Reduce Air Pollution: ਦਿੱਲੀ-ਐਨਸੀਆਰ 'ਚ ਹਵਾ ਪ੍ਰਦੂਸ਼ਣ ਨੂੰ ਘਟਾਉਣ ਲਈ ਕੇਂਦਰ ਸਰਕਾਰ ਨੇ ਕੀਤੀ ਤਿਆਰੀ, ਇਨ੍ਹਾਂ ਚਾਰ ਸੂਬਿਆਂ ਨੂੰ ਦਿੱਤੇ 496 ਕਰੋੜ ਰੁਪਏ
ਕੇਂਦਰੀ ਖੇਤੀਬਾੜੀ ਸਕੱਤਰ ਸੰਜੇ ਅਗਰਵਾਲ ਨੇ ਕਿਹਾ ਕਿ ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਲਈ ਕੇਂਦਰ ਸਰਕਾਰ ਨੇ ਸਾਉਣੀ ਦੀਆਂ ਫਸਲਾਂ ਦੀ ਕਟਾਈ ਤੋਂ ਪਹਿਲਾਂ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਦਿੱਲੀ ਨੂੰ ਮਦਦ ਰਾਸ਼ੀ ਜਾਰੀ ਕਰ ਦਿੱਤੀ ਹੈ।
ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਲਈ ਸਾਉਣੀ ਦੀਆਂ ਫਸਲਾਂ ਦੀ ਕਟਾਈ ਤੋਂ ਪਹਿਲਾਂ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਦਿੱਲੀ ਨੂੰ 496 ਕਰੋੜ ਰੁਪਏ ਜਾਰੀ ਕੀਤੇ ਹਨ। ਇਹ ਰਕਮ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਖੇਤੀ-ਮਸ਼ੀਨੀਕਰਨ ਲਈ ਵਰਤੀ ਜਾਏਗੀ।
ਦੱਸ ਦਈਏ ਕਿ ਇਹ ਸੂਬੇ ਪਰਾਲੀ ਸਾੜਨ ਨੂੰ ਰੋਕਣ ਅਤੇ ਇਸ ਦੇ ਨਿਪਟਾਰੇ ਲਈ ਲੋੜੀਂਦੀਆਂ ਮਸ਼ੀਨਾਂ ਖਰੀਦਣ ਲਈ ਇਸ ਰਾਸ਼ੀ ਦੀ ਵਰਤੋਂ ਕਰਨਗੇ। ਇਨ੍ਹਾਂ ਚਾਰ ਸੂਬਿਆਂ 'ਚ ਪਰਾਲੀ ਸਾੜਨ ਨਾਲ ਹਰ ਸਾਲ ਦਿੱਲੀ-ਐਨਸੀਆਰ ਵਿੱਚ ਹਵਾ ਪ੍ਰਦੂਸ਼ਣ ਵਧਦਾ ਹੈ।
ਕੇਂਦਰੀ ਖੇਤੀਬਾੜੀ ਸਕੱਤਰ ਸੰਜੇ ਅਗਰਵਾਲ ਨੇ ਦੱਸਿਆ ਕਿ 2021-22 ਲਈ ਪੰਜਾਬ ਨੂੰ 235 ਕਰੋੜ ਰੁਪਏ, ਹਰਿਆਣਾ ਨੂੰ 141 ਕਰੋੜ ਰੁਪਏ, ਉੱਤਰ ਪ੍ਰਦੇਸ਼ ਨੂੰ 115 ਕਰੋੜ ਰੁਪਏ ਅਤੇ ਦਿੱਲੀ ਨੂੰ 5 ਕਰੋੜ ਰੁਪਏ ਜਾਰੀ ਕੀਤੇ ਗਏ। ਭਾਰਤੀ ਖੇਤੀ ਖੋਜ ਪ੍ਰੀਸ਼ਦ ਅਤੇ ਹੋਰ ਕੇਂਦਰੀ ਏਜੰਸੀਆਂ ਨੂੰ 54.99 ਕਰੋੜ ਰੁਪਏ ਦਿੱਤੇ ਗਏ। ਇਨ੍ਹਾਂ ਸੂਬਿਆਂ ਵਿੱਚ ਫਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਦੇ ਉਦੇਸ਼ ਨਾਲ ਖੇਤੀ-ਮਸ਼ੀਨੀਕਰਨ ਨੂੰ ਉਤਸ਼ਾਹਤ ਕਰਨ ਲਈ ਇੱਕ ਕੇਂਦਰੀ ਯੋਜਨਾ ਦੇ ਹਿੱਸੇ ਵਜੋਂ ਫੰਡ ਜਾਰੀ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਜਲਦੀ ਹੀ ਪਰਾਲੀ ਦੀ ਸਮੱਸਿਆ ਨਾਲ ਨਜਿੱਠਣ ਲਈ ਪੰਜਾਬ ਅਤੇ ਹਰਿਆਣਾ ਸਰਕਾਰ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਜਾਵੇਗੀ। ਸਾਉਣੀ ਦੀ ਮੁੱਖ ਫਸਲ ਝੋਨੇ ਦੀ ਕਟਾਈ ਅਕਤੂਬਰ ਵਿੱਚ ਸ਼ੁਰੂ ਹੋ ਜਾਵੇਗੀ। ਪਰਾਲੀ ਸਾੜਨਾ ਲੰਬੇ ਸਮੇਂ ਤੋਂ ਦਿੱਲੀ-ਐਨਸੀਆਰ ਸਮੇਤ ਉੱਤਰ ਭਾਰਤ ਵਿੱਚ ਹਵਾ ਪ੍ਰਦੂਸ਼ਣ ਦਾ ਇੱਕ ਵੱਡਾ ਕਾਰਨ ਰਿਹਾ ਹੈ, ਜਦੋਂ ਕਿ ਕੇਂਦਰ ਸਰਕਾਰ ਨੇ ਪਿਛਲੇ ਚਾਰ ਸਾਲਾਂ ਵਿੱਚ ਇਸ ਮੁੱਦੇ ਦੇ ਹੱਲ ਲਈ 2,245.17 ਕਰੋੜ ਰੁਪਏ ਖਰਚ ਕੀਤੇ ਹਨ।
ਉਨ੍ਹਾਂ ਕਿਹਾ ਕਿ ਸੂਬਿਆਂ ਨੂੰ ਕਿਹਾ ਗਿਆ ਹੈ ਕਿ ਗ੍ਰਾਮ ਸਭਾਵਾਂ ਨੂੰ ਖੇਤਾਂ ਵਿੱਚ ਫਸਲੀ ਰਹਿੰਦ -ਖੂੰਹਦ ਦੇ ਬਿਹਤਰ ਪ੍ਰਬੰਧਨ ਲਈ ਕਿਰਾਏ 'ਤੇ ਮਸ਼ੀਨਾਂ ਮੁਹੱਈਆ ਕਰਵਾਉਣ ਲਈ ਕੇਂਦਰ ਖੋਲ੍ਹਣ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ। ਇਸ ਨਾਲ ਛੋਟੇ ਕਿਸਾਨਾਂ ਨੂੰ ਫ਼ਾਇਦਾ ਹੋਵੇਗਾ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin