ਨਵੀਂ ਦਿੱਲੀ : ਰਾਜਧਾਨੀ ਦਿੱਲੀ ਸਮੇਤ ਉੱਤਰੀ ਭਾਰਤ ਦੇ ਲੋਕਾਂ ਨੂੰ ਆਖਰਕਾਰ ਭਿਆਨਕ ਗਰਮੀ ਤੋਂ ਰਾਹਤ ਮਿਲੀ ਹੈ। ਭਾਰਤੀ ਮੌਸਮ ਵਿਭਾਗ (IMD) ਦੇ ਅਧਿਕਾਰੀਆਂ ਨੇ ਦੱਸਿਆ ਕਿ ਸ਼ਨੀਵਾਰ ਨੂੰ ਹਰਿਆਣਾ, ਪੰਜਾਬ, ਦਿੱਲੀ ਅਤੇ ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਦੇ ਕਈ ਇਲਾਕਿਆਂ ਵਿੱਚ ਤੇਜ਼ ਹਨੇਰੀ ਨਾਲ ਮੀਂਹ ਪਿਆ। ਇਸ ਦੌਰਾਨ ਦਿੱਲੀ ਵਿੱਚ ਵੱਧ ਤੋਂ ਵੱਧ ਤਾਪਮਾਨ 42.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਘੱਟੋ-ਘੱਟ ਤਾਪਮਾਨ 29 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਆਈਐਮਡੀ ਦੇ ਅਨੁਸਾਰ ਅਗਲੇ ਇੱਕ ਤੋਂ ਦੋ ਦਿਨਾਂ ਤੱਕ ਅੰਸ਼ਕ ਤੌਰ 'ਤੇ ਬੱਦਲਵਾਈ ਅਤੇ ਬੂੰਦਾ-ਬਾਂਦੀ ਦੇ ਨਾਲ ਪਾਰਾ ਕੰਟਰੋਲ ਵਿੱਚ ਰਹਿਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਦੇ ਅਨੁਸਾਰ ਦਿੱਲੀ-ਰਾਸ਼ਟਰੀ ਰਾਜਧਾਨੀ ਖੇਤਰ ਅਤੇ ਆਸ-ਪਾਸ ਦੇ ਖੇਤਰਾਂ ਵਿੱਚ 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫਤਾਰ ਨਾਲ ਤੂਫਾਨ, ਧੂੜ ਭਰੀ ਹਨੇਰੀ ਜਾਂ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਸਕਾਈਮੇਟ ਵੈਦਰ ਦੀ ਰਿਪੋਰਟ ਮੁਤਾਬਕ ਦਿੱਲੀ ਅਤੇ ਰਾਸ਼ਟਰੀ ਰਾਜਧਾਨੀ ਖੇਤਰ 'ਚ ਅੱਜ ਤੋਂ ਮੌਨਸੂਨ ਤੋਂ ਪਹਿਲਾਂ ਦੀ ਬਾਰਸ਼ ਤੇਜ਼ ਹੋ ਸਕਦੀ ਹੈ ਅਤੇ ਇਹ ਸਥਿਤੀ 24 ਮਈ ਤੱਕ ਜਾਰੀ ਰਹਿ ਸਕਦੀ ਹੈ। ਇਸ ਕਾਰਨ ਦਿੱਲੀ ਅਤੇ ਰਾਸ਼ਟਰੀ ਰਾਜਧਾਨੀ ਖੇਤਰ 'ਚ ਤਾਪਮਾਨ 'ਚ ਕੁਝ ਗਿਰਾਵਟ ਆ ਸਕਦੀ ਹੈ।
ਇਨ੍ਹਾਂ ਰਾਜਾਂ 'ਚ ਮੀਂਹ ਦਾ ਅਲਰਟ
ਸਕਾਈਮੇਟ ਵੇਦਰ ਦੀ ਇੱਕ ਰਿਪੋਰਟ ਦੇ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਕੇਰਲ, ਬਿਹਾਰ ਦੇ ਪੂਰਬੀ ਹਿੱਸਿਆਂ, ਸਿੱਕਮ ਅਤੇ ਪੱਛਮੀ ਅਸਾਮ ਵਿੱਚ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ ਹੈ ਅਤੇ ਕੁੱਝ ਥਾਵਾਂ 'ਤੇ ਭਾਰੀ ਬਾਰਿਸ਼ ਵੀ ਹੋਈ ਹੈ। ਇਸ ਦੇ ਨਾਲ ਹੀ ਹਿਮਾਚਲ ਪ੍ਰਦੇਸ਼, ਦੱਖਣ-ਪੱਛਮੀ ਉੱਤਰ ਪ੍ਰਦੇਸ਼ ਅਤੇ ਉੱਤਰ-ਪੂਰਬੀ ਮੱਧ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਗਰਮੀ ਦੀ ਲਹਿਰ ਚੱਲ ਰਹੀ ਹੈ। ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਅਗਲੇ 24 ਘੰਟਿਆਂ ਦੌਰਾਨ ਮੇਘਾਲਿਆ, ਅਸਾਮ ਦੇ ਪੱਛਮੀ ਹਿੱਸਿਆਂ, ਸਿੱਕਮ, ਕੇਰਲ ਅਤੇ ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ ਦੇ ਵੱਖ-ਵੱਖ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
ਪੱਛਮੀ ਬੰਗਾਲ ਵਿੱਚ ਮੀਂਹ ਕਾਰਨ ਚਾਰ ਲੋਕਾਂ ਦੀ ਮੌਤ
ਰਾਜ ਆਫ਼ਤ ਪ੍ਰਬੰਧਨ ਦੇ ਇੱਕ ਸੀਨੀਅਰ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਪੂਰਬੀ ਬਰਧਮਾਨ ਜ਼ਿਲ੍ਹੇ ਵਿੱਚ ਇੱਕ ਵਿਅਕਤੀ ਦੀ ਕੰਧ ਡਿੱਗਣ ਕਾਰਨ ਮੌਤ ਹੋ ਗਈ, ਜਦਕਿ ਨਾਦੀਆ ਜ਼ਿਲ੍ਹੇ ਵਿੱਚ ਇੱਕ ਹੋਰ ਵਿਅਕਤੀ ਦੀ ਬਿਜਲੀ ਡਿੱਗਣ ਕਾਰਨ ਮੌਤ ਹੋ ਗਈ। ਪੁਲਿਸ ਨੇ ਦੱਸਿਆ ਕਿ ਕਾਲ ਵਿਸਾਖੀ ਮੌਕੇ ਰਵਿੰਦਰ ਸਰੋਵਰ ਝੀਲ ਵਿੱਚ ਕਿਸ਼ਤੀ ਪਲਟਣ ਕਾਰਨ ਦੋ ਲੜਕਿਆਂ ਦੀ ਮੌਤ ਹੋ ਗਈ। ਆਫਤ ਪ੍ਰਬੰਧਨ ਮੰਤਰੀ ਜਾਵੇਦ ਅਹਿਮਦ ਖਾਨ ਨੇ ਕਿਹਾ ਕਿ ਕੋਲਕਾਤਾ 'ਚ ਤੇਜ਼ ਤੂਫਾਨ ਕਾਰਨ ਕਈ ਦਰੱਖਤ ਉਖੜ ਗਏ, ਜਿਸ ਨਾਲ ਆਵਾਜਾਈ ਪ੍ਰਭਾਵਿਤ ਹੋਈ।