ ਜਲ ਬੋਰਡ ਦੀ ਰਿਪੋਰਟ ਅਨੁਸਾਰ ਸਾਲ 2039 ਤੱਕ ਪੰਜਾਬ ਦਾ ਪਾਣੀ ਇੱਕ ਹਜ਼ਾਰ ਫੁੱਟ ਨੀਚੇ ਚਲਿਆ ਜਾਵੇਗਾ ਜੋ ਕਿ ਇੱਕ ਖੇਤੀ ਪ੍ਰਧਾਨ ਸੂਬੇ ਲਈ ਬਹੁਤ ਖ਼ਤਰਨਾਕ ਸਿੱਧ ਹੋ ਸਕਦਾ ਹੈ।
ਉਨ੍ਹਾਂ ਕਿਹਾ ਕਿ ਅੱਜ ਜਹਿੜੇ SYL ਦੇ ਪਾਣੀ ਦੀ ਗੱਲ ਕਰ ਰਹੇ ਹਨ, ਉਹਨਾਂ ਨੂੰ ਸੋਚਣਾ ਚਾਹੀਦਾ ਹੈ ਕਿ ਪੰਜਾਬ ਕੋਲ ਤਾਂ ਪਹਿਲਾਂ ਹੀ ਪਾਣੀ ਬਹੁਤ ਘੱਟ ਹੈ। ਉਨ੍ਹਾਂ ਕਿਹਾ ਕਿ ਪਾਣੀਆਂ ਦੀ ਵੰਡ ਮੌਕੇ ਪੰਜਾਬ ਨੂੰ ਰਾਜਸਥਾਨ ਤੋਂ ਬਹੁਤ ਘੱਟ ਪਾਣੀ ਮਿਲਿਆ ਸੀ ਜਦੋਂ ਕਿ ਪੰਜਾਬ ਅੰਦਰ ਖੇਤੀ ਸਭ ਤੋਂ ਵੱਧ ਹੋ ਰਹੀ ਹੈ। ਉਨ੍ਹਾਂ ਸਪਸ਼ਟ ਕੀਤਾ ਕਿ ਪੰਜਾਬ ਕੋਲ ਕਿਸੋ ਵੀ ਹੋਰ ਸੂਬੇ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਹੈ।
ਸੰਤ ਸੀਚੇਵਾਲ ਨੇ ਕਿਹਾ ਕਿ ਪੰਜਾਬ ਦੇ ਪੌਣ, ਪਾਣੀ ਤੇ ਹਵਾ ਨੂੰ ਬਚਾਉਣ ਲਈ ਸਾਰੇ ਪੰਜਾਬੀਆਂ ਨੂੰ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਧਰਤੀ ਹੇਠਲੇ ਪਾਣੀ ਦੀ ਬੱਚਤ ਲਈ ਜੇਕਰ ਅਸੀਂ ਹੁਣ ਵੀ ਸੁਚੇਤ ਨਾ ਹੋਏ ਤਾਂ ਇਸ ਦੇ ਗੰਭੀਰ ਨਤੀਜੇ ਭੁਗਤਣੇ ਪੈ ਸਕਦੇ ਹਨ।
ਉਨ੍ਹਾਂ ਇਹ ਵੀ ਕਿਹਾ ਕਿ ਕਿਸਾਨਾਂ ਨੂੰ ਚਾਹੀਦਾ ਹੈ ਕਿ ਧਰਤੀ ਹੇਠਲੇ ਪਾਣੀ ਦੀ ਬੱਚਤ ਲਈ ਤੁਪਕਾ ਸਿੰਚਾਈ ਤੇ ਫੁਆਰਾ ਸਿੰਚਾਈ ਸਿਸਟਮ ਨੂੰ ਅਪਣਾਇਆ ਜਾਵੇ ਤਾਂ ਜੋ ਧਰਤੀ ਹੇਠਲੇ ਪਾਣੀ ਦੀ ਬੱਚਤ ਹੋ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਹੁੰਦੇ ਪ੍ਰਦੂਸ਼ਣ ਨੂੰ ਰੋਕਣ ਵਾਸਤੇ ਜਿਸ ਤਰ੍ਹਾਂ ਕਿਸਾਨਾਂ ਨੂੰ ਆਪਣੀ ਜਿੰਮੇਵਾਰੀ ਸਮਝਣੀ ਚਾਹੀਦੀ ਹੈ ਉਸੇ ਤਰ੍ਹਾਂ ਉਦਯੋਗਾਂ ਨੂੰ ਵੀ ਮੋਹਰੀ ਹੋ ਕੇ ਯੋਗਦਾਨ ਪਾਉਣਾ ਚਾਹੀਦਾ ਹੈ।
ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਤੀ ਲਈ ਨਹਿਰੀ ਪਾਣੀ ਦੀ ਵਰਤੋਂ ਦਾ ਪ੍ਰੋਜੈਕਟ ਸ਼ੁਰੂ ਕਰਨਾ ਇੱਕ ਸ਼ਲਾਘਾਯੋਗ ਉਪਰਾਲਾ ਹੈ ਕਿਉਂਕਿ ਪੰਜਾਬ ਅੰਦਰ ਇਸ ਸਮੇਂ 15 ਲੱਖ ਟਿਊਬਵੈਲ ਹਨ ਜਿਨ੍ਹਾਂ ਰਾਹੀਂ ਧਰਤੀ ਹੇਠਲੇ ਪਾਣੀ ਦੀ ਬਹੁਤ ਜ਼ਿਆਦਾ ਵਰਤੋਂ ਹੋ ਰਹੀ ਹੈ। ਸਰਕਾਰ ਵੱਲੋਂ ਨਹਿਰੀ ਪਾਣੀ ਖੇਤਾਂ ਤੱਕ ਪਹੁੰਚਾਉਣ ਨਾਲ ਧਰਤੀ ਹੇਠਲਾ ਪਾਣੀ ਬਚਿਆ ਰਹਿ ਸਕਦਾ ਹੈ, ਇਸੇ ਤਰ੍ਹਾਂ ਬਰਸਾਤਾਂ ਦਾ ਪਾਣੀ ਰੀਚਾਰਜ ਕਰਕੇ ਵੀ ਧਰਤੀ ਹੇਠਲੇ ਪਾਣੀ ਦੀ ਬੱਚਤ ਕੀਤੀ ਜਾ ਸਕਦੀ ਹੈ।
ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਦਾ ਪਾਣੀ ਬਹੁਤ ਨੀਚੇ ਜਾ ਰਿਹਾ ਹੈ ਇਸ ਲਈ ਹਰੇਕ ਪੰਜਾਬੀ ਨੂੰ ਆਪਣੀ ਜਿੰਮੇਵਾਰੀ ਸਮਝ ਕੇ ਪਾਣੀ ਦੀ ਬੱਚਤ ਲਈ ਅੱਗੇ ਆਉਣਾ ਚਾਹੀਦਾ ਹੈ।