India Weather Forecast : ਦੇਸ਼ ਦੇ ਉੱਤਰੀ ਹਿੱਸਿਆਂ ਵਿੱਚ ਕੜਾਕੇ ਦੀ ਠੰਡ ਸ਼ੁਰੂ ਹੋ ਗਈ ਹੈ। ਕਈ ਸ਼ਹਿਰਾਂ ਵਿੱਚ ਪਾਰਾ ਤੇਜ਼ੀ ਨਾਲ ਹੇਠਾਂ ਡਿੱਗਿਆ ਹੈ। ਪਹਾੜਾਂ 'ਤੇ ਹੋ ਰਹੀ ਬਰਫਬਾਰੀ ਕਾਰਨ ਮੈਦਾਨੀ ਇਲਾਕਿਆਂ 'ਚ ਠੰਡ ਆਪਣਾ ਅਸਰ ਦਿਖਾ ਰਹੀ ਹੈ। ਦਿੱਲੀ, ਉੱਤਰ ਪ੍ਰਦੇਸ਼, ਰਾਜਸਥਾਨ, ਬਿਹਾਰ, ਮੱਧ ਪ੍ਰਦੇਸ਼ ਅਤੇ ਛੱਤੀਸਗੜ੍ਹ ਸਮੇਤ ਕਈ ਹਿੱਸਿਆਂ ਵਿੱਚ ਠੰਢ ਅਤੇ ਧੁੰਦ ਕਾਰਨ ਲੋਕਾਂ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਕੁਝ ਦੱਖਣੀ ਰਾਜਾਂ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ (IMD) ਮੁਤਾਬਕ ਪੰਜਾਬ, ਉੱਤਰੀ ਰਾਜਸਥਾਨ ਅਤੇ ਹਿਮਾਚਲ ਪ੍ਰਦੇਸ਼ ਦੇ ਕੁਝ ਹਿੱਸੇ ਸ਼ੀਤ ਲਹਿਰ ਨਾਲ ਪ੍ਰਭਾਵਿਤ ਹੋਣਗੇ। ਠੰਢ ਕਾਰਨ ਲੋਕਾਂ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ।

ਦਿੱਲੀ 'ਚ ਵਧੀ ਠੰਡ

ਰਾਸ਼ਟਰੀ ਰਾਜਧਾਨੀ ਦਿੱਲੀ 'ਚ ਠੰਡ ਵਧਣ ਲੱਗੀ ਹੈ। ਇਸ ਦੇ ਨਾਲ ਹੀ ਧੁੰਦ ਨੇ ਵੀ ਆਪਣਾ ਅਸਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਦਿੱਲੀ 'ਚ ਸੋਮਵਾਰ (19 ਦਸੰਬਰ) ਨੂੰ ਘੱਟੋ-ਘੱਟ ਤਾਪਮਾਨ 6 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 24 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਸੋਮਵਾਰ ਨੂੰ ਦਰਮਿਆਨੀ ਧੁੰਦ ਪੈਣ ਦੀ ਸੰਭਾਵਨਾ ਹੈ। ਇਸ ਸਭ ਦੇ ਵਿਚਕਾਰ ਰਾਜਧਾਨੀ ਵਿੱਚ ਪ੍ਰਦੂਸ਼ਣ ਦੀ ਸਥਿਤੀ ਅਜੇ ਵੀ ਚਿੰਤਾਜਨਕ ਬਣੀ ਹੋਈ ਹੈ। ਐਤਵਾਰ ਸ਼ਾਮ 4 ਵਜੇ ਤੱਕ ਦਿੱਲੀ ਦਾ AQI 353 ਦਰਜ ਕੀਤਾ ਗਿਆ।

ਸੀਤ ਲਹਿਰ ਨਾਲ ਵੱਧੇਗੀ ਪ੍ਰੇਸ਼ਾਨੀ 

ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਸੀਤ ਲਹਿਰ ਦਾ ਅਸਰ ਪੰਜਾਬ, ਉੱਤਰੀ ਰਾਜਸਥਾਨ ਅਤੇ ਹਿਮਾਚਲ ਪ੍ਰਦੇਸ਼ ਦੇ ਕਈ ਹਿੱਸਿਆਂ ਵਿੱਚ ਦੇਖਣ ਨੂੰ ਮਿਲੇਗਾ। ਇਸ ਦੇ ਨਾਲ ਹੀ ਬਿਹਾਰ ਅਤੇ ਪੂਰਬੀ ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਧੁੰਦ ਛਾਈ ਹੋਈ ਹੈ। ਲਖਨਊ ਵਿੱਚ ਘੱਟੋ-ਘੱਟ ਤਾਪਮਾਨ 10 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 23 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ।

ਇਸ ਤੋਂ ਇਲਾਵਾ ਪੰਜਾਬ ਸਮੇਤ ਉੱਤਰੀ ਭਾਰਤ ਦੇ ਕਈ ਹੋਰ ਰਾਜਾਂ ਵਿੱਚ ਧੁੰਦ ਕਾਰਨ ਲੋਕਾਂ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਸੜਕਾਂ 'ਤੇ ਵਾਹਨਾਂ ਦੀ ਰਫ਼ਤਾਰ ਵੀ ਮੱਠੀ ਹੋ ਗਈ। ਬਿਹਾਰ ਦੇ ਬੇਗੂਸਰਾਏ, ਛਪਰਾ, ਕਟਿਹਾਰ ਸਮੇਤ ਕਈ ਜ਼ਿਲ੍ਹਿਆਂ ਵਿੱਚ 25 ਦਸੰਬਰ ਤੋਂ ਬਾਅਦ ਠੰਡ ਵੱਧਣ ਵਾਲੀ ਹੈ।

ਰਾਜਸਥਾਨ 'ਚ ਠੰਡ ਵਧੇਗੀ

ਰਾਜਸਥਾਨ ਦੇ ਕੁਝ ਹਿੱਸਿਆਂ ਵਿੱਚ ਠੰਡ ਵੱਧ ਗਈ ਹੈ। ਮੌਸਮ ਵਿਭਾਗ ਮੁਤਾਬਕ ਅਗਲੇ ਕੁਝ ਦਿਨਾਂ 'ਚ ਤਾਪਮਾਨ 'ਚ ਹੋਰ ਗਿਰਾਵਟ ਆਉਣ ਦੀ ਸੰਭਾਵਨਾ ਹੈ। ਸੂਬੇ ਦੇ ਕਈ ਹਿੱਸਿਆਂ ਵਿੱਚ 23 ਤੋਂ 29 ਦਸੰਬਰ ਤੱਕ ਘੱਟੋ-ਘੱਟ ਤਾਪਮਾਨ ਵਿੱਚ ਹੋਰ ਗਿਰਾਵਟ ਆਉਣ ਦੀ ਸੰਭਾਵਨਾ ਹੈ। ਜੈਪੁਰ ਮੌਸਮ ਵਿਗਿਆਨ ਕੇਂਦਰ ਮੁਤਾਬਕ ਸੋਮਵਾਰ (19 ਦਸੰਬਰ) ਤੋਂ ਪਾਰਾ ਹੋਰ ਡਿੱਗਣ ਦਾ ਅਨੁਮਾਨ ਹੈ। 22 ਦਸੰਬਰ ਤੱਕ ਜ਼ਿਆਦਾਤਰ ਥਾਵਾਂ 'ਤੇ ਘੱਟੋ-ਘੱਟ ਤਾਪਮਾਨ 'ਚ ਗਿਰਾਵਟ ਕਾਰਨ ਠੰਡ ਹੋਰ ਵਧਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਧੁੰਦ ਦਾ ਅਸਰ ਵੀ ਦੇਖਣ ਨੂੰ ਮਿਲੇਗਾ।

ਮੁੰਬਈ 'ਚ ਅਜੇ ਵੀ ਗਰਮੀ 

ਦੇਸ਼ ਦੇ ਜ਼ਿਆਦਾਤਰ ਸੂਬਿਆਂ 'ਚ ਪਾਰਾ ਡਿੱਗ ਗਿਆ ਹੈ। ਇਸ ਦੌਰਾਨ ਦਸੰਬਰ ਦੇ ਮਹੀਨੇ ਵੀ ਮੁੰਬਈ ਦੇ ਲੋਕਾਂ ਨੂੰ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦਸੰਬਰ 'ਚ ਵੀ ਤਾਪਮਾਨ ਵਧਣ ਕਾਰਨ ਮੁੰਬਈ ਵਾਸੀਆਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੋਮਵਾਰ (19 ਦਸੰਬਰ) ਨੂੰ ਮੁੰਬਈ ਵਿੱਚ ਘੱਟੋ-ਘੱਟ ਤਾਪਮਾਨ 24 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਇਸ ਤੋਂ ਪਹਿਲਾਂ ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਵੀ ਮੁੰਬਈ ਭਾਰਤ 'ਚ ਸਭ ਤੋਂ ਗਰਮ ਰਿਹਾ ਸੀ। ਅਜਿਹਾ ਹੀ ਮੌਸਮ ਅਗਲੇ ਕੁਝ ਦਿਨਾਂ ਤੱਕ ਜਾਰੀ ਰਹਿ ਸਕਦਾ ਹੈ।

ਕਿੱਥੇ ਪੈ ਸਕਦਾ ਮੀਂਹ 


ਦੇਸ਼ ਦੇ ਦੱਖਣੀ ਹਿੱਸਿਆਂ ਵਿੱਚ ਅਜੇ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਤੱਟਵਰਤੀ ਤਾਮਿਲਨਾਡੂ, ਪੁਡੂਚੇਰੀ, ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ ਦੇ ਕੁਝ ਹਿੱਸਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

ਅਗਲੇ 24 ਘੰਟਿਆਂ ਦੌਰਾਨ ਦੱਖਣੀ ਆਂਧਰਾ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਹਲਕੀ ਬਾਰਿਸ਼ ਦੀ ਵੀ ਸੰਭਾਵਨਾ ਹੈ। 21 ਦਸੰਬਰ ਨੂੰ ਵੀ ਤਾਮਿਲਨਾਡੂ, ਪੁਡੂਚੇਰੀ ਅਤੇ ਕਰਾਈਕਲ ਵਿਚ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਕੁਝ ਥਾਵਾਂ 'ਤੇ ਗਰਜ ਨਾਲ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।