ਚੰਡੀਗੜ੍ਹ: ਪੰਜ ਦਰਿਆਵਾਂ ਦੀ ਧਰਤੀ 'ਤੇ ਪੀਣ ਵਾਲੇ ਪਾਣੀ ਦੀ ਵੀ ਕਿੱਲਤ ਹੋ ਸਕਦੀ ਹੈ। ਪੰਜਾਬ ਵਿੱਚ ਜ਼ਮੀਨ ਹੇਠਲੇ ਪਾਣੀ ਦਾ ਪੱਧਰ ਖਤਰਨਾਕ ਹੱਦ ਤੱਕ ਪਹੁੰਚ ਗਿਆ ਹੈ। ਇਸ ਦੇ ਬਾਵਜੂਦ ਨਾ ਤਾਂ ਪਾਣੀ ਦੀ ਬਰਬਾਦੀ ਰੋਕੀ ਜਾ ਰਹੀ ਹੈ ਤੇ ਨਾ ਹੀ ਸਰਕਾਰ ਇਸ ਨੂੰ ਗੰਭੀਰਤਾ ਨਾਲ ਲੈ ਰਹੀ ਹੈ। ਮਹਿਰਾਂ ਦੇ ਮੰਨਣਾ ਹੈ ਕਿ ਜੇਕਰ ਇਸੇ ਹਿਸਾਬ ਨਾਲ ਧਰਤੀ ਅੰਦਰੋਂ ਪਾਣੀ ਨਿਕਲਦਾ ਰਿਹਾ ਤਾਂ ਆਉਂਦੇ 25 ਸਾਲਾਂ ਤੱਕ ਹੀ ਪਾਣੀ ਮੁੱਕ ਜਾਵੇਗਾ।


ਪੰਜਾਬ ਦੇ ਇਸ ਗੰਭੀਰ ਮੁੱਦੇ ਬਾਰੇ ਐਤਵਾਰ ਨੂੰ ਜਲੰਧਰ ਵਿੱਚ ਕਰਵਾਏ ਸੈਮੀਨਾਰ ਦੌਰਾਨ ਵੀ ਮਾਹਿਰਾਂ, ਬੁੱਧੀਜੀਵੀਆਂ ਤੇ ਵਿਦਵਾਨਾਂ ਨੇ ਇਸ ਬਾਰੇ ਫਿਕਰਮੰਦੀ ਜਾਹਿਰ ਕੀਤੀ। ਸੈਮੀਨਾਰ ਦੌਰਾਨ ਬੁਲਾਰਿਆਂ ਨੇ ਇਸ ਗੱਲ ‘ਤੇ ਇੱਕਮਤ ਹੁੰਦਿਆਂ ਡੂੰਘੀ ਚਿੰਤਾ ਪ੍ਰਗਟਾਈ ਕਿ ਜੇਕਰ ਜਲ ਸੰਕਟ ਵਿੱਚ ਫਸੇ ਸੂਬੇ ਨੂੰ ਨਾ ਬਚਾਇਆ ਗਿਆ ਤਾਂ ਆਉਣ ਵਾਲੀਆਂ ਪੀੜ੍ਹੀਆਂ ਲਈ ਪਾਣੀ ਆਉਂਦੇ 25 ਸਾਲਾਂ ਤੱਕ ਮੁੱਕ ਜਾਵੇਗਾ।

ਸੂਬੇ ਭਰ ਵਿੱਚੋਂ ਪੁੱਜੇ ਚਿੰਤਕਾਂ ਨੇ ਕਿਹਾ ਕਿ ਪੰਜਾਬ ਵਿੱਚ ਤੇਜ਼ੀ ਨਾਲ ਧਰਤੀ ਹੇਠਲਾ ਪਾਣੀ ਡੂੰਘਾ ਹੁੰਦਾ ਜਾ ਰਿਹਾ ਹੈ। ਇੱਥੋਂ ਦੀ ਹਵਾ ਸਾਹ ਲੈਣ ਯੋਗ ਨਹੀਂ ਰਹੀ। ਖਾਣ ਵਾਲੀਆਂ ਵਸਤਾਂ ਵਿੱਚ ਕੀਟਨਾਸ਼ਕ ਦਵਾਈਆਂ ਤੇ ਰਸਾਇਣਕ ਖਾਦਾਂ ਦੇ ਮਾਰੂ ਪ੍ਰਭਾਵ ਦੇਖਣ ਨੂੰ ਮਿਲ ਰਹੇ ਹਨ। ਪੰਜਾਬ ਦੇ ਹਰ ਪਿੰਡ ਵਿੱਚ ਕੈਂਸਰ ਨੇ ਆਪਣੀਆਂ ਜੜ੍ਹਾਂ ਡੂੰਘੀਆਂ ਕਰ ਲਈਆਂ ਹਨ। ਪੰਜਾਬ ਦੀ ਜਵਾਨੀ ਨਸ਼ਿਆਂ ਨਾਲ ਮਰ ਰਹੀ ਹੈ। ਇਸ ਸੈਮੀਨਾਰ ਵਿੱਚ ਬੁੱਧੀਜੀਵੀਆਂ, ਸਮਾਜ ਸੇਵੀ ਜੱਥੇਬੰਦੀਆਂ, ਕਿਸਾਨ ਜਥੇਬੰਦੀਆਂ ਸਮੇਤ ਕਈ ਵਿਦਵਾਨਾਂ ਨੇ ਹਿੱਸਾ ਲਿਆ।

ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਪਾਣੀਆਂ ਦੇ ਪਲੀਤ ਹੋਣ ਦਾ ਵੱਡਾ ਕਾਰਨ ਮਨੁੱਖੀ ਲਾਲਚ ਹੈ। ਉਨ੍ਹਾਂ ਨੇ ਸੱਦਾ ਦਿੱਤਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆ ਰਹੇ 550ਵੇਂ ਪ੍ਰਕਾਸ਼ ਪੁਰਬ ਨੂੰ ਵਾਤਾਵਰਨ ਦੀ ਰਾਖੀ ਵਜੋਂ ਮਨਾਇਆ ਜਾਵੇ। ਉਨ੍ਹਾਂ ਕਿਹਾ ਕਿ ਹਰੇਕ ਵਿਅਕਤੀ ਨੂੰ ਘੱਟੋ-ਘੱਟ 5 ਬੂਟੇ ਲਾਉਣੇ ਚਾਹੀਦੇ ਹਨ। ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਧਰਤੀ ਹੇਠਲੇ ਪਾਣੀ ਦੇ ਸੰਕਟ ਲਈ ਇਕੱਲੇ ਕਿਸਾਨਾਂ ਨੂੰ ਕਸੂਰਵਾਰ ਠਹਿਰਾਏ ਜਾਣ ’ਤੇ ਇਤਰਾਜ਼ ਉਠਾਉਂਦਿਆਂ ਕਿਹਾ ਕਿ ਉਹ ਕਿਸਾਨੀ ਸੰਕਟ ਬਾਰੇ ਵਿਚਾਰ-ਚਰਚਾ ਕਰਨ ਲਈ 15 ਜੁਲਾਈ ਤੋਂ ਬਾਅਦ ਚੰਡੀਗੜ੍ਹ ’ਚ ਵਿਸ਼ਾਲ ਇਕੱਠ ਕਰਨਗੇ।

ਨਾਮਵਰ ਸਿੱਖਿਆ ਸਾਸ਼ਤਰੀ ਡਾ. ਕਮਲੇਸ਼ ਸਿੰਘ ਦੁੱਗਲ ਨੇ ਕਿਹਾ ਕਿ ਇਨ੍ਹਾਂ ਮਸਲਿਆਂ ਦੇ ਹੱਲ ਲਈ ਲੋਕਾਂ ਨੂੰ ਖੁਦ ਵੀ ਸੁਚੇਤ ਹੋਣ ਤੇ ਮਿਲ ਕੇ ਹੰਭਲਾ ਮਾਰਨ ਦੀ ਲੋੜ ਹੈ। ਪੱਤਰਕਾਰ ਤੇ ਮੰਚ ਦੇ ਪ੍ਰਧਾਨ ਸਤਨਾਮ ਸਿੰਘ ਮਾਣਕ ਨੇ ਪਾਣੀਆਂ ਦੇ ਸੰਕਟ, ਪਲੀਤ ਹੋ ਰਹੇ ਵਾਤਾਵਰਨ ਤੇ ਪੰਜਾਬੀ ਜ਼ੁਬਾਨ ਦੇ ਮਸਲੇ ਦੇ ਹੱਲ ਲਈ ਸਮੂਹ ਪੰਜਾਬੀਆਂ ਨੂੰ ਲੋਕ ਲਹਿਰ ਉਸਾਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਜਲਦ ਹੀ ਵੱਖ-ਵੱਖ ਵਿਸ਼ਿਆਂ ਦੇ ਮਾਹਿਰਾਂ ਦੀ ਇੱਕ ਕਮੇਟੀ ਬਣਾ ਕੇ ਕੁਦਰਤ ਤੇ ਲੋਕ ਪੱਖੀ ਵਿਕਾਸ ਮਾਡਲ ਤਿਆਰ ਕੀਤਾ ਜਾਵੇਗਾ।