ਨਵੀਂ ਦਿੱਲੀ: ਮੌਸਮ ਇੱਕ ਵਾਰ ਫਿਰ ਕਰਵਟ ਲੈ ਸਕਦਾ ਹੈ। ਮੌਸਮ ਵਿਭਾਗ ਨੇ ਹਿਮਾਚਲ ਪ੍ਰਦੇਸ਼, ਉੱਤਰਾਖੰਡ, ਜੰਮੂ-ਕਸ਼ਮੀਰ ਸਮੇਤ ਹੋਰਨਾਂ ਥਾਂਵਾਂ ਉੱਤੇ ਮੀਂਹ ਪੈਣ ਤੇ ਝੱਖੜ ਝੁੱਲਣ ਦਾ ਅਨੁਮਾਨ ਪ੍ਰਗਟਾਇਆ ਹੈ। ਇਸ ਦੌਰਾਨ ਰਾਸ਼ਟਰੀ ਰਾਜਧਾਨੀ ਨਵੀਂ ਦਿੱਲੀ ’ਚ ਵੀਰਵਾਰ ਨੂੰ ਥੋੜ੍ਹੀ ਵਰਖਾ ਤੋਂ ਬਾਅਦ ਘੱਟੋ-ਘੱਟ ਤਾਪਮਾਨ ਵਿੱਚ ਵਾਧਾ ਦਰਜ ਕੀਤਾ ਗਿਆ। ਅੱਜ ਸ਼ੁੱਕਰਵਾਰ ਨੂੰ ਵੀ ਰਾਜਧਾਨੀ ’ਚ ਮੀਂਹ ਪੈ ਸਕਦਾ ਹੈ।



ਮੌਸਮ ਵਿਭਾਗ ਅਨੁਸਾਰ ਤਾਜ਼ਾ ਪੱਛਮੀ ਗੜਬੜੀ 5 ਮਾਰਚ ਦੀ ਰਾਤ ਤੋਂ ਪੱਛਮੀ ਹਿਮਾਲਾ ਖੇਤਰ ਭਾਵ ਜੰਮੂ-ਕਸ਼ਮੀਰ, ਲੱਦਾਖ, ਗਿਲਗਿਤ, ਬਾਲਟਿਸਤਾਨ, ਮੁਜ਼ੱਫ਼ਰਾਬਾਦ, ਹਿਮਾਚਲ ਪ੍ਰਦੇਸ਼ ਤੇ ਉੱਤਰਾਖੰਡ ਨੂੰ ਪ੍ਰਭਾਵਿਤ ਕਰ ਸਕਦੀ ਹੈ। ਮੌਸਮ ਵਿਭਾਗ ਮੁਤਾਬਕ 5 ਮਾਰਚ ਨੂੰ ਅਰੁਣਾਚਲ ਪ੍ਰਦੇਸ਼ ਦੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਆਸਮ ਤੇ ਮੇਘਾਲਿਆ ’ਚ ਝੱਖੜ ਝੁੱਲ ਸਕਦਾ ਹੈ ਤੇ ਗੜੇ ਵੀ ਪੈ ਸਕਦੇ ਹਨ।






ਮੌਸਮ ਵਿਭਾਗ ਦੇ ਅਧਿਕਾਰੀ ਨੇ ਦੱਸਿਆ ਕਿ ਆਕਾਸ਼ ਵਿੱਚ ਬੱਦਲ ਛਾਏ ਰਹਿਣ ਕਾਰਣ ਦਿੱਲੀ ਦੇ ਘੱਟੋ-ਘੱਟ ਤਾਪਮਾਨ ਵਿੱਚ ਵਾਧਾ ਹੋਇਆ ਹੈ। ਰਾਜਧਾਨੀ ਦਾ ਘੱਟੋ-ਘੱਟ ਤਾਪਮਾਨ 12.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ 8 ਡਿਗਰੀ ਸੈਲਸੀਅਸ ਵੱਧ ਹੈ।