Summer Temperature: ਉੱਤਰੀ ਭਾਰਤ ਵਿੱਚ ਐਤਵਾਰ ਨੂੰ ਤੇਜ਼ ਗਰਮੀ ਦੀ ਲਹਿਰ ਦੇ ਚੱਲਦਿਆਂ ਦਿੱਲੀ ਦੇ ਕੁਝ ਖੇਤਰਾਂ ਵਿੱਚ ਤਾਪਮਾਨ 49 ਡਿਗਰੀ ਸੈਲਸੀਅਸ ਨੂੰ ਪਾਰ ਕਰ ਗਿਆ। ਇਸ ਨਾਲ ਹੀ ਮੌਸਮ ਵਿਭਾਗ ਨੇ ਸੋਮਵਾਰ ਤੋਂ ਕੁਝ ਰਾਹਤ ਮਿਲਣ ਦੀ ਭਵਿੱਖਬਾਣੀ ਕੀਤੀ ਹੈ। ਹਰਿਆਣਾ ਦੇ ਗੁਰੂਗ੍ਰਾਮ ਵਿੱਚ ਵੱਧ ਤੋਂ ਵੱਧ ਤਾਪਮਾਨ 48.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ 10 ਮਈ 1966 ਤੋਂ ਬਾਅਦ ਸਭ ਤੋਂ ਵੱਧ 49 ਡਿਗਰੀ ਸੈਲਸੀਅਸ ਸੀ।



ਭਾਰਤੀ ਮੌਸਮ ਵਿਭਾਗ (ਆਈਐਮਡੀ) ਨੇ ਐਤਵਾਰ ਨੂੰ ਕਿਹਾ ਕਿ ਉੱਤਰ-ਪੱਛਮੀ ਦਿੱਲੀ ਦੇ ਮੁੰਗੇਸ਼ਪੁਰ ਵਿੱਚ ਤਾਪਮਾਨ 49.2 ਡਿਗਰੀ ਸੈਲਸੀਅਸ ਨੂੰ ਛੂਹ ਗਿਆ ਜਦਕਿ ਨਜਫਗੜ੍ਹ ਦੇ ਦੱਖਣ-ਪੱਛਮੀ ਹਿੱਸੇ ਵਿੱਚ ਤਾਪਮਾਨ 49.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਅਨੁਸਾਰ ਸਪੋਰਟਸ ਕੰਪਲੈਕਸ ਵਿੱਚ ਪਾਰਾ 48.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਜ਼ਫਰਪੁਰ, ਪੀਤਮਪੁਰਾ ਤੇ ਰਿੱਜ ਵਿੱਚ ਤਾਪਮਾਨ ਕ੍ਰਮਵਾਰ 47.5 ਡਿਗਰੀ, 47.3 ਡਿਗਰੀ ਤੇ 47.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਦਿੱਲੀ 'ਚ ਵੱਧ ਤੋਂ ਵੱਧ ਤਾਪਮਾਨ 45.6 ਡਿਗਰੀ ਸੈਲਸੀਅਸ ਦਰਜ ਕੀਤਾ, ਜੋ ਆਮ ਨਾਲੋਂ ਪੰਜ ਡਿਗਰੀ ਵੱਧ ਹੈ। ਇਹ ਇਸ ਸਾਲ ਹੁਣ ਤੱਕ ਦਾ ਸਭ ਤੋਂ ਵੱਧ ਤਾਪਮਾਨ ਹੈ।

ਇਸ ਦੇ ਨਾਲ ਹੀ ਪੰਜਾਬ ਦੇ ਮੁਕਤਸਰ ਵਿੱਚ ਦਿਨ ਦਾ ਤਾਪਮਾਨ 47.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਰਾਜਧਾਨੀ ਚੰਡੀਗੜ੍ਹ ਵਿੱਚ ਵੀ ਲੋਕਾਂ ਨੂੰ ਭਿਆਨਕ ਗਰਮੀ ਦਾ ਸਾਹਮਣਾ ਕਰਨਾ ਪਿਆ। ਜਿੱਥੇ ਵੱਧ ਤੋਂ ਵੱਧ ਤਾਪਮਾਨ 43 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਪੰਜਾਬ ਵਿੱਚ ਗਰਮੀ ਦਾ ਮੌਸਮ
ਪੰਜਾਬ ਦੇ ਬਠਿੰਡਾ ਵਿੱਚ ਵੱਧ ਤੋਂ ਵੱਧ ਤਾਪਮਾਨ 46.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜਦੋਂਕਿ ਅੰਮ੍ਰਿਤਸਰ ਵਿੱਚ ਵੱਧ ਤੋਂ ਵੱਧ ਤਾਪਮਾਨ 46.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 45.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜਦਕਿ ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 44.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਜਲੰਧਰ ਤੇ ਹੁਸ਼ਿਆਰਪੁਰ ਦਾ ਵੱਧ ਤੋਂ ਵੱਧ ਤਾਪਮਾਨ ਕ੍ਰਮਵਾਰ 46.2 ਡਿਗਰੀ ਸੈਲਸੀਅਸ ਅਤੇ 46.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੋਗਾ ਦਾ ਵੱਧ ਤੋਂ ਵੱਧ ਤਾਪਮਾਨ 46.1 ਡਿਗਰੀ ਸੈਲਸੀਅਸ ਅਤੇ ਫ਼ਿਰੋਜ਼ਪੁਰ ਦਾ ਵੱਧ ਤੋਂ ਵੱਧ ਤਾਪਮਾਨ 46.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਇਸ ਦੌਰਾਨ ਮੌਸਮ ਵਿਭਾਗ ਨੇ ਮੰਗਲਵਾਰ ਨੂੰ ਕੜਾਕੇ ਦੀ ਗਰਮੀ ਤੋਂ ਕੁਝ ਰਾਹਤ ਮਿਲਣ ਦੀ ਭਵਿੱਖਬਾਣੀ ਕੀਤੀ ਹੈ। ਵਿਭਾਗ ਨੇ ਕਿਹਾ ਕਿ ਅਗਲੇ 24 ਘੰਟਿਆਂ ਦੌਰਾਨ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ ਜਦਕਿ ਅਗਲੇ 48 ਘੰਟਿਆਂ ਦੌਰਾਨ ਵੱਖ-ਵੱਖ ਥਾਵਾਂ 'ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।